ਫਾਜ਼ਿਲਕਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਗੋਲ਼ੀ ਲੱਗਣ ਮਗਰੋਂ ਸਰਕਾਰੀ ਹਥਿਆਰ ਖੋਹਣ ਵਾਲਾ ਦੋਸ਼ੀ ਗ੍ਰਿਫ਼ਤਾਰ
ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਰਾਣੇ ਹਰਿਕੇ ਹੈੱਡ ਪੁਲ 'ਤੇ ਸੰਤਰੀ ਦੀ ਡਿਊਟੀ ਦੌਰਾਨ ਇਕ ਜਵਾਨ 'ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਸਰਕਾਰੀ ਹਥਿਆਰ ਖੋਹ ਲਿਆ ਸੀ ਤੇ ਮੌਕੇ ਤੋਂ ਫਰਾਰ ਹੋ ਗਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ।
Publish Date: Sat, 06 Jun 2026 01:44 PM (IST)
Updated Date: Sat, 06 Jun 2026 01:51 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਨੇ ਪੁਰਾਣੇ ਹਰਿਕੇ ਹੈੱਡ ਪੁਲ 'ਤੇ ਸੰਤਰੀ ਦੀ ਡਿਊਟੀ ਨਿਭਾਅ ਰਹੇ ਪੀਐੱਚਜੀ ਜਵਾਨ 'ਤੇ ਹੋਏ ਹਮਲੇ ਅਤੇ ਸਰਕਾਰੀ ਹਥਿਆਰ ਖੋਹਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਕਾਬਲੇ ਦੌਰਾਨ ਵਾਰਦਾਤ 'ਚ ਸ਼ਾਮਲ ਮੁੱਖ ਦੋਸ਼ੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ ਖੋਹਿਆ ਗਿਆ ਸਰਕਾਰੀ ਹਥਿਆਰ SLR 7.62 ਐੱਮਐੱਮ ਬਰਾਮਦ ਕਰ ਲਿਆ ਹੈ।
ਜਾਣਕਾਰੀ ਦਿੰਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਰਾਣੇ ਹਰਿਕੇ ਹੈੱਡ ਪੁਲ 'ਤੇ ਸੰਤਰੀ ਦੀ ਡਿਊਟੀ ਦੌਰਾਨ ਇਕ ਜਵਾਨ 'ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਸਰਕਾਰੀ ਹਥਿਆਰ ਖੋਹ ਲਿਆ ਸੀ ਤੇ ਮੌਕੇ ਤੋਂ ਫਰਾਰ ਹੋ ਗਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਲਾਧੂਕਾ ਸੇਮ ਨਾਲੇ ਨੇੜੇ ਇਕ ਸ਼ੱਕੀ ਵਿਅਕਤੀ ਹਥਿਆਰ ਸਮੇਤ ਘੁੰਮ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਵੱਲੋਂ ਰੇਡ ਕੀਤੀ ਗਈ ਤਾਂ ਸ਼ੱਕੀ ਵਿਅਕਤੀ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ 'ਚ ਦੋਸ਼ੀ ਦੀ ਲੱਤ ਵਿਚ ਗੋਲ਼ੀ ਲੱਗੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸ਼ਮਸ਼ੇਰ ਸਿੰਘ ਵਾਸੀ ਮੱਖੂ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਖੋਹਿਆ ਗਿਆ ਸਰਕਾਰੀ ਹਥਿਆਰ ਬਰਾਮਦ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ।