ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਫਾਜ਼ਿਲਕਾ ਜ਼ਿਲ੍ਹੇ ’ਚ ਥਾਂ-ਥਾਂ ’ਤੇ ਲੱਗੇ ਕੂੜੇ ਦੇ ਢੇਰ, ਦੁਕਾਨਦਾਰਾਂ ਤੇ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਫਾਜ਼ਿਲਕਾ ਜ਼ਿਲ੍ਹੇ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਦੁਕਾਨਦਾਰਾਂ ਤੇ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ
Publish Date: Thu, 16 Jul 2026 05:26 PM (IST)
Updated Date: Thu, 16 Jul 2026 05:28 PM (IST)
- ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨਾਲ ਫਾਜ਼ਿਲਕਾ ਗੰਦਗੀ ਦੀ ਲਪੇਟ ’ਚ, ਬਾਜ਼ਾਰਾਂ ਤੋਂ ਲੈ ਕੇ ਰਿਹਾਇਸ਼ੀ ਇਲਾਕਿਆਂ ਤੱਕ ਕੂੜੇ ਦੇ ਢੇਰ - ਕੂੜੇ ਦੇ ਢੇਰਾਂ ਕਾਰਨ ਬਦਬੂ ਅਤੇ ਬਿਮਾਰੀਆਂ ਦਾ ਖ਼ਤਰਾ ਵਧਿਆ, ਪ੍ਰਸ਼ਾਸਨ ਤੋਂ ਜਲਦ ਹੱਲ ਦੀ ਮੰਗ : ਅਰੁਣ ਵਧਵਾ - ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ, ਸਰਕਾਰ ਗੱਲਬਾਤ ਰਾਹੀਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰੇ : ਸੰਦੀਪ ਜਾਖੜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਾਜ਼ਿਲਕਾ : ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰੁਸ਼ਭਰੀਆਂ ਸੜਕਾਂ, ਰਿਹਾਇਸ਼ੀ ਕਾਲੋਨੀਆਂ ਅਤੇ ਜਨਤਕ ਥਾਵਾਂ ’ਤੇ ਕੂੜੇ ਅਤੇ ਗੰਦਗੀ ਦੇ ਢੇਰ ਲੱਗ ਗਏ ਹਨ। ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਬਦਬੂ ਫੈਲ ਰਹੀ ਹੈ, ਜਿਸ ਨਾਲ ਦੁਕਾਨਦਾਰਾਂ, ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰਾਂ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ, ਜਿਸ ਨਾਲ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਬਾਜ਼ਾਰਾਂ ਵਿੱਚ ਪਏ ਕੂੜੇ ਕਾਰਨ ਗਾਹਕਾਂ ਨੂੰ ਵੀ ਦਿੱਕਤ ਆ ਰਹੀ ਹੈ, ਜਿਸ ਦਾ ਸਿੱਧਾ ਅਸਰ ਵਪਾਰ ’ਤੇ ਪੈ ਰਿਹਾ ਹੈ। ਕਈ ਥਾਵਾਂ ਤੇ ਕੂੜਾ ਸੜਕਾਂ ਤੱਕ ਫੈਲਣ ਕਾਰਨ ਆਵਾਜਾਈ ਵਿੱਚ ਵੀ ਰੁਕਾਵਟ ਪੈਦਾ ਹੋ ਰਹੀ ਹੈ। - ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨਾਲ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ, ਗੰਦਗੀ ਤੋਂ ਲੋਕ ਪਰੇਸ਼ਾਨ : ਨਿਤਿਨ ਕਾਮਰਾ ਸਥਾਨਕ ਦੁਕਾਨਦਾਰ ਨਿਤਿਨ ਕਾਮਰਾ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪਿਛਲੇ ਕਈ ਦਿਨਾਂ ਤੋਂ ਦੁਕਾਨਾਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਹਨ। ਗੰਦਗੀ ਅਤੇ ਬਦਬੂ ਕਾਰਨ ਗਾਹਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਸਿੱਧਾ ਅਸਰ ਕਾਰੋਬਾਰ ’ਤੇ ਵੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੂੜਾ ਇਕੱਠਾ ਹੋਣ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਗਿਣਤੀ ਵਧ ਗਈ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਕਰ ਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਤੁਰੰਤ ਬਹਾਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ। - ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਕਰੇ ਸਰਕਾਰ, ਲੋਕ ਗੰਦਗੀ ਨਾਲ ਹੋ ਰਹੇ ਪਰੇਸ਼ਾਨ : ਅਰੁਣ ਵਧਵਾ ਭਾਜਪਾ ਆਗੂ ਅਤੇ ਸਮਾਜ ਸੇਵੀ ਅਰੁਣ ਵਧਵਾ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਫਾਜ਼ਿਲਕਾ ਸ਼ਹਿਰ ਵਿੱਚ ਗੰਦਗੀ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਲੱਗੇ ਕੂੜੇ ਦੇ ਢੇਰ ਨਾ ਸਿਰਫ਼ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ, ਸਗੋਂ ਜਨ ਸਿਹਤ ਲਈ ਵੀ ਵੱਡਾ ਖ਼ਤਰਾ ਪੈਦਾ ਕਰ ਰਹੇ ਹਨ। ਅਰੁਣ ਵਧਵਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਨੂੰ ਤਰਜੀਹ ਦੇ ਆਧਾਰ ’ਤੇ ਸੁਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੜਤਾਲ ਦਾ ਸਭ ਤੋਂ ਵੱਧ ਨੁਕਸਾਨ ਆਮ ਲੋਕਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਝੱਲਣਾ ਪੈ ਰਿਹਾ ਹੈ। ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ, ਤਾਂ ਜੋ ਹੜਤਾਲ ਖ਼ਤਮ ਹੋ ਸਕੇ ਅਤੇ ਸ਼ਹਿਰ ਵਿੱਚ ਸਫਾਈ ਵਿਵਸਥਾ ਮੁੜ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।ਉਨ੍ਹਾਂ ਨਾਲ ਹੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਹਾਲਾਤ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸਫਾਈ ਪ੍ਰਬੰਧ ਬਹਾਲ ਕੀਤੇ ਜਾਣ ਅਤੇ ਸ਼ਹਿਰ ਵਿੱਚ ਪਏ ਕੂੜੇ ਦੇ ਢੇਰ ਚੁੱਕ ਕੇ ਲੋਕਾਂ ਨੂੰ ਗੰਦਗੀ ਅਤੇ ਬਦਬੂ ਤੋਂ ਰਾਹਤ ਦਿੱਤੀ ਜਾਵੇ। - ਕੂੜੇ ਦੇ ਢੇਰਾਂ ਕਾਰਨ ਬਦਬੂ ਅਤੇ ਬਿਮਾਰੀਆਂ ਦਾ ਖ਼ਤਰਾ ਵਧਿਆ, ਪ੍ਰਸ਼ਾਸਨ ਜਲਦ ਹੱਲ ਕਰੇ : ਅਮਿਤ ਸਚਦੇਵਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪੈਦਾ ਹੋਏ ਗੰਦਗੀ ਦੇ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਸੇਵੀ ਅਮਿਤ ਸਚਦੇਵਾ ਨੇ ਕਿਹਾ ਕਿ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਥਾਵਾਂ ’ਤੇ ਕੂੜੇ ਦੇ ਢੇਰ ਲੱਗਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਿਤ ਸਚਦੇਵਾ ਨੇ ਕਿਹਾ ਕਿ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸ਼ਹਿਰ ਵਿੱਚ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ-ਮੱਛਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਫ਼ਾਈ ਨਾ ਕਰਵਾਈ ਗਈ ਤਾਂ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਹੜਤਾਲ ਖ਼ਤਮ ਹੋ ਸਕੇ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਮੁੜ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। - ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰੇ : ਵਿਧਾਇਕ ਸੰਦੀਪ ਜਾਖੜ ਵਿਧਾਇਕ ਸੰਦੀਪ ਜਾਖੜ ਨੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋਏ ਹਨ ਅਤੇ ਥਾਂ-ਥਾਂ ਕੂੜੇ ਦੇ ਢੇਰ ਲੱਗਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦਗੀ ਕਾਰਨ ਬਦਬੂ ਫੈਲ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਜਾ ਰਿਹਾ ਹੈ। ਸੰਦੀਪ ਜਾਖੜ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਤੁਰੰਤ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਹੜਤਾਲ ਖ਼ਤਮ ਹੋਵੇ ਅਤੇ ਸਫ਼ਾਈ ਪ੍ਰਬੰਧ ਮੁੜ ਸੁਚਾਰੂ ਢੰਗ ਨਾਲ ਚੱਲ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ ਇਸ ਮਾਮਲੇ ਵਿੱਚ ਬਿਨਾਂ ਦੇਰੀ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸ਼ਹਿਰਾਂ ਨੂੰ ਗੰਦਗੀ ਤੋਂ ਮੁਕਤ ਕਰ ਕੇ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਇਆ ਜਾ ਸਕੇ।