ਕਾਰਪੋਰੇਟ ਭਾਰਤ ਛੱਡੋ’ ਦੇ ਸੱਦੇ ਤਹਿਤ ਜਲਾਲਾਬਾਦ ’ਚ ਕਿਸਾਨਾਂ-ਮਜ਼ਦੂਰਾਂ ਵੱਲੋਂ ਰੋਸ ਧਰਨਾ ਕਾਰਪੋਰੇਟ ਭਾਰਤ ਛੱਡੋ’ ਦੇ ਸੱਦੇ ਤਹਿਤ ਜਲਾਲਾਬਾਦ ’ਚ ਕਿਸਾਨਾਂ-ਮਜ਼ਦੂਰਾਂ ਵੱਲੋਂ ਰੋਸ ਧਰਨਾ
Publish Date: Tue, 11 Aug 2026 05:30 PM (IST)
Updated Date: Tue, 11 Aug 2026 05:32 PM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ ਜਲਾਲਾਬਾਦ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ‘ਕਾਰਪੋਰੇਟ ਭਾਰਤ ਛੱਡੋ’ ਮੁਹਿੰਮ ਅਧੀਨ ਤਹਿਸੀਲ ਜਲਾਲਾਬਾਦ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਧਰਨੇ ਉਪਰੰਤ ਕਿਸਾਨ ਆਗੂਆਂ ਨੇ ਤਹਿਸੀਲਦਾਰ ਜਲਾਲਾਬਾਦ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਇਕਬਾਲ ਸਿੰਘ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਅਤੇ ਕੰਸਟ੍ਰਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਏਟਕ ਦੇ ਸੂਬਾ ਡਿਪਟੀ ਜਨਰਲ ਸਕੱਤਰ ਪਰਮਜੀਤ ਢਾਬਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਦੇਸ਼ ਦੇ ਜਨਤਕ ਅਦਾਰਿਆਂ ਅਤੇ ਕੁਦਰਤੀ ਸਰੋਤਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਭਾਰਤ-ਅਮਰੀਕਾ ਵਿਚਕਾਰ ਪ੍ਰਸਤਾਵਿਤ ਵਪਾਰਕ ਸਮਝੌਤਿਆਂ ਅਤੇ ਹੋਰ ਵਪਾਰਕ ਨੀਤੀਆਂ ਰਾਹੀਂ ਦੇਸ਼ ਦੇ ਖੇਤੀਬਾੜੀ ਅਤੇ ਮੰਡੀਕਰਨ ਪ੍ਰਬੰਧ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵਿੱਚ ਵਾਧੇ, ਫ਼ਸਲਾਂ ਦੇ ਲਾਹੇਵੰਦ ਭਾਅ ਦੀ ਘਾਟ, ਕਰਜ਼ੇ ਅਤੇ ਆਰਥਿਕ ਸੰਕਟ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਦੂਜੇ ਪਾਸੇ ਉਨ੍ਹਾਂ ਮੁਤਾਬਕ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸਰਕਾਰੀ ਨੀਤੀਆਂ ਰਾਹੀਂ ਲਗਾਤਾਰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ, ਪਾਣੀ, ਜੰਗਲ, ਕੁਦਰਤੀ ਸਰੋਤ ਅਤੇ ਜਨਤਕ ਅਦਾਰੇ ਦੇਸ਼ ਦੇ ਲੋਕਾਂ ਦੀ ਸਾਂਝੀ ਵਿਰਾਸਤ ਹਨ ਅਤੇ ਇਨ੍ਹਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰ ਏਕਤਾ ਹੀ ਕਾਰਪੋਰੇਟ ਪੱਖੀ ਨੀਤੀਆਂ ਦਾ ਟਾਕਰਾ ਕਰਨ ਦੀ ਵੱਡੀ ਤਾਕਤ ਹੈ। ਸੰਘਰਸ਼ਸ਼ੀਲ ਵਿਰਾਸਤ ਨੂੰ ਅੱਗੇ ਤੋਰਦਿਆਂ ‘ਕਾਰਪੋਰੇਟ ਭਾਰਤ ਛੱਡੋ’ ਦਾ ਨਾਅਰਾ ਪਿੰਡ-ਪਿੰਡ ਅਤੇ ਸ਼ਹਿਰਾਂ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਬਣਾਈਆਂ ਜਾ ਰਹੀਆਂ ਨੀਤੀਆਂ ਵਿਰੁੱਧ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਦੇਸ਼ ਦੇ ਜਨਤਕ ਸਰੋਤਾਂ ਅਤੇ ਲੋਕ ਹਿੱਤਾਂ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।