ਸਰਕਾਰ ਤੁਰੰਤ ਰਾਹਤ ਪੈਕੇਜ ਜਾਰੀ ਕਰੇ : ਕਾਲਾ ਸਿੰਘ ਮੁਹੰਮਦ
ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ
Publish Date: Sun, 05 Apr 2026 04:22 PM (IST)
Updated Date: Sun, 05 Apr 2026 04:25 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਇਲਾਕੇ ਦੇ ਅਗਵਾ ਕਿਸਾਨ ਅਤੇ ਪ੍ਰਸਿੱਧ ਸਮਾਜ ਸੇਵੀ ਕਾਲਾ ਸਿੰਘ ਮੁਹੰਮਦ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਹੋਏ ਭਾਰੀ ਨੁਕਸਾਨ ‘ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਚਾਨਕ ਆਫ਼ਤ ਨੇ ਕਿਸਾਨਾਂ ਦੀਆਂ ਖੇਤੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਉਹਨਾਂ ਦੀ ਸਾਲ ਭਰ ਦੀ ਮਿਹਨਤ ਬਰਬਾਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਗੰਢੀ, ਸਰੋਂ ਅਤੇ ਹੋਰ ਫਸਲਾਂ ਨੂੰ ਵੱਡਾ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨ ਆਰਥਿਕ ਤੌਰ ’ਤੇ ਕਾਫ਼ੀ ਪਰੇਸ਼ਾਨ ਹਨ। ਕਾਲਾ ਸਿੰਘ ਮੁਹੰਮਦ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਆਗੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ, ਅਜਿਹੇ ਸਮੇਂ ‘ਚ ਸਰਕਾਰ ਨੂੰ ਮਨੁੱਖਤਾ ਦੇ ਨਾਤੇ ਅੱਗੇ ਆਉਣਾ ਚਾਹੀਦਾ ਹੈ ਅਤੇ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਪ੍ਰਸ਼ਾਸਨ ਤੁਰੰਤ ਮੈਦਾਨ ਵਿੱਚ ਉਤਰ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇ ਸਮੇਂ ‘ਤੇ ਸਰਕਾਰ ਵੱਲੋਂ ਮਦਦ ਨਾ ਮਿਲੀ ਤਾਂ ਕਿਸਾਨਾਂ ਲਈ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।