
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਪ੍ਰਾਇਮਰੀ ਸਕੂਲ ਆਵਾ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੀ ਸੁਰੱਖਿਆ ਅਤੇ ਸਮਾਜਿਕ ਮਸਲਿਆਂ ਦੇ ਹੱਲ ਲਈ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫ਼ਾਜ਼ਿਲਕਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਪ੍ਰਾਇਮਰੀ ਸਕੂਲ ਆਵਾ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੀ ਸੁਰੱਖਿਆ ਅਤੇ ਸਮਾਜਿਕ ਮਸਲਿਆਂ ਦੇ ਹੱਲ ਲਈ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਰਾਜਪਾਲ ਨੇ ਕਮੇਟੀ ਮੈਂਬਰਾਂ ਨੂੰ ਨਸ਼ਿਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ ਨੌਜਵਾਨਾਂ ਦੀਆਂ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਮੇਟੀਆਂ ਵਿੱਚ ਮਹਿਲਾਵਾਂ ਨੂੰ ਵੀ ਸ਼ਾਮਲ ਕਰਨ ਲਈ ਕਿਹਾ।
ਲੋਕਾਂ ਦੀਆਂ ਮੰਗਾਂ ਸੁਣੀਆਂ
ਸਰਹੱਦੀ ਖੇਤਰ ਦੇ ਲੋਕਾਂ ਵੱਲੋਂ ਕੇਂਦਰ ਸਰਕਾਰ ’ਤੇ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਗਾਏ ਜਾਣ ’ਤੇ ਰਾਜਪਾਲ ਨੇ ਕਿਹਾ ਕਿ ਉਹ ਲੋਕਾਂ ਦੇ ਸੇਵਾਦਾਰ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਰਾਜ ਭਵਨ ਵਿਖੇ ਵੀ ਬੁਲਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਰਾਜਪਾਲ ਦੇ ਸਾਹਮਣੇ ਰੱਖੀਆਂ। ਭਾਰਤੀ ਸੈਨਾ ਫਿਰੋਜ਼ਪੁਰ ਦੇ ਬ੍ਰਿਗੇਡੀਅਰ ਰਾਜੀਵ ਸਹਾਰਨ ਨੇ ਸਰਹੱਦੀ ਖੇਤਰਾਂ ਵਿੱਚ ਫੌਜ ਵੱਲੋਂ ਕੀਤੇ ਜਾ ਰਹੇ ਸਰਵੇਖਣਾਂ ਦੌਰਾਨ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। 1947 ਤੋਂ ਬਾਅਦ ਹੋਈਆਂ ਜੰਗਾਂ ਅਤੇ ਆਪ੍ਰੇਸ਼ਨ ਸਿੰਦੂਰ ਦੌਰਾਨ ਸਰਹੱਦੀ ਪਿੰਡਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।
ਇਸ ਮੌਕੇ ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਬੀਐੱਸਐੱਫ ਡਿਪਟੀ ਕਮਾਂਡਰ ਰਾਜ ਲਾਲ, ਐੱਸਐੱਸਪੀ ਗਗਨ ਅਜੀਤ ਸਿੰਘ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।