ਆਈਟੀਆਈ ਦੀ ਜ਼ਮੀਨ ’ਤੇ ਕਬਜ਼ਾ ਬਰਦਾਸ਼ਤ ਨਹੀਂ : ਪੀਐੱਸਯੂ
ਆਈਟੀਆਈ ਦੀ ਜ਼ਮੀਨ ’ਤੇ ਕਬਜ਼ਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਪੀਐੱਸਯੂ
Publish Date: Wed, 09 Sep 2026 05:28 PM (IST)
Updated Date: Wed, 09 Sep 2026 05:28 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਸਰਕਾਰੀ ਆਈਟੀਆਈ ਫਾਜ਼ਿਲਕਾ ਦੀ ਜ਼ਮੀਨ ’ਤੇ ਕਥਿਤ ਕਬਜ਼ੇ ਅਤੇ ਕਬਜ਼ੇ ਦੀ ਕੋਸ਼ਿਸ਼ ਦੇ ਵਿਰੋਧ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਰੋਸ ਰੈਲੀ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਡੀਸੀ ਦਫ਼ਤਰ ਤੱਕ ਮਾਰਚ ਕਰਕੇ ਏਡੀਸੀ ਫਾਜ਼ਿਲਕਾ ਨੂੰ ਮੰਗ ਪੱਤਰ ਸੌਂਪਿਆ। ਵਿਦਿਆਰਥੀ ਆਗੂਆਂ ਨੇ ਦੋਸ਼ ਲਗਾਇਆ ਕਿ ਆਈਟੀਆਈ ਦੀ ਜ਼ਮੀਨ ’ਤੇ ਸਿਆਸੀ ਸ਼ਹਿ ਹੇਠ ਕਥਿਤ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਮੀਨ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੰਸਥਾ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਆਈਟੀਆਈ ਦੀ ਇਮਾਰਤ ਪੁਰਾਣੀ ਤੇ ਕਈ ਥਾਵਾਂ ਤੋਂ ਖਸਤਾ ਹਾਲਤ ਵਿੱਚ ਹੈ ਅਤੇ ਵਿਦਿਆਰਥੀਆਂ ਨੂੰ ਵਰਕਸ਼ਾਪ ਵਿੱਚ ਕਲਾਸਾਂ ਲਗਾਉਣੀਆਂ ਪੈਂਦੀਆਂ ਹਨ। ਇਸ ਮੌਕੇ ਪੀਐੱਸਯੂ ਆਗੂ ਧੀਰਜ ਫਾਜ਼ਿਲਕਾ, ਦਿਲਕਰਨ ਰਤਨਪੁਰਾ, ਕੁਲਵੰਤ ਮੁਹਾਰਸੋਨਾ, ਏਆਈਐੱਸਐੱਫ ਆਗੂ ਰਮਨ ਧਰਮੁਵਾਲਾ, ਸਟਾਲਿਨਜੀਤ ਸਿੰਘ, ਨੌਜਵਾਨ ਭਾਰਤ ਸਭਾ ਦੇ ਰਾਜਨ ਮੁਹਾਰਸੋਨਾ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਮੁੜ ਕਬਜ਼ੇ ਦੀ ਕੋਸ਼ਿਸ਼ ਹੋਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।