- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਜ਼ਮੀਨ ਦੇ ਟੁਕੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਦਿਉਰ ਅਤੇ ਭਾਬੀ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਜ਼ਮੀਨ ਦੇ ਟੁਕੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਦਿਉਰ ਅਤੇ ਭਾਬੀ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਾਲੇ ਕਾਫ਼ੀ ਸਮੇਂ ਤੋਂ ਜ਼ਮੀਨ ਦੀ ਹੱਦਬੰਦੀ (ਨਿਸ਼ਾਨਦੇਹੀ) ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਦੂਜੀ ਧਿਰ ਨੇ ਖੇਤ ਵਿੱਚ ਲੱਗੀ ਝੋਨੇ ਦੀ ਫ਼ਸਲ ਉੱਤੇ ਟਰੈਕਟਰ ਚਲਾ ਕੇ ਫ਼ਸਲ ਨੂੰ ਬਰਬਾਦ ਕਰ ਦਿੱਤਾ। ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਮੁਲਜ਼ਮਾਂ ਨੇ ਰਾਜ ਸਿੰਘ ਅਤੇ ਉਸ ਦੀ ਭਾਬੀ ਮਾਇਆ ਬਾਈ ਉੱਤੇ ਟਰੈਕਟਰ ਚੜ੍ਹਾ ਦਿੱਤਾ।
ਮ੍ਰਿਤਕ ਰਾਜ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਅਤੇ ਭਰਾ ਚਿਮਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਰੀਬ ਡੇਢ ਏਕੜ ਜ਼ਮੀਨ ਹੈ, ਜਿਸ ਦੇ ਨਾਲ ਹਰਭਜਨ ਸਿੰਘ ਦੀ ਜ਼ਮੀਨ ਲੱਗਦੀ ਹੈ।
ਦੋਵਾਂ ਧਿਰਾਂ ਵਿਚਾਲੇ ਲੰਬੇ ਸਮੇਂ ਤੋਂ ਜ਼ਮੀਨ ਦੀ ਹੱਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਮੰਗਲਵਾਰ ਨੂੰ ਦੂਜੀ ਧਿਰ ਦੇ ਲੋਕ ਜ਼ਬਰਦਸਤੀ ਉਨ੍ਹਾਂ ਦੀ ਜ਼ਮੀਨ ਵਿੱਚ ਦਾਖ਼ਲ ਹੋਏ ਅਤੇ ਟਰੈਕਟਰ ਨਾਲ ਝੋਨੇ ਦੀ ਫ਼ਸਲ ਨੂੰ ਵਾਹੁਣਾ ਸ਼ੁਰੂ ਕਰ ਦਿੱਤਾ। ਜਦੋਂ ਰਾਜ ਸਿੰਘ ਅਤੇ ਮਾਇਆ ਬਾਈ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ’ਤੇ ਟਰੈਕਟਰ ਚੜ੍ਹਾ ਦਿੱਤਾ ਗਿਆ। ਮਾਇਆ ਬਾਈ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਜ਼ਖ਼ਮੀ ਰਾਜ ਸਿੰਘ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਘਟਨਾ ਦੌਰਾਨ ਹੋਈ ਝੜਪ ਵਿੱਚ ਰਾਜ ਸਿੰਘ ਦੀ ਰਿਸ਼ਤੇਦਾਰ ਸਵਰਨੋ ਬਾਈ ਦੀ ਬਾਂਹ ਟੁੱਟ ਗਈ, ਜਿਸ ਦਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ, ਦੂਜੀ ਧਿਰ ਦੇ ਮੁਖੀ ਹਰਭਜਨ ਸਿੰਘ ਵੀ ਜ਼ਖ਼ਮੀ ਹੋਏ ਹਨ ਅਤੇ ਹਸਪਤਾਲ ਵਿੱਚ ਦਾਖ਼ਲ ਹਨ।
ਪੁਲਿਸ ਜਾਂਚ ਵਿੱਚ ਜੁਟੀ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਡੀਐਸਪੀ ਬੀਐੱਸ ਰੰਧਾਵਾ ਨੇ ਦੱਸਿਆ ਕਿ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਵਿੱਚ ਮਾਇਆ ਬਾਈ ਅਤੇ ਰਾਜ ਸਿੰਘ ਦੀ ਮੌਤ ਹੋ ਗਈ ਹੈ। ਦੋ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।