- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
29 ਐਨਡੀਪੀਐੱਸ ਮਾਮਲਿਆਂ ਦੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਨਸ਼ਟ, ਤਸਕਰਾਂ ਨੂੰ ਐੱਸ.ਐੱਸ.ਪੀ. ਦੀ ਸਖ਼ਤ ਚਿਤਾਵਨੀ

- ਕਿਹਾ, ਨਸ਼ੇ ਦਾ ਧੰਦਾ ਛੱਡ ਦਿਓ ਜਾਂ ਇਲਾਕਾ, ਨਹੀਂ ਤਾਂ ਸਲਾਖਾਂ ਪਿੱਛੇ ਹੋਵੇਗੀ ਥਾਂ
ਨਵਜੋਤ ਸਿੰਘ, ਪੰਜਾਬੀ ਜਾਗਰਣ
ਫਾਜ਼ਿਲਕਾ : ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਐੱਨਡੀਪੀਐੱਸ ਐਕਟ ਦੇ 29 ਮਾਮਲਿਆਂ ਵਿੱਚੋਂ ਬਰਾਮਦ ਕੀਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਨਸ਼ਟ ਕਰ ਦਿੱਤੇ। ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਹੈਰੋਇਨ, ਚੂਰਾ ਪੋਸਤ, ਹਰਾ ਪੋਸਤ, ਨਸ਼ੇ ਦੀਆਂ ਗੋਲੀਆਂ ਅਤੇ ਗਾਂਜਾ ਨੂੰ ਨਿਯਮਾਂ ਅਨੁਸਾਰ ਨਸ਼ਟ ਕੀਤਾ ਗਿਆ। ਐੱਸਐੱਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਵੱਲੋਂ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਸਗੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਡਰੱਗ ਡਿਸਪੋਜ਼ਲ ਕਮੇਟੀ ਦੀ ਮੌਜੂਦਗੀ ਵਿੱਚ ਐੱਨਡੀਪੀਐੱਸ ਐਕਟ ਦੇ 29 ਕੇਸਾਂ ਨਾਲ ਸਬੰਧਿਤ 4 ਕਿਲੋ 91 ਗ੍ਰਾਮ ਹੈਰੋਇਨ, 70 ਕਿਲੋ 800 ਗ੍ਰਾਮ ਚੂਰਾ ਪੋਸਤ, 33 ਕਿਲੋ 500 ਗ੍ਰਾਮ ਹਰਾ ਪੋਸਤ, 1,430 ਨਸ਼ੇ ਦੀਆਂ ਗੋਲੀਆਂ ਅਤੇ 767 ਗ੍ਰਾਮ ਗਾਂਜਾਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨੀ ਕਾਰਵਾਈ ਪੂਰੀ ਹੋਣ ਉਪਰੰਤ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਿਯਮਾਂ ਅਨੁਸਾਰ ਨਸ਼ਟ ਕੀਤਾ ਜਾਂਦਾ ਹੈ, ਤਾਂ ਜੋ ਇਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੁਰਵਰਤੋਂ ਨਾ ਹੋ ਸਕੇ।
ਐੱਸਐੱਸਪੀ ਨੇ ਕਿਹਾ ਕਿ ਫਾਜ਼ਿਲਕਾ ਪੁਲਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣਾ ਹੈ। ਇਸ ਲਈ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਡਰ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਐੱਸਐੱਸਪੀ ਗਗਨ ਅਜੀਤ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਲਹਿਜ਼ੇ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਲੋਕ ਅਜੇ ਵੀ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹਨ, ਉਹ ਜਾਂ ਤਾਂ ਇਹ ਧੰਦਾ ਛੱਡ ਦੇਣ ਜਾਂ ਫਿਰ ਇਲਾਕਾ ਛੱਡਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਅਸਲ ਥਾਂ ਸਿਰਫ਼ ਸਲਾਖਾਂ ਦੇ ਪਿੱਛੇ ਹੈ ਅਤੇ ਫਾਜ਼ਿਲਕਾ ਪੁਲਿਸ ਕਿਸੇ ਵੀ ਕੀਮਤ ’ਤੇ ਉਨ੍ਹਾਂ ਨੂੰ ਬਖ਼ਸ਼ਣ ਵਾਲੀ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਭਵਿੱਖ ਵਿੱਚ ਵੀ ਹੋਰ ਸਖ਼ਤੀ ਨਾਲ ਜਾਰੀ ਰਹੇਗੀ।