ਬਰਸਾਤੀ ਨੁਕਸਾਨ ਤੋਂ ਬਾਅਦ ਸੜਕਾਂ 'ਤੇ ਉਤਰੇ ਕਿਸਾਨ-ਆੜ੍ਹਤੀ, ਹਾਈਵੇਅ ਜਾਮ ਕਰਕੇ ਸਰਕਾਰ ਤੋਂ ਕੀਤੀ ਮੁਆਵਜ਼ੇ ਤੇ ਪੁਖ਼ਤਾ ਪ੍ਰਬੰਧਾਂ ਦੀ ਮੰਗ ਫਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਮੰਡੀ ਵਿੱਚ ਪਏ ਝੋਨੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਬਾਰਿਸ਼ ਦੇ ਪਾਣੀ ਕਾਰਨ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਣ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ। ਝੋਨੇ ਦੀ ਲਿਫਟਿੰਗ ਅਤੇ ਸਟੋਰੇਜ ਦੇ ਢੁਕਵੇਂ ਪ੍ਰਬੰਧ ਨਾ ਹੋਣ ਦੇ ਵਿਰੋਧ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ।
Publish Date: Sun, 11 Oct 2026 04:14 PM (IST)
Updated Date: Sun, 11 Oct 2026 04:15 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਮੰਡੀ ਵਿੱਚ ਪਏ ਝੋਨੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਬਾਰਿਸ਼ ਦੇ ਪਾਣੀ ਕਾਰਨ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਣ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ। ਝੋਨੇ ਦੀ ਲਿਫਟਿੰਗ ਅਤੇ ਸਟੋਰੇਜ ਦੇ ਢੁਕਵੇਂ ਪ੍ਰਬੰਧ ਨਾ ਹੋਣ ਦੇ ਵਿਰੋਧ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਪ੍ਰਸ਼ਾਸਨ ’ਤੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਦੇ ਪੁਖ਼ਤਾ ਪ੍ਰਬੰਧ ਨਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਦੇਰੀ ਹੋਣ ਅਤੇ ਸਟੋਰੇਜ ਲਈ ਢੁਕਵੀਂ ਜਗ੍ਹਾ ਦੀ ਘਾਟ ਕਾਰਨ ਝੋਨੇ ਦੇ ਢੇਰ ਲੱਗੇ ਹੋਏ ਹਨ। ਅਜਿਹੇ ਵਿੱਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।
ਗੋਲਡੀ ਸਚਦੇਵਾ ਨੇ ਕਿਹਾ ਕਿ ਜੇਕਰ ਝੋਨੇ ਦੀ ਸਮੇਂ ਸਿਰ ਲਿਫਟਿੰਗ ਕੀਤੀ ਜਾਂਦੀ ਅਤੇ ਸਟੋਰੇਜ ਲਈ ਢੁਕਵੇਂ ਪ੍ਰਬੰਧ ਹੁੰਦੇ ਤਾਂ ਬਾਰਿਸ਼ ਕਾਰਨ ਹੋਣ ਵਾਲੇ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਲਿਫਟਿੰਗ ਵਿੱਚ ਦੇਰੀ ਅਤੇ ਸਟੋਰੇਜ ਦੀ ਸਮੱਸਿਆ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਕਰੋੜਾਂ ਰੁਪਏ ਦੇ ਨੁਕਸਾਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਖੁੱਲ੍ਹੇ ਅਸਮਾਨ ਹੇਠ ਪਏ ਝੋਨੇ ਦੀ ਸੰਭਾਲ ਕਰਨਾ ਮੁਸ਼ਕਲ ਹੋ ਰਿਹਾ ਹੈ। ਬਾਰਿਸ਼ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੂਜੇ ਪਾਸੇ, ਆੜ੍ਹਤੀਆਂ ਨੂੰ ਵੀ ਮੰਡੀ ਵਿੱਚ ਪਈ ਫ਼ਸਲ ਨੂੰ ਬਚਾਉਣ ਲਈ ਜੱਦੋ-ਜਹਿਦ ਕਰਨੀ ਪੈ ਰਹੀ ਹੈ।
ਨਿੱਜੀ ਫੜ੍ਹਾਂ ’ਤੇ ਸਟੋਰੇਜ ਦੀ ਇਜਾਜ਼ਤ ਦੇਣ ਦੀ ਮੰਗ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਮੰਡੀ ਵਿੱਚ ਇਕੱਠੇ ਹੋਏ ਝੋਨੇ ਨੂੰ ਸੁਰੱਖਿਅਤ ਰੱਖਣ ਲਈ ਨਿੱਜੀ ਫੜ੍ਹਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀ ਵਿੱਚ ਝੋਨੇ ਦੇ ਢੇਰ ਘਟਾਉਣ ਅਤੇ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ।
ਐਸੋਸੀਏਸ਼ਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਝੋਨੇ ਦੀ ਲਿਫਟਿੰਗ ਵਿੱਚ ਤੁਰੰਤ ਤੇਜ਼ੀ ਲਿਆਂਦੀ ਜਾਵੇ ਅਤੇ ਸਟੋਰੇਜ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ। ਆੜ੍ਹਤੀਆਂ ਨੇ ਸਪੱਸ਼ਟ ਕੀਤਾ ਕਿ ਮੰਡੀ ਵਿੱਚ ਪਈ ਫ਼ਸਲ ਦੀ ਸੁਰੱਖਿਆ ਅਤੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।