ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ’ਚ ਲਿਖੇ ਜਾਣਾ ਯਕੀਨੀ ਬਣਾਇਆ ਜਾਵੇ : ਡੀਸੀ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ’ਚ ਲਿਖੇ ਜਾਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
Publish Date: Wed, 16 Sep 2026 03:48 PM (IST)
Updated Date: Wed, 16 Sep 2026 03:50 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਦੇ ਬੋਰਡ, ਨੇਮ ਪਲੇਟਾਂ ਅਤੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ ਅਤੇ ਨਿਗਮਾਂ ਦੇ ਬੋਰਡ ਅਤੇ ਨੇਮ ਪਲੇਟਾਂ ਆਦਿ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਗੈਰ-ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ, ਸੜਕਾਂ ਦੇ ਨਾਮ, ਨਾਮ-ਪੱਟੀਆਂ, ਮੀਲ ਪੱਥਰ ਅਤੇ ਸਾਈਨ ਬੋਰਡ ਵੀ ਪੰਜਾਬੀ ਵਿੱਚ ਲਿਖੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੋਰਡ ਜਾਂ ਨਾਮ-ਪੱਟੀ ’ਤੇ ਕਿਸੇ ਹੋਰ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਪਹਿਲ ਦੇ ਕੇ ਸਭ ਤੋਂ ਉੱਪਰ ਜਾਂ ਪਹਿਲਾਂ ਲਿਖਿਆ ਜਾਵੇ ਅਤੇ ਇਸ ਤੋਂ ਬਾਅਦ ਦੂਜੀ ਭਾਸ਼ਾ ਵਿੱਚ ਜਾਣਕਾਰੀ ਦਰਜ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਸਦਰ ਦਫ਼ਤਰ ਫਾਜ਼ਿਲਕਾ ਅਧੀਨ ਆਉਂਦੀਆਂ ਸਾਰੀਆਂ ਸ਼ਾਖਾਵਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਉਪਰੋਕਤ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।