ਫਾਜ਼ਿਲਕਾ ਪੁਲਿਸ ਰੰਗਾਂ ਦੇ ਤਿਉਹਾਰ ਹੋਲੀ ਨੂੰ ਲੈ ਕੇ ਪੂਰੀ ਚੌਕਸ : ਆਈਜੀ ਚੀਮਾ
ਫਾਜ਼ਿਲਕਾ ਪੁਲਿਸ ਹੌਲੀ ਦੇ ਤਿਉਹਾਰ ਨੂੰ ਲੈਕੇ ਪੂਰੀ ਚੌਕਸ: ਆਈ ਜੀ ਗੌਤਮ ਚੀਮਾ
Publish Date: Tue, 03 Mar 2026 05:48 PM (IST)
Updated Date: Tue, 03 Mar 2026 05:50 PM (IST)

ਹੈਪੀ ਕਾਠਪਾਲ/ਬੰਪਲ ਭਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਵਿੱਚ ਹੌਲੀ ਦੇ ਤਿਉਹਾਰ ਦੇ ਚਲਦਿਆ ਨਸ਼ਾ ਤਸਕਰੀ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਫਿਰੋਜ਼ਪੁਰ ਰੇਂਜ ਦੇ ਆਈਜੀ ਗੌਤਮ ਚੀਮਾ ਨੇ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸ਼ਹਿਰ ਵਿੱਚ ਚੱਲ ਰਹੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਆਈਜੀ ਦੇ ਆਗਮਨ ਨਾਲ ਹੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਇਆ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ। ਆਈਜੀ ਨੇ ਆਪਣੇ ਦੌਰੇ ਦੌਰਾਨ ਜਲਾਲਾਬਾਦ ਦੇ ਸਰਹੱਦੀ ਖੇਤਰਾਂ ਅਤੇ ਸ਼ਹਿਰ ਦੇ ਮੁੱਖ ਚੌਕਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ। ਇਸ ਦੇ ਨਾਲ ਹੀ ਸ਼ਹਿਰ ਦੇ ਅੰਦਰ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਵਧਾਉਣ ਅਤੇ ਰਾਤ ਸਮੇਂ ਗਸ਼ਤ ਤੇਜ਼ ਕਰਨ ਤੇ ਜ਼ੋਰ ਦਿੱਤਾ ਗਿਆ ਤਾਂ ਜੋ ਆਮ ਜਨਤਾ ਸੁਰੱਖਿਅਤ ਮਹਿਸੂਸ ਕਰ ਸਕੇ। ਪ੍ਰੈਸ ਵਾਰਤਾ ਦੌਰਾਨ ਆਈਜੀ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਕੜੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਵਿਅਕਤੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰੇਗਾ ਜਾਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਥਾਨਕ ਪੁਲਿਸ ਨੂੰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਆਈਜੀ ਨੇ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਦੇ ਜੋ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਨਗੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਪਰ ਲਾਪਰਵਾਹੀ ਵਰਤਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਆਈਜੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਪੁਲਿਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਵੀ ਨਸ਼ਾ ਤਸਕਰਾਂ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਨਿਡਰ ਹੋ ਕੇ ਪੁਲਿਸ ਨੂੰ ਸੂਚਿਤ ਕਰਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਦਾ ਟੀਚਾ ਜਲਾਲਾਬਾਦ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣਾ ਹੈ, ਜਿਸ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕੜੇ ਕਦਮ ਚੁੱਕੇ ਜਾਣਗੇ।