ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ
Publish Date: Thu, 08 Oct 2026 05:36 PM (IST)
Updated Date: Fri, 09 Oct 2026 04:05 AM (IST)
-ਪ੍ਰਸ਼ਾਸਨ ਵੱਲੋਂ ਬਾਹਰੀ ਝੋਨੇ ਦੀ ਪੰਜਾਬ ਦੀਆਂ ਮੰਡੀਆਂ ’ਚ ਵਿਕਰੀ ’ਤੇ ਸਖ਼ਤ ਨਿਗਰਾਨੀ ਰਿਤਿਸ਼ ਕੁੱਕੜ. ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਤੋਂ ਬਾਹਰਲੇ ਸੂਬਿਆਂ ਤੋਂ ਲਿਆਂਦੇ ਝੋਨੇ ਦੀ ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਨਿਗਰਾਨੀ ਹੇਠ ਸਬੰਧਤ ਵਿਭਾਗਾਂ ਦੀਆਂ ਟੀਮਾਂ ਵੱਲੋਂ ਮੰਡੀਆਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਆਮਦ ’ਤੇ ਨਜ਼ਰ ਰੱਖੀ ਜਾ ਰਹੀ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੈਂਟ੍ਰਲ ਵਿਜੀਲੈਂਸ ਕਮੇਟੀ ਵੱਲੋਂ ਵੀ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਕਮੇਟੀ ਦੀ ਟੀਮ ਵੱਲੋਂ ਜਲਾਲਾਬਾਦ ਵਿਖੇ ਝੋਨੇ ਦੀ ਪੜਤਾਲ ਕੀਤੀ ਗਈ, ਤਾਂ ਜੋ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। ਇਸੇ ਮੁਹਿੰਮ ਤਹਿਤ ਮਾਰਕੀਟ ਕਮੇਟੀ ਜਲਾਲਾਬਾਦ ਵੱਲੋਂ ਪੰਜਾਬ ਤੋਂ ਬਾਹਰ ਦਾ ਝੋਨਾ ਲੈ ਕੇ ਆ ਰਹੀ ਇੱਕ ਟਰਾਲੀ ਕਾਬੂ ਕੀਤੀ ਗਈ। ਜਾਂਚ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਬਾਹਰਲੇ ਸੂਬੇ ਦਾ ਝੋਨਾ ਗਲਤ ਢੰਗ ਨਾਲ ਪੰਜਾਬ ਦੀ ਮੰਡੀ ਵਿੱਚ ਲਿਆਉਣ ਵਾਲੇ ਸਬੰਧਤ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਬਾਹਰੋਂ ਝੋਨਾ ਲਿਆਉਣ ਜਾਂ ਪੰਜਾਬ ਦੀਆਂ ਮੰਡੀਆਂ ਵਿੱਚ ਉਸ ਦੀ ਵਿਕਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਸੁਚਾਰੂ ਖਰੀਦ ਅਤੇ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਣ ਤੋਂ ਬਾਅਦ ਹੀ ਕਟਾਈ ਕਰਨ ਅਤੇ ਉਸ ਉਪਰੰਤ ਮੰਡੀ ਵਿੱਚ ਲਿਆਉਣ, ਤਾਂ ਜੋ ਫਸਲ ਦੀ ਖਰੀਦ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। 7 ਅਕਤੂਬਰ ਤੱਕ 7,132 ਮੀਟਰਿਕ ਟਨ ਝੋਨੇ ਦੀ ਖਰੀਦ ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ 7 ਅਕਤੂਬਰ ਤੱਕ ਫਾਜ਼ਿਲਕਾ ਜ਼ਿਲ੍ਹੇ ਦੀਆਂ 14 ਮੰਡੀਆਂ ਵਿੱਚ ਕੁੱਲ 8,717 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,132 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ 5,993 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਸਮੂਹ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸਾਰੀਆਂ ਸਬੰਧਤ ਏਜੰਸੀਆਂ ਨੂੰ ਖਰੀਦ ਤੇ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।