- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਤੇ ਅਬੋਹਰ ਨਗਰ ਨਿਗਮ ਮੇਅਰ ਦੀ ਚੋਣ ਅੱਜ

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ
ਫਾਜ਼ਿਲਕਾ : ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ ਹੋਵੇਗੀ। ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਦੋਵੇਂ ਸਥਾਨਾਂ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਚੋਣ ਪ੍ਰਕਿਰਿਆ ਦੌਰਾਨ ਹਰ ਗਤੀਵਿਧੀ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇਗੀ।
ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਨਗਰ ਕੌਂਸਲ ਦਫ਼ਤਰ ਵਿਖੇ ਹੋਵੇਗੀ, ਜਦਕਿ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਡਿਪਟੀ ਕਮਿਸ਼ਨਰ ਦਫ਼ਤਰ, ਫਾਜ਼ਿਲਕਾ ਵਿਖੇ ਕਰਵਾਈ ਜਾਵੇਗੀ। ਦੋਵੇਂ ਚੋਣ ਸਥਾਨਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਫੋਰਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਪੂਰੀ ਚੋਣ ਪ੍ਰਕਿਰਿਆ 'ਤੇ ਨਜ਼ਰ ਰੱਖੀ ਜਾਵੇਗੀ।
ਚੋਣਾਂ ਤੋਂ ਪਹਿਲਾਂ ਫਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਰੱਖਿਆ ਰਣਨੀਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਐਸਐਸਪੀ ਨੇ ਖੁਦ ਪੁਲਿਸ ਅਧਿਕਾਰੀਆਂ ਨਾਲ ਫਾਜ਼ਿਲਕਾ ਨਗਰ ਕੌਂਸਲ ਦਫ਼ਤਰ ਦਾ ਦੌਰਾ ਕਰਕੇ ਚੋਣ ਸਥਾਨ ਦਾ ਨਿਰੀਖਣ ਕੀਤਾ ਅਤੇ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ।
ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲਿਸ ਦੀ ਪਹਿਲੀ ਤਰਜੀਹ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣਾ ਹੈ। ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ-ਵਿਵਸਥਾ ਭੰਗ ਕਰਨ ਜਾਂ ਚੋਣ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਾਰੇ ਸਿਆਸੀ ਦਲਾਂ ਦੇ ਆਗੂਆਂ, ਕੌਂਸਲਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹੋਏ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਅਤੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ।
ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਅੱਜ ਫਾਜ਼ਿਲਕਾ ਪਹੁੰਚਣਗੇ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅੱਜ 21 ਜੁਲਾਈ ਨੂੰ ਫਾਜ਼ਿਲਕਾ ਪਹੁੰਚ ਰਹੇ ਹਨ। ਉਹ ਦੁਪਹਿਰ ਕਰੀਬ 12 ਵਜੇ ਅਬੋਹਰ ਨਗਰ ਨਿਗਮ ਦੇ 28 ਕੌਂਸਲਰਾਂ ਨਾਲ ਦਾਣਾ ਮੰਡੀ, ਫਾਜ਼ਿਲਕਾ ਵਿਖੇ ਦੁਕਾਨ ਨੰਬਰ 25 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।
ਸੁਨੀਲ ਜਾਖੜ ਦਾ ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਅੱਜ ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਹੋ ਰਹੀ ਹੈ। ਇਸ ਕਾਰਨ ਉਨ੍ਹਾਂ ਦੇ ਦੌਰੇ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਗਈਆਂ ਹਨ।