ਨਸ਼ਿਆਂ ਤੋਂ ਦੂਰ ਰੱਖਣ ਲਈ ਬੱਚਿਆਂ ਨੂੰ ਖੇਡਾਂ ਤੇ ਸਿੱਖਿਆ ਨਾਲ ਜੋੜ ਰਹੀ ਪੁਲਿਸ ਨਸ਼ਿਆਂ ਤੋਂ ਦੂਰ ਰੱਖਣ ਲਈ ਬੱਚਿਆਂ ਨੂੰ ਖੇਡਾਂ ਅਤੇ ਸਿੱਖਿਆ ਨਾਲ ਜੋੜ ਰਹੀ ਫ਼ਾਜ਼ਿਲਕਾ ਪੁਲਿਸ
Publish Date: Sat, 31 Oct 2026 04:50 PM (IST)
Updated Date: Sat, 31 Oct 2026 04:53 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਮੇਰਾ ਪੰਜਾਬ ਮੇਰੀ ਜ਼ਿੰਮੇਵਾਰੀ’ ਪ੍ਰੋਗਰਾਮ ਅਧੀਨਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਐੱਸਐੱਸਪੀ ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਅਬੋਹਰ ਦੇ ਨਸ਼ਾ ਪ੍ਰਭਾਵਿਤ ਇਲਾਕੇ ਰਾਜੀਵ ਨਗਰ ਦਾ ਦੌਰਾ ਕਰਕੇ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਸਐੱਸਪੀ ਵੱਲੋਂ ਬੱਚਿਆਂ ਨੂੰ ਖੇਡ ਕਿੱਟਾਂ, ਕਾਪੀਆਂ ਅਤੇ ਪੈਨਸਿਲਾਂ ਵੰਡੀਆਂ ਗਈਆਂ। ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਨਾਲ ਹੀ ਉਨ੍ਹਾਂ ਨੂੰ ਆਪਣਾ ਕੀਮਤੀ ਸਮਾਂ ਪੜ੍ਹਾਈ, ਖੇਡਾਂ ਅਤੇ ਚੰਗੀਆਂ ਆਦਤਾਂ ਅਪਣਾਉਣ ਵਿੱਚ ਲਗਾਉਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਗਗਨ ਚੁੱਘ ਨੇ ਐੱਸਐੱਸਪੀ ਫ਼ਾਜ਼ਿਲਕਾ ਨੂੰ ਰਾਜੀਵ ਨਗਰ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਅਤੇ ਬੱਚਿਆਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਲਈ ਤਿਆਰ ਕਰਵਾਇਆ ਬੈਡਮਿੰਟਨ ਕੋਰਟ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਰਾਜੀਵ ਨਗਰ ਦੇ ਗਰਾਊਂਡ ਵਿੱਚ ਬੈਡਮਿੰਟਨ ਕੋਰਟ ਵੀ ਤਿਆਰ ਕਰਵਾਇਆ ਗਿਆ। ਇਸ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦੇ ਵੀ ਲਗਾਏ ਗਏ। ਪੁਲਿਸ ਦੀ ਇਸ ਪਹਿਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਸ੍ਰੀ ਬਾਲਾ ਜੀ ਸੇਵਕ ਦਲ ਦੇ ਪ੍ਰਧਾਨ ਰਣਜੀਤ ਚੌਹਾਨ ਨੇ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਦਾ ਸਮਾਨ ਅਤੇ ਪੜ੍ਹਾਈ ਨਾਲ ਸਬੰਧਤ ਸਮੱਗਰੀ ਮੁਹੱਈਆ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਅਜਿਹੀਆਂ ਪਹਿਲਕਦਮੀਆਂ ਨਾਲ ਬੱਚਿਆਂ ਨੂੰ ਅੱਗੇ ਵਧਣ ਦੇ ਮੌਕੇ ਮਿਲਣਗੇ ਅਤੇ ਉਹ ਸਹੀ ਦਿਸ਼ਾ ਵਿੱਚ ਪ੍ਰੇਰਿਤ ਹੋਣਗੇ। ਇਸ ਮੌਕੇ ਡੀਐੱਸਪੀ ਹਰੀਸ਼ ਕੁਮਾਰ, ਥਾਣਾ ਸਿਟੀ-2 ਦੇ ਇੰਚਾਰਜ ਸੁਖਮੰਦਰ ਸਿੰਘ, ਸਬ-ਇੰਸਪੈਕਟਰ ਨਵਦੀਪ ਸ਼ਰਮਾ, ਪਰਿਤਮਾ ਰਾਣੀ, ਰਾਧੇਸ਼ਿਆਮ, ਅਜੇ, ਅਸ਼ੋਕ ਅਰੋੜਾ, ਖੁਸ਼ੀ, ਕ੍ਰਿਤੀ, ਸਚਿਨ, ਕਰਨ, ਵਿਸ਼ੂ, ਲਵ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।