25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਭਰੇ ਜਾਣਗੇ ਗਣਨਾ ਫਾਰਮ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ
Publish Date: Mon, 18 May 2026 05:14 PM (IST)
Updated Date: Mon, 18 May 2026 05:15 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ: ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੀਐਲਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰੇ ਜਾਣਗੇ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਵੀ ਇਸੇ ਸਮੇਂ ਦੌਰਾਨ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ, ਜਦਕਿ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਤੇ 1 ਅਕਤੂਬਰ 2026 ਨੂੰ ਅਪਡੇਟਿਡ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ।ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਰਵੀਜ਼ਨ ਦੌਰਾਨ ਬੀਐਲਓਜ਼ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਵਿੱਚ ਕਾਂਗਰਸ ਵੱਲੋਂ ਕ੍ਰਿਸ਼ਨ ਕੁਮਾਰ ਸੇਠੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਮੀਤ ਸਿੰਘ, ਆਮ ਆਦਮੀ ਪਾਰਟੀ ਵੱਲੋਂ ਬੂਟਾ ਰਾਮ ਕੰਬੋਜ ਅਤੇ ਭਾਜਪਾ ਵੱਲੋਂ ਸੁਬੋਧ ਵਰਮਾ ਹਾਜ਼ਰ ਰਹੇ।