ਜ਼ਿਲ੍ਹਾ ਪੁਲਿਸ ਮੁਖੀ ਨੇ ਜਨਗਣਨਾ ਟ੍ਰੇਨਿੰਗ ’ਚ ਲਿਆ ਹਿੱਸਾ ਜ਼ਿਲ੍ਹਾ ਪੁਲਿਸ ਮੁਖੀ ਨੇ ਜਨਗਣਨਾ-2027 ਦੀ ਟ੍ਰੇਨਿੰਗ ਵਿੱਚ ਕੀਤੀ ਸ਼ਮੂਲੀਅਤ
Publish Date: Wed, 25 Nov 2026 03:34 PM (IST)
Updated Date: Wed, 25 Nov 2026 03:37 PM (IST)
ਕਪਿਲ ਜਸੂਜਾ. ਪੰਜਾਬੀ ਜਾਗਰਣ,ਫਾਜ਼ਿਲਕਾ : ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਖ਼ੁਦ ਆਪਣੀ ਸਵੈ-ਗਣਨਾ (ਸੈਲਫ ਐਨਿਊਮੇਰੇਸ਼ਨ) ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਥਾਣਿਆਂ ਤੋਂ ਪੁਲਿਸ ਕਰਮਚਾਰੀਆਂ ਨੇ ਟ੍ਰੇਨਿੰਗ ਵਿੱਚ ਭਾਗ ਲਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਪੁਲਿਸ ਕਰਮਚਾਰੀ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੇ ਘਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾਂ ਕਰਵਾਉਣ ਤੋਂ ਬਾਅਦ ਇੱਕ ਸਵੈ-ਗਣਨਾ ਆਈਡੀ ਜਾਰੀ ਕੀਤੀ ਜਾਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ। ਬਾਅਦ ਵਿੱਚ ਜਦੋਂ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ ਤਾਂ ਇਹ ਆਈਡੀ ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਲੈਣ ਅਤੇ ਆਪਣੇ ਪਰਿਵਾਰ, ਘਰ ਤੇ ਹੋਰ ਸਬੰਧਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰ ਪੁਲਿਸ ਕਰਮਚਾਰੀ ਦੀ ਇਸ ਪ੍ਰਕਿਰਿਆ ਵਿੱਚ ਸ਼ਮੂਲੀਅਤ ਜਨਗਣਨਾ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।ਇਸ ਮੌਕੇ ਸੈਂਸਸ ਸੈੱਲ ਦੇ ਇੰਚਾਰਜ ਸੁਰਿੰਦਰ ਪਾਲ ਅਤੇ ਅਮਨਦੀਪ ਗਿਰਧਰ ਵੀ ਮੌਜੂਦ ਸਨ।