ਫ਼ਾਜ਼ਿਲਕਾ ਦੀ ਅਨਾਜ ਮੰਡੀ ਮੁੜ ਲੀਹ ’ਤੇ, ਪਾਣੀ ਦੀ ਨਿਕਾਸੀ ਮਗਰੋਂ ਖ਼ਰੀਦ ਤੇ ਚੁਕਾਈ ਸ਼ੁਰੂ ਫ਼ਾਜ਼ਿਲਕਾ ਦੀ ਅਨਾਜ ਮੰਡੀ ਮੁੜ ਲੀਹ ’ਤੇ ਪਰਤੀ, ਪਾਣੀ ਦੀ ਨਿਕਾਸੀ ਮਗਰੋਂ ਖ਼ਰੀਦ ਤੇ ਚੁਕਾਈ ਸ਼ੁਰੂ
Publish Date: Mon, 12 Oct 2026 04:40 PM (IST)
Updated Date: Mon, 12 Oct 2026 04:42 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਪਾਣੀ ਭਰਨ ਅਤੇ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਤੋਂ ਬਾਅਦ ਹੁਣ ਪ੍ਰਸ਼ਾਸਨ ਵੱਲੋਂ ਹਾਲਾਤ ਸੁਧਾਰਨ ਦੇ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਪਾਣੀ ਦੀ ਨਿਕਾਸੀ, ਸਫ਼ਾਈ, ਫ਼ਸਲ ਦੀ ਖ਼ਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਮੰਡੀ ਦੇ ਗੇਟ ਨੰਬਰ 1 ਅਤੇ 2 ’ਤੇ ਖੜ੍ਹੇ ਪਾਣੀ ਦੀ ਨਿਕਾਸੀ ਕਰ ਦਿੱਤੀ ਗਈ ਹੈ ਅਤੇ ਮੰਡੀ ਵਿੱਚ ਕੰਮਕਾਜ ਮੁੜ ਸੁਚਾਰੂ ਹੋ ਰਿਹਾ ਹੈ। ਜ਼ਿਲ੍ਹਾ ਮੰਡੀ ਅਫ਼ਸਰ ਸਲੋਦ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਬਰਸਾਤ ਤੋਂ ਬਾਅਦ ਮੰਡੀ ਵਿੱਚ ਸਫ਼ਾਈ ਅਤੇ ਹੋਰ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅਧਿਕਾਰੀਆਂ ਵੱਲੋਂ ਮੰਡੀ ਵਿੱਚ ਖ਼ਰੀਦ ਅਤੇ ਚੁਕਾਈ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ। ਹਾਈਵੇਅ ਜਾਮ ਮਗਰੋਂ ਹਰਕਤ ’ਚ ਆਇਆ ਪ੍ਰਸ਼ਾਸਨ ਜ਼ਿਕਰਯੋਗ ਹੈ ਕਿ ਐਤਵਾਰ ਸਵੇਰੇ ਹੋਈ ਭਾਰੀ ਬਰਸਾਤ ਕਾਰਨ ਫ਼ਾਜ਼ਿਲਕਾ ਅਨਾਜ ਮੰਡੀ ਵਿੱਚ ਪਿਆ ਝੋਨਾ ਪ੍ਰਭਾਵਿਤ ਹੋਇਆ ਸੀ। ਮੰਡੀ ਵਿੱਚ ਪਾਣੀ ਭਰਨ ਅਤੇ ਫ਼ਸਲ ਦੇ ਨੁਕਸਾਨ ਤੋਂ ਨਾਰਾਜ਼ ਕਿਸਾਨਾਂ ਤੇ ਆੜ੍ਹਤੀਆਂ ਨੇ ਰੋਸ ਪ੍ਰਗਟ ਕਰਦਿਆਂ ਦੁਪਹਿਰ ਸਮੇਂ ਹਾਈਵੇਅ ਜਾਮ ਕਰ ਦਿੱਤਾ ਸੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੋਈ ਪ੍ਰਸ਼ਾਸਨਿਕ ਜਾਂ ਰਾਜਨੀਤਿਕ ਨੁਮਾਇੰਦਾ ਮੌਕੇ ’ਤੇ ਨਹੀਂ ਪਹੁੰਚਿਆ ਅਤੇ ਪਾਣੀ ਦੀ ਨਿਕਾਸੀ ਲਈ ਵੀ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ। ਇਸ ਤੋਂ ਬਾਅਦ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਧਰਨਾ ਦੇ ਰਹੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਮੰਡੀ ਵਿੱਚੋਂ ਪਾਣੀ ਦੀ ਨਿਕਾਸੀ ਲਈ ਤੇਜ਼ੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਫ਼ਸਲ ਦੇ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਸਰਕਾਰ ਤੋਂ ਬਣਦਾ ਮੁਆਵਜ਼ਾ ਦਿਵਾਉਣ ਲਈ ਯਤਨ ਕੀਤੇ ਜਾਣਗੇ। ਐੱਸਡੀਐੱਮ ਨੇ ਆੜ੍ਹਤੀਆਂ ਨਾਲ ਕੀਤੀ ਚਰਚਾ ਐੱਸਡੀਐੱਮ ਜੁਗਰਾਜ ਸਿੰਘ ਕਾਹਲੋਂ ਨੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਆੜ੍ਹਤੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਵਿੱਚ ਜ਼ਿਆਦਾਤਰ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ ਪਾਣੀ ਨੂੰ ਕੱਢਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਮੌਸਮੀ ਬਰਸਾਤ ਕਾਰਨ ਮੰਡੀ ਵਿੱਚ ਪਏ ਝੋਨੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਸਰਕਾਰ ਨੂੰ ਭੇਜੀ ਜਾਵੇ, ਤਾਂ ਜੋ ਪ੍ਰਭਾਵਿਤ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਣਦੀ ਰਾਹਤ ਦੇਣ ਸਬੰਧੀ ਕਾਰਵਾਈ ਕੀਤੀ ਜਾ ਸਕੇ। ਕਰੀਬ 4 ਕਰੋੜ ਨਾਲ ਪਾਈ ਜਾਵੇਗੀ ਨਵੀਂ ਪਾਈਪਲਾਈਨ ਐੱਸਡੀਐੱਮ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਵਿੱਚ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪਲਾਈਨ ਪਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਭਵਿੱਖ ਵਿੱਚ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਮਦਦ ਮਿਲਣ ਦੀ ਉਮੀਦ ਹੈ।ਮੀਟਿੰਗ ਵਿੱਚ ਐੱਸਡੀਓ ਮੰਡੀ ਬੋਰਡ ਨਰਪਿੰਦਰ ਸਿੰਘ, ਸਕੱਤਰ ਮਨਦੀਪ ਕਾਮਰਾ, ਏਐੱਫਐੱਸਓ ਸੰਦੀਪ ਛਾਬੜਾ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਮੌਜੂਦ ਸਨ। ਕਿਸਾਨਾਂ ਦੀ ਨਜ਼ਰ ਮੁਆਵਜ਼ੇ ’ਤੇ ਮੰਡੀ ਵਿੱਚ ਪਾਣੀ ਦੀ ਨਿਕਾਸੀ ਤੋਂ ਬਾਅਦ ਕਿਸਾਨਾਂ ਅਤੇ ਆੜ੍ਹਤੀਆਂ ਦੀ ਮੁੱਖ ਮੰਗ ਬਰਸਾਤ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਸਹੀ ਮੁਲਾਂਕਣ ਕਰਵਾ ਕੇ ਬਣਦਾ ਮੁਆਵਜ਼ਾ ਦਿਵਾਉਣ ਦੀ ਹੈ। ਹੁਣ ਦੇਖਣਾ ਹੋਵੇਗਾ ਕਿ ਗਿਰਦਾਵਰੀ ਅਤੇ ਰਿਪੋਰਟ ਦੀ ਪ੍ਰਕਿਰਿਆ ਕਿੰਨੀ ਜਲਦੀ ਪੂਰੀ ਹੁੰਦੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਕਦੋਂ ਤੱਕ ਰਾਹਤ ਮਿਲਦੀ ਹੈ।