ਨਸ਼ੇ ਨਾਲ ਹੋ ਰਹੀਆਂ ਮੌਤਾਂ ’ਤੇ CM ਦੀਆਂ ਟਿੱਪਣੀਆਂ ਸੰਵੇਦਨਹੀਣ, ਜਾਖੜ ਨੇ ਪੁਲਿਸ ਥਾਣਿਆਂ ’ਤੇ ਹਮਲਿਆਂ ਨੂੰ ਲੈ ਕੇ ਵੀ ਘੇਰਿਆ
ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਥਾਣਿਆਂ ਅਤੇ ਪੁਲਿਸ ਅਦਾਰਿਆਂ ’ਤੇ ਗ੍ਰੇਨੇਡ ਹਮਲੇ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਸਵਾਲ ਪੈਦਾ ਹੁੰਦਾ ਹੈ ਕਿ ਸਰਕਾਰ ਦਾ ਖੁਫੀਆ ਤੰਤਰ ਕੀ ਕਰ ਰਿਹਾ ਹੈ। ਜੇਕਰ ਪੁਲਿਸ ਅਤੇ ਖੁਫੀਆ ਏਜੰਸੀਆਂ ਅਪਰਾਧੀਆਂ ਦੀਆਂ ਗਤੀਵਿਧੀਆਂ ਦਾ ਸਮੇਂ ਸਿਰ ਪਤਾ ਨਹੀਂ ਲਗਾ ਸਕਦੀਆਂ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ।
Publish Date: Tue, 15 Sep 2026 03:30 PM (IST)
Updated Date: Tue, 15 Sep 2026 05:05 PM (IST)
ਭਾਰਤ ਭੂਸ਼ਣ ਸ਼ਰਮਾ. ਪੰਜਾਬੀ ਜਾਗਰਣ ਅਬੋਹਰ : ਪੰਜਾਬ 'ਚ ਨਸ਼ੇ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ। ਇੱਕ ਪਾਸੇ ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ 'ਚ ਫਸ ਰਹੀ ਹੈ, ਜਦਕਿ ਦੂਜੇ ਪਾਸੇ ਅਪਰਾਧਿਕ ਘਟਨਾਵਾਂ ਅਤੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ।
ਸੰਦੀਪ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ੇ ਨਾਲ ਹੋ ਰਹੀਆਂ ਮੌਤਾਂ ਸਬੰਧੀ ਬਿਆਨ ਦੇਣ ਤੋਂ ਪਹਿਲਾਂ ਉਨ੍ਹਾਂ ਪਰਿਵਾਰਾਂ ਦਾ ਦਰਦ ਸਮਝਣਾ ਚਾਹੀਦਾ ਹੈ, ਜਿਨ੍ਹਾਂ ਦੇ ਘਰਾਂ ਦੇ ਚਿਰਾਗ ਨਸ਼ੇ ਨੇ ਬੁਝਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਬੋਹਰ ਵਿੱਚ ਇੱਕ ਪਰਿਵਾਰ ਵੱਲੋਂ ਆਪਣੇ ਮ੍ਰਿਤਕ ਪੁੱਤਰ ਨੂੰ ਬਾਹਾਂ ਵਿੱਚ ਚੁੱਕੇ ਹੋਏ ਦੀ ਤਸਵੀਰ ਸਾਹਮਣੇ ਆਈ ਹੈ। ਇਹ ਸਿਰਫ਼ ਇੱਕ ਪਰਿਵਾਰ ਦਾ ਦਰਦ ਨਹੀਂ, ਸਗੋਂ ਪੰਜਾਬ ਦੇ ਉਨ੍ਹਾਂ ਅਣਗਿਣਤ ਪਰਿਵਾਰਾਂ ਦੀ ਪੀੜ ਹੈ, ਜੋ ਨਸ਼ੇ ਕਾਰਨ ਆਪਣੇ ਜੀਅ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਕੋਈ ਛੋਟਾ ਮੁੱਦਾ ਨਹੀਂ ਹੈ। ਇਹ ਪੰਜਾਬ ਦੇ ਘਰਾਂ ਨੂੰ ਉਜਾੜ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਪ੍ਰਭਾਵਿਤ ਕਰ ਰਿਹਾ ਹੈ। ਜੇਕਰ ਸਰਕਾਰ ਨਸ਼ੇ ਖ਼ਿਲਾਫ਼ ਸੱਚਮੁੱਚ ਗੰਭੀਰ ਹੈ ਤਾਂ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਨਜ਼ਰ ਆਉਣੀ ਚਾਹੀਦੀ ਹੈ, ਸਿਰਫ਼ ਬਿਆਨਾਂ ਅਤੇ ਪ੍ਰਚਾਰ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ।
ਪੁਲਿਸ ਥਾਣਿਆਂ ’ਤੇ ਹਮਲਿਆਂ ਨੂੰ ਲੈ ਕੇ ਵੀ ਘੇਰਿਆ
ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਥਾਣਿਆਂ ਅਤੇ ਪੁਲਿਸ ਅਦਾਰਿਆਂ ’ਤੇ ਗ੍ਰੇਨੇਡ ਹਮਲੇ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਸਵਾਲ ਪੈਦਾ ਹੁੰਦਾ ਹੈ ਕਿ ਸਰਕਾਰ ਦਾ ਖੁਫੀਆ ਤੰਤਰ ਕੀ ਕਰ ਰਿਹਾ ਹੈ। ਜੇਕਰ ਪੁਲਿਸ ਅਤੇ ਖੁਫੀਆ ਏਜੰਸੀਆਂ ਅਪਰਾਧੀਆਂ ਦੀਆਂ ਗਤੀਵਿਧੀਆਂ ਦਾ ਸਮੇਂ ਸਿਰ ਪਤਾ ਨਹੀਂ ਲਗਾ ਸਕਦੀਆਂ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਪੰਜਾਬ ਦੀ ਜਨਤਾ ਨੂੰ ਹੋਰ ਕਿੰਨਾ ਸਮਾਂ ਦਾਅਵਿਆਂ ਅਤੇ ਬਿਆਨਾਂ ਨਾਲ ਭਰਮਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣਾ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਬਹਾਲ ਕਰਨਾ ਹੋਣੀ ਚਾਹੀਦੀ ਹੈ, ਨਾ ਕਿ ਸਿਆਸਤ। ਜਾਖੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਖ਼ਿਲਾਫ਼ ਨਿਰਣਾਇਕ ਲੜਾਈ ਲੜਨ ਦੇ ਨਾਲ-ਨਾਲ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।