ਜ਼ਿਲ੍ਹੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜ਼ਿਲ੍ਹੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Publish Date: Fri, 06 Mar 2026 05:55 PM (IST)
Updated Date: Fri, 06 Mar 2026 05:57 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2026 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਵਿਚ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜਨ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆ ਦੀ ਸਰੁੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਇਨਾਂ ਹੁਕਮਾਂ ਦੀ ਉਲੰਘਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਜ਼ਿਲ੍ਹਾ ਮੁੱਖੀ ਦੀ ਜਿਮੇਵਾਰੀ ਫਿਕਸ ਕੀਤੀ ਜਾਵੇਗੀ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਪਾਣੀ ਦੀਆਂ ਟੈਂਕੀਆਂ ਜਾਂ ਵੱਖ-ਵੱਖ ਸਰਕਾਰੀ ਇਮਾਰਤਾਂ ਤੇ ਚੜ੍ਹ ਕੇ ਆਪਣੇ ਆਪ ਨੂੰ ਜਾ ਆਮ ਪਬਲਿਕ/ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ ਸ਼ਰਾਰਤੀ ਅਨਸਰਾ ਵੱਲੋਂ ਟੈਂਕੀਆ ਤੇ ਚੜ੍ਹ ਕੇ ਪੀਣ ਵਾਲੇ ਪਾਣੀ ਵਿੱਚ ਕੋਈ ਜ਼ਹਿਰੀਲੀ/ਖਤਰਨਾਕ ਵਸਤੂ ਸੁੱਟ ਕੇ ਆਮ ਪਬਲਿਕ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਪਾਣੀ ਦੀਆਂ ਟੈਂਕੀਆਂ ਤੇ ਚੜ੍ਹ ਕੇ ਜਾ ਅਜਿਹੀਆਂ ਥਾਵਾਂ ਤੇ ਚੜ੍ਹ ਕੇ ਭੰਨ ਤੋੜ ਕੀਤੀ ਜਾ ਸਕਦੀ ਹੈ ਅਤੇ ਕਿਸੇ ਗੈਰ ਕਾਨੂੰਨੀ ਕਾਰਵਾਈ ਜਾ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਨਾਂ ਹੁਕਮਾਂ ਦੀ ਉਲੰਘਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਜ਼ਿਲ੍ਹਾ ਮੁੱਖੀ ਦੀ ਜਿਮੇਵਾਰੀ ਫਿਕਸ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਜਰੂਰ ਕਰਵਾਉਣ। ਜ਼ਿਲ੍ਹੇ ਅੰਦਰ ਕੌਮਾਂਤਰੀ ਸਰਹੱਦ ਨੇੜੇ ਉੱਚੀਆ ਵੱਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਵਰਤੋਂ / ਬਣਾਉਣ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫਾਫੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ *ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ। ਪਾਬੰਦੀਸ਼ੁਦਾ ਕੈਪਸੂਲਾਂ/ਟੇਬਲੇਟਸ ਦੀ ਵਿਕਰੀ ਤੇ ਰੋਕ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973, ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ਤੇ ਸਟਾਕ ਕਰਨ ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੇਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 30 ਅਪ੍ਰੈਲ 2026 ਤੱਕ ਲਾਗੂ ਰਹੇਗੀ ।ਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।