ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਨੇ ਸੰਗਤ ਨੂੰ ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼, ਸੰਗਤ ਨੂੰ ਵਾਤਾਵਰਣ ਸੰਭਾਲ ਦਾ ਦਿਵਾਇਆ ਸੰਕਲਪ
Publish Date: Mon, 09 Nov 2026 04:19 PM (IST)
Updated Date: Mon, 09 Nov 2026 04:20 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਫਾਜ਼ਿਲਕਾ ਸਥਿਤ ਆਸ਼ਰਮ ਵਿਖੇ ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਵਾਤਾਵਰਣ ਸੰਰਕਸ਼ਣ ਪ੍ਰਕਲਪ ਤਹਿਤ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਸਾਧਵੀ ਅਮਰਾ ਭਾਰਤੀ ਜੀ ਨੇ ਸੰਗਤ ਨੂੰ ਵਾਤਾਵਰਣ ਦੀ ਸੰਭਾਲ ਦਾ ਮਹੱਤਵ ਸਮਝਾਉਂਦਿਆਂ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਪਟਾਕਿਆਂ ਤੋਂ ਪਰਹੇਜ਼ ਕਰਕੇ ਗਰੀਨ ਦੀਵਾਲੀ ਮਨਾਉਣ ਦਾ ਸੰਕਲਪ ਦਿਵਾਇਆ। ਉਨ੍ਹਾਂ ਕਿਹਾ ਕਿ ਦੀਵਾਲੀ ਪ੍ਰਕਾਸ਼, ਪ੍ਰੇਮ, ਖੁਸ਼ੀਆਂ ਅਤੇ ਸਕਾਰਾਤਮਕਤਾ ਦਾ ਤਿਉਹਾਰ ਹੈ। ਇਸ ਨੂੰ ਮਨਾਉਣ ਦਾ ਅਸਲ ਉਦੇਸ਼ ਆਪਣੇ ਜੀਵਨ ਅਤੇ ਸਮਾਜ ਵਿੱਚ ਖੁਸ਼ੀਆਂ ਦਾ ਚਾਨਣ ਫੈਲਾਉਣਾ ਹੈ, ਨਾ ਕਿ ਪਟਾਕਿਆਂ ਅਤੇ ਪ੍ਰਦੂਸ਼ਣ ਰਾਹੀਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣਾ। ਉਨ੍ਹਾਂ ਕਿਹਾ ਕਿ ਅੱਜ ਹਵਾ ਪ੍ਰਦੂਸ਼ਣ, ਧੁਨੀ ਪ੍ਰਦੂਸ਼ਣ ਅਤੇ ਪਲਾਸਟਿਕ ਦਾ ਕੂੜਾ ਗੰਭੀਰ ਸਮੱਸਿਆ ਬਣ ਚੁੱਕੇ ਹਨ। ਇਸ ਲਈ ਹਰੇਕ ਵਿਅਕਤੀ ਨੂੰ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਇਸ ਮੌਕੇ ਸਾਧਵੀ ਕੀਰਤੀ ਭਾਰਤੀ ਜੀ ਨੇ ਵੀ ਸੰਗਤ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਹਰੀ ਦੀਵਾਲੀ ਦੀ ਸ਼ੁਰੂਆਤ ਆਪਣੇ ਘਰ ਤੋਂ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪਟਾਕੇ ਚਲਾਉਣ ਦੀ ਬਜਾਏ ਘਰਾਂ ਨੂੰ ਫੁੱਲਾਂ, ਰੰਗੋਲੀਆਂ, ਮਿੱਟੀ ਦੇ ਦੀਵਿਆਂ ਅਤੇ ਕੁਦਰਤੀ ਵਸਤੂਆਂ ਨਾਲ ਸਜਾਇਆ ਜਾਵੇ, ਜਿਸ ਨਾਲ ਦੀਵਾਲੀ ਨੂੰ ਸੁੰਦਰ ਅਤੇ ਯਾਦਗਾਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਵਿੱਚੋਂ ਨਿਕਲਣ ਵਾਲਾ ਧੂੰਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਬੱਚਿਆਂ, ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਪਸ਼ੂ-ਪੰਛੀਆਂ ਦੀ ਸਿਹਤ ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਇਸੇ ਤਰ੍ਹਾਂ ਪਲਾਸਟਿਕ ਦੀਆਂ ਸਜਾਵਟੀ ਵਸਤੂਆਂ ਦੀ ਥਾਂ ਕੁਦਰਤੀ ਅਤੇ ਮੁੜ ਵਰਤੋਂ ਯੋਗ ਸਮੱਗਰੀ ਅਪਣਾ ਕੇ ਪ੍ਰਦੂਸ਼ਣ ਨੂੰ ਘਟਾਇਆ ਜਾ ਸਕਦਾ ਹੈ। ਅੰਤ ਵਿੱਚ ਸਮਾਗਮ ਵਿੱਚ ਸ਼ਾਮਲ ਸੰਗਤ ਨੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖਣ, ਪਲਾਸਟਿਕ ਦੀ ਵਰਤੋਂ ਨਾ ਕਰਨ, ਪਟਾਕੇ ਨਾ ਚਲਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ।