ਵਾਢੀ ਤੋਂ ਪਹਿਲਾਂ ਤੇਜ਼ ਹਵਾਵਾਂ ਤੇ ਬਾਰਿਸ਼ ਕਾਰਨ ਕਿਸਾਨਾਂ ਦੀਆਂ ਉਮੀਦਾਂ ਡਗਮਗਾਈਆਂ
ਕੱਟਾਈ ਤੋਂ ਪਹਿਲਾਂ ਹੀ ਕਿਸਾਨਾਂ ਦੀਆਂ ਉਮੀਦਾਂ ਡਗਮਗਾਈਆਂ
Publish Date: Mon, 06 Apr 2026 05:54 PM (IST)
Updated Date: Mon, 06 Apr 2026 05:58 PM (IST)

ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਜਾਰੀ ਖਰਾਬ ਮੌਸਮ ਅਤੇ ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਸਮੇਂ ਕਣਕ ਦੀ ਫ਼ਸਲ ਕੱਟਾਈ ਲਈ ਤਿਆਰ ਖੜੀ ਹੈ, ਪਰ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣ ਗਿਆ ਹੈ। ਕਈ ਥਾਵਾਂ ਤੇ ਫ਼ਸਲ ਵਿਛ ਗਈ ਹੈ, ਜਿਸ ਨਾਲ ਉਪਜ ‘ਤੇ ਅਸਰ ਪੈਣ ਦੀ ਸੰਭਾਵਨਾ ਵੱਧ ਗਈ ਹੈ। ਫਾਜ਼ਿਲਕਾ ਅੰਦਰ ਸ਼ੋਮਵਾਰ ਨੂੰ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਈ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਕਾਦੀਆਂ ਦੇ ਆਗੂਆਂ ਨੇ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਖੇਤਾਂ ਵਿੱਚ ਪਹੁੰਚ ਗਈ ਹੈ। ਇਸਲਾਮ ਵਾਲਾ ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਹਜ਼ਾਰਾਂ ਏਕੜ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮੀਂਹ ਅਤੇ ਗੜੇਮਾਰੀ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਨਾ ਸਿਰਫ਼ ਕਣਕ ਦੀ ਫ਼ਸਲ ਨੂੰ ਸਗੋਂ ਕਿੰਨੂ ਦੇ ਬਾਗਾਂ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਪ੍ਰਤੀ ਏਕੜ 50,000 ਰੁਪਏ ਮੁਆਵਜ਼ੇ ਦੀ ਮੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ ਨੇ ਕਿਹਾ ਕਿ ਮੌਸਮ ਵਿੱਚ ਆਈ ਤਬਦੀਲੀ, ਮੀਂਹ ਅਤੇ ਗੜੇਮਾਰੀ ਨਾਲ ਮਿਲ ਕੇ, ਫਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਫ਼ਸਲ ਦੀ ਸਥਿਤੀ ਤੋਂ ਬਹੁਤ ਦੁਖੀ ਹਨ, ਕਿਉਂਕਿ ਕਿਸਾਨਾਂ ਦੀਆਂ ਪੱਕੀਆਂ ਕਣਕ ਦੀਆਂ ਫ਼ਸਲਾਂ ਗੜੇਮਾਰੀ ਨਾਲ ਤਬਾਹ ਹੋ ਗਈਆਂ ਹਨ।ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਫ਼ਸਲਾਂ ਦਾ ਤੁਰੰਤ ਮੁਲਾਂਕਣ ਕਰੇ ਅਤੇ ਪ੍ਰਤੀ ਏਕੜ 50,000 ਰੁਪਏ ਦਾ ਮੁਆਵਜ਼ਾ ਦੇਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਫ਼ਸਲ ਦੇ ਨਾਲ-ਨਾਲ ਕਿੰਨੂ ਦੇ ਬਾਗਾਂ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ। ਜ਼ਿਲ੍ਹੇ ’ਚ ਖ਼ਾਸ ਗਿਰਦਾਵਰੀ ਦੇ ਹੁਕਮ ਜਾਰੀ : ਡੀਸੀ ਹਾਲ ਹੀ ਵਿੱਚ ਹੋਈ ਅਚਾਨਕ ਬਾਰਿਸ਼ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੂੰ ਸਰਕਾਰ ਵੱਲੋਂ ਖ਼ਾਸ ਗਿਰਦਾਵਰੀ ਕਰਨ ਦੇ ਹੁਕਮ ਪ੍ਰਾਪਤ ਹੋਏ ਹਨ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਖ਼ਾਸ ਗਿਰਦਾਵਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦਾ ਮੁੱਖ ਉਦੇਸ਼ ਮੌਕੇ ‘ਤੇ ਜਾ ਕੇ ਫਸਲ ਦੇ ਨੁਕਸਾਨ ਦੀ ਅਸਲ ਸਥਿਤੀ ਦਾ ਅੰਦਾਜ਼ਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਵਿੱਚ ਪਹੁੰਚ ਕੇ ਵਿਸਥਾਰ ਨਾਲ ਨੁਕਸਾਨ ਦੀ ਰਿਪੋਰਟ ਤਿਆਰ ਕਰ ਰਹੀਆਂ ਹਨ, ਤਾਂ ਜੋ ਪ੍ਰਭਾਵਿਤ ਕਿਸਾਨਾਂ ਦੀ ਸਹੀ ਪਛਾਣ ਕੀਤੀ ਜਾ ਸਕੇ। ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਨਿਆਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਅਧਾਰ ‘ਤੇ ਮੁਕੰਮਲ ਕੀਤਾ ਜਾਵੇ।