ਫਾਜ਼ਿਲਕਾ ’ਚ ਮੁਲਾਜ਼ਮਾਂ-ਪੈਨਸ਼ਨਰਾਂ ਦੀ ਹੜਤਾਲ, ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਫਾਜ਼ਿਲਕਾ ਵਿੱਚ ਮੁਲਾਜ਼ਮਾਂ-ਪੈਨਸ਼ਨਰਾਂ ਦੀ ਹੜਤਾਲ, ਡੀਸੀ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
Publish Date: Wed, 21 Oct 2026 05:23 PM (IST)
Updated Date: Wed, 21 Oct 2026 05:24 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਇੱਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਦਫ਼ਤਰਾਂ ਅਤੇ ਸਕੂਲਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ। ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫਾਜ਼ਿਲਕਾ ਦੇ ਬੈਨਰ ਹੇਠ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ, ਆਊਟਸੋਰਸ ਮੁਲਾਜ਼ਮਾਂ ਅਤੇ ਮਾਣ-ਭੱਤੇ ’ਤੇ ਕੰਮ ਕਰਨ ਵਾਲੀਆਂ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਹ ਭਰਪੂਰ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਰੈਲੀ ਦੀ ਪ੍ਰਧਾਨਗੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਜ਼ਿਲ੍ਹਾ ਕਨਵੀਨਰਾਂ ਦਲਜੀਤ ਸਿੰਘ ਸਭਰਵਾਲ, ਸੁਖਦੇਵ ਚੰਦ ਕੰਬੋਜ, ਅਮਰਜੀਤ ਸਿੰਘ ਚਾਵਲਾ, ਮਹਿੰਦਰ ਕੋੜਿਆਂਵਾਲੀ, ਸਤਨਾਮ ਚੰਦ ਕੰਬੋਜ, ਪ੍ਰੇਮ ਕੁਮਾਰ ਅਤੇ ਬਿਮਲਾ ਦੇਵੀ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਸਟੇਜ ਦਾ ਸੰਚਾਲਨ ਅਮਰ ਕੰਬੋਜ, ਸੁਖਦੇਵ ਚੰਦ ਕੰਬੋਜ ਅਤੇ ਹਰਜਿੰਦਰ ਸਿੰਘ ਕਰਨਵਾਲ ਵੱਲੋਂ ਕੀਤਾ ਗਿਆ। ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਆਊਟਸੋਰਸ ਕਾਮਿਆਂ ਅਤੇ ਮਾਣ-ਭੱਤੇ ’ਤੇ ਕੰਮ ਕਰਨ ਵਾਲੀਆਂ ਵਰਕਰਾਂ ਦੀਆਂ ਮੰਗਾਂ ਦਾ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਮੰਗ ਕੀਤੀ ਕਿ ਕੇਂਦਰੀ ਪੈਟਰਨ ਅਨੁਸਾਰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਸਮੇਤ 18 ਫ਼ੀਸਦੀ ਡੀਏ ਜਾਰੀ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਪੈਨਸ਼ਨਰਾਂ ਲਈ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਲਾਗੂ ਕਰਨ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ, 17 ਜੁਲਾਈ 2020 ਦਾ ਪੱਤਰ ਰੱਦ ਕਰਨ ਅਤੇ ਬੱਝਵਾਂ ਮੈਡੀਕਲ ਭੱਤਾ ਵਧਾ ਕੇ 2,000 ਰੁਪਏ ਮਹੀਨਾ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਮਾਣ-ਭੱਤੇ ’ਤੇ ਕੰਮ ਕਰਨ ਵਾਲੀਆਂ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਕੇਰਲਾ ਪੈਟਰਨ ਅਨੁਸਾਰ ਦੇਣ ਦੀ ਮੰਗ ਵੀ ਉਠਾਈ। ਸਰਕਾਰ ਨੂੰ ਮੰਗਾਂ ਮੰਨਣ ਦੀ ਚਿਤਾਵਨੀ ਰੈਲੀ ਨੂੰ ਕੁਲਦੀਪ ਸਿੰਘ ਸਭਰਵਾਲ, ਪਰਮਜੀਤ ਸਿੰਘ ਸ਼ੋਰੇਵਾਲ, ਹਰਭਜਨ ਲਾਲ ਕੰਬੋਜ, ਦੁਪਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ, ਟਹਿਲ ਸਿੰਘ ਸੈਣੀ, ਰਾਜ ਕੰਵਰ ਦੀਵਾਨ, ਹਰੀਸ਼ ਚੰਦਰ ਕੰਬੋਜ, ਰਾਜ ਕੁਮਾਰ ਸਾਰਸਰ, ਬਲਵਿੰਦਰ ਸਿੰਘ, ਵੀਰ ਚੰਦ, ਓਮ ਪ੍ਰਕਾਸ਼, ਸੁਰਿੰਦਰ ਕੁਮਾਰ ਮਦਾਨ, ਸੁਖਦੇਵ ਚੰਦ ਕੰਬੋਜ, ਅਸ਼ੋਕ ਕੁਮਾਰ, ਅਮਰਜੀਤ ਸਿੰਘ ਚਾਵਲਾ ਅਤੇ ਹੋਰ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ, ਆਊਟਸੋਰਸ ਕਾਮਿਆਂ ਅਤੇ ਮਾਣ-ਭੱਤੇ ’ਤੇ ਕੰਮ ਕਰਨ ਵਾਲੀਆਂ ਵਰਕਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ ਵੱਲੋਂ ਉਲੀਕੇ ਜਾਣ ਵਾਲੇ ਸੰਘਰਸ਼ ਪ੍ਰੋਗਰਾਮਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੂਰੀ ਤਾਕਤ ਨਾਲ ਲਾਗੂ ਕੀਤਾ ਜਾਵੇਗਾ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਮੁਲਾਜ਼ਮਾਂ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਰੈਲੀ ਤੋਂ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡੀਸੀ ਦਫ਼ਤਰ ਤੋਂ ਗਾਂਧੀ ਚੌਕ ਬਾਜ਼ਾਰ ਤੱਕ ਰੋਸ ਮਾਰਚ ਕੀਤਾ ਅਤੇ ਮੁੜ ਡੀਸੀ ਦਫ਼ਤਰ ਦੇ ਗੇਟ ’ਤੇ ਪਹੁੰਚ ਕੇ ਪ੍ਰਦਰਸ਼ਨ ਸਮਾਪਤ ਕੀਤਾ।