- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਬਣਨ ’ਤੇ ਦਰਸ਼ਨ ਸਿੰਘ ਮੋਠਾਂਵਾਲਾ ਦਾ ਸਨਮਾਨ
-ਭਾਈ ਮਹਾ ਸਿੰਘ ਖਾਲਸਾ ਪਬਲਿਕ ਸਕੂਲ ਵੱਲੋਂ ਸਿਰੋਪਾਓ ਤੇ ਯਾਦਚਿੰਨ੍ਹ ਭੇਟ ਕਰ ਕੇ ਕੀਤਾ ਸਨਮਾਨਿਤ
ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਐਗਜ਼ੈਕਟਿਵ ਕਮੇਟੀ ਮੈਂਬਰ ਚੁਣੇ ਗਏ ਸ. ਦਰਸ਼ਨ ਸਿੰਘ ਮੋਠਾਂਵਾਲਾ ਦਾ ਭਾਈ ਮਹਾ ਸਿੰਘ ਖਾਲਸਾ ਪਬਲਿਕ ਸਕੂਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਧਾਰਮਿਕ, ਸਮਾਜਿਕ ਤੇ ਲੋਕ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਦਰਸ਼ਨ ਸਿੰਘ ਮੋਠਾਂਵਾਲਾ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਸ ਦੇ ਨਾਲ ਹੀ ਉਹ ਇਲਾਕੇ ਵਿੱਚ ਸਿੱਖ ਧਰਮ ਦੇ ਪ੍ਰਚਾਰ ਤੇ ਗੁਰੂਘਰਾਂ ਦੀ ਸੇਵਾ ਲਈ ਵੀ ਲਗਾਤਾਰ ਯਤਨਸ਼ੀਲ ਹਨ।
ਉਨ੍ਹਾਂ ਵੱਲੋਂ ਲੋੜਵੰਦ ਮਰੀਜ਼ਾਂ ਦੇ ਇਲਾਜ ’ਚ ਸਹਾਇਤਾ, ਗ੍ਰੰਥੀ ਸਿੰਘਾਂ ਦੀ ਮਦਦ, ਬੇਰੁਜ਼ਗਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵਿੱਚ ਰੁਜ਼ਗਾਰ ਦਿਵਾਉਣ ਅਤੇ ਗੁਰੂ ਘਰਾਂ ਨੂੰ ਦਰੀਆਂ, ਚੰਦੋਆ ਸਾਹਿਬ ਅਤੇ ਭਾਂਡੇ ਆਦਿ ਮੁਹੱਈਆ ਕਰਵਾਉਣ ਵਰਗੇ ਸੇਵਾ ਕਾਰਜ ਨਿਸ਼ਕਾਮ ਭਾਵਨਾ ਨਾਲ ਕੀਤੇ ਜਾਂਦੇ ਰਹੇ ਹਨ। ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਕਿਹਾ ਕਿ ਦਰਸ਼ਨ ਸਿੰਘ ਮੋਠਾਂਵਾਲਾ ਦੀਆਂ ਧਾਰਮਿਕ, ਸਮਾਜਿਕ ਅਤੇ ਲੋਕ ਸੇਵਾ ਪ੍ਰਤੀ ਸਮਰਪਿਤ ਕੋਸ਼ਿਸ਼ਾਂ ਸਮਾਜ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦਾ ਸਨਮਾਨ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਦਰਸ਼ਨ ਸਿੰਘ ਮੋਠਾਂਵਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਵਿੱਚ ਚੁਣੇ ਜਾਣ ਨਾਲ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਿਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਭਵਿੱਖ ਵਿੱਚ ਵੀ ਸਿੱਖ ਧਰਮ, ਗੁਰੂ ਘਰਾਂ ਅਤੇ ਲੋੜਵੰਦ ਲੋਕਾਂ ਦੀ ਸੇਵਾ ਇਸੇ ਤਰ੍ਹਾਂ ਜਾਰੀ ਰੱਖਣਗੇ। ਸਨਮਾਨ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਦਰਸ਼ਨ ਸਿੰਘ ਮੋਠਾਂਵਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ।