ਗੋਲੀਬਾਰੀ ਦੇ ਦੋ ਮਾਮਲਿਆਂ ’ਚ ਮੁੱਖ ਮੁਲਜ਼ਮ ਗ੍ਰਿਫ਼ਤਾਰ ਗੋਲੀਬਾਰੀ ਦੇ ਦੋ ਮਾਮਲਿਆਂ ਵਿੱਚ ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਮੁੱਖ ਮੁਲਜ਼ਮ ਗ੍ਰਿਫ਼ਤਾਰ
Publish Date: Mon, 16 Nov 2026 05:52 PM (IST)
Updated Date: Mon, 16 Nov 2026 05:54 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਪੁਲਿਸ ਨੇ ਗੋਲੀਬਾਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਪਿੰਡ ਸੂਰੇਸ਼ਵਾਲਾ ਵਿਖੇ ਕਾਰ ਸਵਾਰ ਵਿਅਕਤੀ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਪੀ. ਇਨਵੈਸਟੀਗੇਸ਼ਨ ਸਤਿੰਦਰ ਕੁਮਾਰ ਨੇ ਦੱਸਿਆ ਕਿ 10 ਨਵੰਬਰ 2026 ਨੂੰ ਮਨਿਸ਼ ਕੁਮਾਰ ਆਪਣੀ ਲੜਕੀ ਸਮੇਤ ਕਾਰ ਵਿੱਚ ਸਵਾਰ ਹੋ ਕੇ ਪਿੰਡ ਸੂਰੇਵਾਲਾ ਵਿਖੇ ਜਾ ਰਿਹਾ ਸੀ। ਇਸ ਦੌਰਾਨ ਗੁਰਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਸਮੇਤ ਹੋਰ ਵਿਅਕਤੀਆਂ ਵੱਲੋਂ ਉਸ ਦੀ ਕਾਰ ’ਤੇ ਗੋਲੀਆਂ ਚਲਾਈਆਂ ਗਈਆਂ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਮੁਕੱਦਮਾ ਨੰਬਰ 355 ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਵੱਲੋਂ ਕੁੱਲ ਛੇ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸੇ ਤਰ੍ਹਾਂ 23 ਮਾਰਚ 2026 ਨੂੰ ਪਿੰਡ ਚੰਨਣਵਾਲਾ ਖੇਤਰ ਵਿੱਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੀ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਇਨ੍ਹਾਂ ਮਾਮਲਿਆਂ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕਰ ਰਹੀ ਹੈ। ਐਸ.ਪੀ. ਇਨਵੈਸਟੀਗੇਸ਼ਨ ਸਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।