ਨਗਰ ਕੌਂਸਲ ਫਾਜ਼ਿਲਕਾ ਦੇ 137 ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ , ਪ੍ਰਧਾਨ ਅਨੀਤਾ ਜੈਰਥ
Publish Date: Thu, 26 Nov 2026 04:32 PM (IST)
Updated Date: Fri, 27 Nov 2026 04:05 AM (IST)
, ਪ੍ਰਧਾਨ ਅਨੀਤਾ ਜੈਰਥ ਦੇ ਕਾਰਜਕਾਲ ਦੀ ਪਹਿਲੀ ਮੀਟਿੰਗ ’ਚ ਪਾਸ ਕੀਤਾ ਗਿਆ ਸੀ ਮਤਾ -ਪੱਕੇ ਹੋਏ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ, ਅਨੀਤਾ ਜੈਰਥ, ਅਸ਼ੋਕ ਜੈਰਥ ਅਤੇ ਸਮੁੱਚੇ ਭਾਜਪਾ ਬੋਰਡ ਦਾ ਕੀਤਾ ਧੰਨਵਾਦ ਨਰੇਸ਼ ਕੁਮਾਰ ਕਾਮਰਾ. ਪੰਜਾਬੀ ਜਾਗਰਣ, ਫਾਜ਼ਿਲਕਾ : ਨਗਰ ਕੌਂਸਲ ਫਾਜ਼ਿਲਕਾ ਦੀ ਪ੍ਰਧਾਨ ਬਣਨ ਤੋਂ ਬਾਅਦ ਅਨੀਤਾ ਜੈਰਥ ਵੱਲੋਂ ਚੁੱਕਿਆ ਗਿਆ ਪਹਿਲਾ ਕਦਮ 137 ਸਫ਼ਾਈ ਕਰਮਚਾਰੀਆਂ ਦੇ ਪਰਿਵਾਰਾਂ ਲਈ ਖੁਸ਼ੀਆਂ ਲੈ ਕੇ ਆਇਆ ਹੈ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਕੌਂਸਲ ਫਾਜ਼ਿਲਕਾ ਵਿੱਚ ਕੰਮ ਕਰ ਰਹੇ 137 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ 117 ਸਫ਼ਾਈ ਕਰਮਚਾਰੀ ਅਤੇ 20 ਸੀਵਰਮੈਨ ਸ਼ਾਮਲ ਹਨ। ਇਸ ਫ਼ੈਸਲੇ ਤੋਂ ਬਾਅਦ ਪੱਕੇ ਹੋਏ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਰਮਚਾਰੀਆਂ ਨੇ ਅਨੀਤਾ ਜੈਰਥ ਤੇ ਉਨ੍ਹਾਂ ਦੇ ਪਤੀ ਤੇ ਸਾਬਕਾ ਕੌਂਸਲਰ ਅਸ਼ੋਕ ਜੈਰਥ ਦਾ ਧੰਨਵਾਦ ਕਰਦਿਆਂ ਕਿਹਾ, ਜੈਰਥ ਸਾਬ, ਤੁਹਾਡੇ ਹੱਥੋਂ ਹੀ ਭਰਤੀ ਹੋਏ ਸੀ ਤੇ ਹੁਣ ਤੁਹਾਡੇ ਹੱਥੋਂ ਹੀ ਪੱਕੀ ਨੌਕਰੀ ਮਿਲੀ ਹੈ, ਧੰਨਵਾਦ ਤੁਹਾਡਾ। ਉਨ੍ਹਾਂ ਕਿਹਾ ਕਿ ਭਾਜਪਾ ਬੋਰਡ ਦੇ ਕਾਰਜਕਾਲ ਦੌਰਾਨ ਹੀ ਉਨ੍ਹਾਂ ਨੂੰ ਨੌਕਰੀ ਮਿਲੀ ਸੀ ਅਤੇ ਹੁਣ ਭਾਜਪਾ ਦੇ ਕਾਰਜਕਾਲ ਵਿੱਚ ਹੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਹੋਈਆਂ ਹਨ। ਇਸ ਲਈ ਉਨ੍ਹਾਂ ਸਮੂਹ ਭਾਜਪਾ ਆਗੂਆਂ, ਕੌਂਸਲਰਾਂ ਅਤੇ ਮੌਜੂਦਾ ਭਾਜਪਾ ਬੋਰਡ ਦੀ ਟੀਮ ਦਾ ਵੀ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਮਤੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਵਿਭਾਗੀ ਪੱਤਰ ਨੰਬਰ A1-GB-DLG-2026/2572 ਮਿਤੀ 25 ਨਵੰਬਰ 2026 ਨੂੰ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਨਗਰ ਕੌਂਸਲ ਫਾਜ਼ਿਲਕਾ ਦੇ ਉਸ ਮਤੇ ਦਾ ਹਵਾਲਾ ਦਿੱਤਾ ਗਿਆ ਹੈ, ਜਿਹੜਾ ਪ੍ਰਧਾਨ ਅਨੀਤਾ ਜੈਰਥ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਮਾਸਿਕ ਮੀਟਿੰਗ ਵਿੱਚ ਸਮੂਹ ਕੌਂਸਲਰਾਂ ਦੀ ਸਹਿਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਬੰਧਤ ਦਫ਼ਤਰ ਵੱਲੋਂ ਭੇਜੇ ਗਏ ਪੱਤਰ ਦਾ ਹਵਾਲਾ ਦਿੰਦਿਆਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਭਾਗੀ ਹੁਕਮਾਂ ਅਨੁਸਾਰ ਕਰਮਚਾਰੀਆਂ ਦੀਆਂ ਨਿਯਮਤ ਨਿਯੁਕਤੀਆਂ ਨਿਰਧਾਰਤ ਨਿਯਮਾਂ ਅਤੇ ਸੇਵਾ ਸ਼ਰਤਾਂ ਅਧੀਨ ਕੀਤੀਆਂ ਜਾਣਗੀਆਂ। ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਰੈਗੂਲਰ ਨਿਯੁਕਤੀਆਂ ਕਾਰਨ ਪੈਦਾ ਹੋਣ ਵਾਲੀ ਵਿੱਤੀ ਜ਼ਿੰਮੇਵਾਰੀ ਸਬੰਧਤ ਨਗਰ ਕੌਂਸਲ ਦੀ ਹੋਵੇਗੀ। ਇਸ ਸਬੰਧੀ ਸਰਕਾਰ ਤੋਂ ਵਾਧੂ ਵਿੱਤੀ ਸਹਾਇਤਾ ਜਾਂ ਖਰਚੇ ਦੀ ਭਰਪਾਈ ਦਾ ਦਾਅਵਾ ਨਹੀਂ ਕੀਤਾ ਜਾ ਸਕੇਗਾ। ਨਿਯੁਕਤੀ ਪ੍ਰਕਿਰਿਆ ਅਤੇ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਸਬੰਧਤ ਅਧਿਕਾਰੀਆਂ ਵੱਲੋਂ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਹੁਕਮਾਂ ਅਨੁਸਾਰ ਰੈਗੂਲਰ ਨਿਯੁਕਤੀ ਤੋਂ ਬਾਅਦ ਕਰਮਚਾਰੀਆਂ ਨੂੰ ਨਿਰਧਾਰਤ ਨਿਯਮਾਂ ਮੁਤਾਬਕ ਤਨਖ਼ਾਹ ਅਤੇ ਹੋਰ ਸਹੂਲਤਾਂ ਮਿਲਣਗੀਆਂ। ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ ਕਿ ਉਨ੍ਹਾਂ ਦੇ ਪਤੀ ਅਸ਼ੋਕ ਜੈਰਥ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਰਮਚਾਰੀਆਂ ਨਾਲ ਕੀਤਾ ਗਿਆ ਵਾਅਦਾ ਹੁਣ ਉਨ੍ਹਾਂ ਦੇ ਕਾਰਜਕਾਲ ਵਿੱਚ ਪੂਰਾ ਹੋਇਆ ਹੈ।