ਕ੍ਰਿਸ਼ਨ ਸਿੰਘ, ਫ਼ਾਜ਼ਿਲਕਾ : ਸ਼ੂਗਰ ਮਿੱਲ ਫ਼ਾਜ਼ਿਲਕਾ ਦੇ ਮੁਲਾਜ਼ਮਾਂ ਅਤੇ ਰਿਟਾਇਰਮੈਂਟ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹੇਤ ਰਾਮ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦਾ ਸਾਲ 2020 ਤੋਂ ਲਗਭੱਗ 18 ਕਰੋੜ ਰੁਪਏ ਡਿਓ ਬਕਾਇਆ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ। ਇਸ ਮੌਕੇ ਰਿਟਾਇਰਮੈਂਟ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਵੇਦ ਪ੍ਰਕਾਸ਼ ਨੇ ਕਿਹਾ ਕਿ ਉਨਾਂ੍ਹ ਵਿੱਚੋਂ ਰਿਟਾਇਰਮੈਂਟ ਹੋਏ ਕਰੀਬ 10 ਮੁਲਾਜ਼ਮਾਂ ਦੀ ਮੌਤ ਵੀ ਹੋ ਚੁੱਕੀ ਹੈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਕੋਈ ਪੈਸਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਸ ਬਾਰੇ ਕਈ ਵਾਰੀ ਸਬੰਧਿਤ ਅਧਿਕਾਰੀਆਂ ਅਤੇ ਇਲਾਕੇ ਦੇ ਵਿਧਾਇਕਾਂ ਤੋਂ ਇਲਾਵਾ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚ ਵੀ ਕੀਤੀ ਗਈ, ਪਰ ਅੱਜ ਤਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਇਹ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਉਨਾਂ੍ਹ ਦੀ ਮੰਗ ਪੂਰੀ ਨਹੀਂ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਉਹ ਰੋਡ ਜਾਮ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਰੀ ਜ਼ਿੰਮੇਵਾਰੀ ਮਿੱਲ ਪ੍ਰਬੰਧਕਾਂ ਤੇ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ ਜਦੋਂ ਸ਼ੂਗਰ ਮਿੱਲ ਫ਼ਾਜ਼ਿਲਕਾ ਦੇ ਜੀਐਮ ਏਕੇ ਤਿਵਾੜੀ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ੍ਹ ਕਿਹਾ ਕਿ ਉਨ੍ਹਾਂ ਵੱਲੋਂ ਸਾਰਿਆਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਵਾਨ ਹੋਣ ਤੇ ਜਲਦੀ ਹੀ ਸਾਰੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਹੋ ਜਾਣਗੀਆਂ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹੇਤ ਰਾਮ ਤੋਂ ਇਲਾਵਾ ਸਕੱਤਰ ਜਤਿੰਦਰ, ਵਾਈਸ ਪ੍ਰਧਾਨ ਸਲਿੰਦਰ ਪਾਲ, ਕੈਸ਼ੀਅਰ ਰਾਕੇਸ਼ ਨਾਗਪਾਲ, ਜੁਆਇੰਟ ਸਕੱਤਰ ਭੁਪਿੰਦਰ ਅਤੇ ਹੋਰ ਮੁਲਾਜ਼ਮ ਅਤੇ ਰਿਟਾਇਰਮੈਂਟ ਮੁਲਾਜ਼ਮ ਹਾਜ਼ਰ ਸਨ।