1401 ਕਿਸਮ ਦੇ ਝੋਨੇ ’ਚ ਝੁਲਸ ਰੋਗ ਫੈਲਣ ਕਾਰਨ ਕਿਸਾਨਾਂ ਵਿੱਚ ਚਿੰਤਾ 1401 ਕਿਸਮ ਦੇ ਝੋਨੇ ਵਿੱਚ ਝੁਲਸ ਰੋਗ ਫੈਲਣ ਕਾਰਨ ਕਿਸਾਨਾਂ ਵਿੱਚ ਚਿੰਤਾ
Publish Date: Wed, 30 Sep 2026 04:37 PM (IST)
Updated Date: Wed, 30 Sep 2026 04:39 PM (IST)
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਮੰਡੀ ਲਾਧੂਕਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ 1401 ਕਿਸਮ ਦੀ ਫਸਲ ਵਿੱਚ ਝੁਲਸ ਰੋਗ ਦੀ ਬਿਮਾਰੀ ਆਉਣ ਕਾਰਨ ਕਿਸਾਨਾਂ ਵਿੱਚ ਮਾਯੂਸੀ ਤੇ ਚਿੰਤਾ ਪਾਈ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬਿਮਾਰੀ ਦੀ ਰੋਕਥਾਮ ਲਈ ਉਨ੍ਹਾਂ ਵੱਲੋਂ ਸਪਰੇਆਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਬਿਮਾਰੀ ਹੌਲੀ-ਹੌਲੀ ਹੋਰ ਖੇਤਰ ਵਿੱਚ ਫੈਲ ਰਹੀ ਹੈ। ਇਸ ਕਾਰਨ ਝੋਨੇ ਦੀ ਫਸਲ ਦੇ ਨੁਕਸਾਨ ਦਾ ਖਦਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਬਲਾਕ ਅਫਸਰ ਜਲਾਲਾਬਾਦ ਵਿਜੇ ਸਿੰਘ ਨੇ ਦੱਸਿਆ ਕਿ ਝੁਲਸ ਰੋਗ ਦੀ ਰੋਕਥਾਮ ਲਈ ਵਿਭਾਗ ਵੱਲੋਂ ਸਿਫਾਰਸ਼ ਕੀਤੀ ਦਵਾਈ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 200 ਗ੍ਰਾਮ ਬਲਿਟੋਕ ਕਾਪਰ ਆਕਸੀਕਲੋਰਾਈਡ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਫਸਲ ’ਤੇ ਸਪਰੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਬਿਮਾਰੀ ਵਾਲੇ ਖੇਤਰ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਵਿਭਾਗ ਵੱਲੋਂ ਸਿਫਾਰਸ਼ ਕੀਤੀਆਂ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ। ਵਿਜੇ ਸਿੰਘ ਨੇ ਕਿਹਾ ਕਿ ਇਹ ਬਿਮਾਰੀ ਸ਼ੁਰੂਆਤ ਵਿੱਚ ਥੋੜ੍ਹੇ ਖੇਤਰ ਵਿੱਚ ਦਿਖਾਈ ਦਿੰਦੀ ਹੈ ਅਤੇ ਸਮੇਂ ਸਿਰ ਧਿਆਨ ਨਾ ਦਿੱਤਾ ਜਾਵੇ ਤਾਂ ਅੱਗੇ ਫੈਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਇਲਾਕੇ ਵਿੱਚ ਮੀਂਹ ਘੱਟ ਪੈਣ ਅਤੇ ਵੱਧ ਗਰਮੀ ਰਹਿਣ ਕਾਰਨ ਬਿਮਾਰੀ ਦੇ ਫੈਲਾਅ ਦੀ ਸਥਿਤੀ ਬਣੀ ਹੈ। ਬਿਮਾਰੀ ਦਾ ਪਤਾ ਲੱਗਣ ਤੋਂ ਬਾਅਦ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਫਸਲਾਂ ਦਾ ਨਿਰੀਖਣ ਵੀ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਅਤੇ ਆਪਣੇ ਪੱਧਰ ’ਤੇ ਬੇਲੋੜੀਆਂ ਦਵਾਈਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਇਸ ਮੌਕੇ ਕਿਸਾਨ ਸੁਰਿੰਦਰ ਕੁਮਾਰ ਕੰਬੋਜ, ਪਰਮਜੀਤ ਸਿੰਘ, ਜਗਜੀਤ ਸਿੰਘ ਕਾਠਪਾਲ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਝੋਨੇ ਦੀ ਫਸਲ ਵਿੱਚ ਬਿਮਾਰੀ ਫੈਲਣ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਉਨ੍ਹਾਂ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਫਸਲ ਦੀ ਬਿਮਾਰੀ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਉਪਰਾਲੇ ਕਰਨ ਦੀ ਮੰਗ ਕੀਤੀ।