
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਲਾਲਾਬਾਦ ਦੀ ਅਨਾਜ ਮੰਡੀ ’ਚ ਮੀਟਿੰਗ ਕਰਕੇ ਹੱਕੀ ਮੰਗਾਂ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਅੰਗਹੀਣ।
ਬੰਪਲ ਬਠੇਜਾ.ਪੰਜਾਬੀ ਜਾਗਰਣ
ਜਲਾਲਾਬਾਦ : ਪੰਜਾਬ ਸਰਕਾਰ ਵੱਲੋਂ ਅੰਗਹੀਣ ਵਰਗ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਹੁਣ ਅੰਗਹੀਣ ਵਰਗ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲੈ ਕੇ ਅੰਗਹੀਣਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚੱਲਦਿਆਂ ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਅੰਗਹੀਣ ਵਰਗ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਸ਼ਹਿਰ ਅਤੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਅੰਗਹੀਣਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ’ਚ ਸੁਖਰਾਜ ਸਿੰਘ, ਕ੍ਰਿਸ਼ਨ ਟਿਵਾਣਾ, ਮੰਗਲ ਸਿੰਘ, ਪਰਮਜੀਤ ਬਲੇਲ ਕੇ, ਪੂਰਨ ਸਿੰਘ ਫਲੀਆਂ ਵਾਲਾ, ਰਾਜ ਸਿੰਘ ਸੰਤੋਖ ਸਿੰਘ ਵਾਲਾ ਅਤੇ ਵਿੱਕੀ ਵਾਲੀਆ ਪਾਲੀ ਵਾਲਾ , ਰਮਨ ਚੱਕ ਸੋਤਰੀਆ ਬੰਦੀ ਵਾਲਾ ਆਦਿ ਨੌਜ਼ਵਾਨਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਅੰਗਹੀਣ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਇਨ੍ਹਾਂ ਵਿੱਚ ਅੰਗਹੀਣਾਂ ਦੀ ਮਹੀਨਾਵਾਰੀ ਪੈਨਸ਼ਨ ਰਾਸ਼ੀ 2500 ਰੁਪਏ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਸਾਢੇ 4 ਸਾਲਾਂ ਦੇ ਕਾਰਜਕਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅੰਗਹੀਣ ਵਰਗ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਪਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਅੰਗਹੀਣਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਇਸ ਵਰਗ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅੰਗਹੀਣਾਂ ਨਾਲ ਕੀਤੇ ਵਾਅਦੇ ਹੁਣ ਸਰਕਾਰ ਨੂੰ ਯਾਦ ਕਰਵਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅੰਗਹੀਣ ਵਰਗ ਦੀਆਂ ਹੱਕੀ ਮੰਗਾਂ ਪ੍ਰਤੀ ਇਸੇ ਤਰ੍ਹਾਂ ਅੱਖਾਂ ਬੰਦ ਕਰਕੇ ਬੈਠੀ ਰਹੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ 12 ਸਤੰਬਰ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਜੱਦੀ ਹਲਕੇ ਮਲੋਟ ਵਿਖੇ ਉਨ੍ਹਾਂ ਦੇ ਘਰ ਅੱਗੇ ਅੰਗਹੀਣਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਰਾਹੀਂ ਸਰਕਾਰ ਨੂੰ ਅੰਗਹੀਣ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਦੌਰਾਨ ਅੰਗਹੀਣ ਵਰਗ ਨੂੰ ਸੱਦਾ ਦਿੱਤਾ ਕਿ 12 ਸਤੰਬਰ ਦੇ ਮਲੋਟ ਰੋਸ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਵੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਗਲੇ ਪੜਾਅ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।