ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ
Publish Date: Wed, 19 Aug 2026 05:31 PM (IST)
Updated Date: Wed, 19 Aug 2026 05:33 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਰਾਜ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਤਾਇਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖੁਰਾਕ ਸਪਲਾਈ ਅਫਸਰਾਂ ਨੇ ਵਿਭਾਗ ਦੀਆਂ ਕਥਿਤ ਗਲਤ ਨੀਤੀਆਂ, ਤਨਖਾਹਾਂ ਵਿੱਚੋਂ ਕੀਤੀਆਂ ਜਾ ਰਹੀਆਂ ਨਾਜਾਇਜ਼ ਰਿਕਵਰੀਆਂ ਅਤੇ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਹਰ ਤਰ੍ਹਾਂ ਦਾ ਕੰਮ ਮੁਕੰਮਲ ਤੌਰ ’ਤੇ ਬੰਦ ਕਰਨ ਦੀ ਗੱਲ ਵੀ ਆਖੀ ਹੈ। ਇੰਸਪੈਕਟਰ ਫੂਡ ਸਪਲਾਈ ਯੂਨੀਅਨ, ਪੰਜਾਬ ਦੇ ਸਦੇ ਤੇ ਫ਼ਾਜ਼ਿਲਕਾ ਯੂਨੀਅਨ ਦੇ ਪ੍ਰਧਾਨ ਸੰਦੀਪ ਛਾਬੜਾ ਦੀ ਰਹਿਨੁਮਾਈ ਚ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਨਤਕ ਵੰਡ ਪ੍ਰਣਾਲੀ (ਪੀਡੀਐੱਸ) ਅਤੇ ਸੂਬੇ ਦੇ ਅਨਾਜ ਦੀ ਖਰੀਦ, ਸਾਂਭ-ਸੰਭਾਲ ਅਤੇ ਦੇਸ਼ ਭਰ ਵਿੱਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫੀਲਡ ਸਟਾਫ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ ਤਨਖਾਹਾਂ ਵਿੱਚੋਂ ‘ਲੇਟ ਡਾਕੂਮੈਂਟ ਰਿਕਵਰੀ’ ਦੇ ਨਾਂ ’ਤੇ ਕੀਤੀਆਂ ਜਾ ਰਹੀਆਂ ਕਟੌਤੀਆਂ ਨੂੰ ਤੁਰੰਤ ਬੰਦ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਿਭਾਗ ਦੇ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ ਗਈ ਸੀ, ਪਰ ਵਿਭਾਗ ਵੱਲੋਂ ਮੀਟਿੰਗਾਂ ਨੂੰ ਵਾਰ-ਵਾਰ ਟਾਲੇ ਜਾਣ ਕਾਰਨ ਨਿਰੀਖਕ ਕੇਡਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਅਨੁਸਾਰ ਪਿਛਲੇ ਚਾਰ ਸਾਲਾਂ ਤੋਂ ਵਿਭਾਗ ਵੱਲੋਂ ਅਨਾਜ ਦੀ ਸਾਂਭ-ਸੰਭਾਲ ਲਈ ਲੋੜੀਂਦਾ ਸਟਾਕ ਆਰਟੀਕਲ, ਜਿਵੇਂ ਕਰੇਟ, ਤਰਪਾਲਾਂ ਆਦਿ ਮੁਹੱਈਆ ਨਹੀਂ ਕਰਵਾਏ ਗਏ। ਇਸ ਦੇ ਬਾਵਜੂਦ ਮੁਲਾਜ਼ਮਾਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਰਕਾਰ ਦੇ ਕਰੋੜਾਂ ਰੁਪਏ ਦੇ ਵਿੱਤੀ ਅਤੇ ਕੁਆਲਟੀ ਨੁਕਸਾਨ ਤੋਂ ਬਚਾਅ ਲਈ ਕੰਮ ਕੀਤਾ। ਇਸ ਤੋਂ ਇਲਾਵਾ ਫੀਲਡ ਸਟਾਫ ਦੇ ਦਫ਼ਤਰਾਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ ਕਨਵੇਅੰਸ ਅਲਾਊਂਸ ਸਮੇਤ ਹੋਰ ਬਕਾਇਆ ਭੱਤੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਕੋਰੋਨਾ ਵਰਗੀ ਗੰਭੀਰ ਮਹਾਂਮਾਰੀ ਦੌਰਾਨ ਵੀ ਖੁਰਾਕ ਸਪਲਾਈ ਵਿਭਾਗ ਦੇ ਨਿਰੀਖਕਾਂ ਨੇ ਹਰ ਘਰ ਤੱਕ ਰਾਸ਼ਨ ਪਹੁੰਚਾਉਣਾ ਯਕੀਨੀ ਬਣਾਇਆ ਸੀ। ਇਸ ਦੇ ਬਾਵਜੂਦ ਹੁਣ ਵਿਭਾਗ ਦੇ ਅੜੀਅਲ ਰਵੱਈਏ ਕਾਰਨ ਮੁਲਾਜ਼ਮਾਂ ਨੂੰ ਹੜਤਾਲ ਦਾ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ। ਇਸ ਹੜਤਾਲ ਨੂੰ ਸਹਾਇਕ ਖੁਰਾਕ ਸਪਲਾਈ ਅਫਸਰਾਂ ਦੀ ਯੂਨੀਅਨ ਵੱਲੋਂ ਵੀ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਉਹ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਨਾਜਾਇਜ਼ ਕਟੌਤੀਆਂ ’ਤੇ ਰੋਕ ਲਗਾਉਣ ਅਤੇ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਦੇ ਨਿਰਦੇਸ਼ ਜਾਰੀ ਕਰਨ, ਤਾਂ ਜੋ ਖੁਰਾਕ ਸਪਲਾਈ ਦੇ ਫੀਲਡ ਸਟਾਫ ਨੂੰ ਆ ਰਹੀਆਂ ਦਿੱਕਤਾਂ ਦਾ ਹੱਲ ਕੀਤਾ ਜਾ ਸਕੇ।