ਸਿਹਤ ਯੋਜਨਾ ਦੀ ਰਜਿਸਟਰੇਸ਼ਨ 'ਚ ਤੇਜ਼ੀ ਲਿਆਉਣ ਦੀ ਹਦਾਇਤ
ਏ.ਐਨ.ਐਮ ਅਤੇ ਆਸ਼ਾ ਵਰਕਰਾਂ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਮੀਟਿੰਗ ਕੀਤੀ
Publish Date: Mon, 13 Apr 2026 06:47 PM (IST)
Updated Date: Mon, 13 Apr 2026 06:52 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਹਰ ਘਰ ਤੱਕ ਬਿਹਤਰ ਸਿਹਤ ਸੁਰੱਖਿਆ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਚ ਤੇਜ਼ੀ ਲਿਆਉਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ ਵਲੋਂ ਜਲਾਲਾਬਾਦ ਵਿਖੇ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਕਾਮਨ ਸਰਵਿਸ ਸੈਂਟਰਾਂ ਤੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਹ ਕਾਰਡ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਹਨਾਂ ਨੇ ਆਸ਼ਾ ਵਰਕਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਪ੍ਰੇਰਿਤ ਕਰਕੇ ਇਸ ਕਾਰਡ ਅਧੀਨ ਰਜਿਸਟਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ 14 ਤੋਂ 15 ਸਾਲ ਦੀ ਕੁੜੀਆਂ ਨੂੰ ਲੱਗਣ ਵਾਲੀ ਐਚਪੀਵੀ ਵੈਕਸੀਨੇਸ਼ਨ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਹਨਾਂ ਕਿਹਾ ਕਿ ਇਹ ਟੀਕਾ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ ਹੈ, ਇਸ ਲਈ ਬੱਚੀਆਂ ਦੇ ਮਾਪਿਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਮਨਬੀਰ ਸਿੰਘ ਅਤੇ ਬੀ.ਈ.ਈ ਦਿਵੇਸ਼ ਕੁਮਾਰ ਵੱਲੋਂ ਸਟਾਫ ਨੂੰ ਆਭਾ ਆਈਡੀ ਬਣਾਉਣ ਲਈ ਵੀ ਕਿਹਾ ਗਿਆ।