- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ ਜ਼ਿਲ੍ਹੇ 'ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਸਮੇਂ ਰਹਿੰਦੇ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 11 ਫਰਵਰੀ ਨੂੰ ਰਾਜਪਾਲ ਪੰਜਾਬ ਫਾਜ਼ਿਲਕਾ ਦੇ ਜੱਟਵਾਲੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ। ਇਸ ਉਪਰੰਤ ਸੰਜੀਵ ਸਿਨੇਮਾ ਫਾਜ਼ਿਲਕਾ ਤੋਂ ਘੰਟਾ ਘਰ ਫਾਜ਼ਿਲਕਾ ਤੱਕ ਪੈਦਲ ਮਾਰਚ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਮਾਨਯੋਗ ਰਾਜਪਾਲ ਪੰਜਾਬ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਵੀ ਨਤਮਸਤਕ ਹੋਣਗੇ। ਇਸ ਮੌਕੇ ਉਨ੍ਹਾਂ ਵੱਲੋਂ ਸਰਹੱਦੀ ਜ਼ਿਲ੍ਹੇ ਦੀਆਂ ਪਿੰਡ ਸੁਰੱਖਿਆ ਕਮੇਟੀਆਂ (ਵੀ.ਡੀ.ਸੀ) ਨਾਲ ਮੀਟਿੰਗ ਕੀਤੀ ਜਾਵੇਗੀ। ਜ਼ਿਲ੍ਹਾ ਫਾਜ਼ਿਲਕਾ ਦੇ ਦੂਸਰੇ ਦਿਨ ਦੇ ਦੌਰੇ ਦੌਰਾਨ ਮਾਨਯੋਗ ਰਾਜਪਾਲ ਪੰਜਾਬ 12 ਫਰਵਰੀ ਨੂੰ ਮਿਉਸਪਲ ਕਾਰਪੋਰੇਸ਼ਨ ਦਫਤਰ ਅਬੋਹਰ ਤੋਂ ਡੀ.ਏ.ਵੀ. ਕਾਲਜ ਅਬੋਹਰ ਤੱਕ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਪੈਦਲ ਯਾਤਰਾ ਦੀ ਅਗਵਾਈ ਕਰਨਗੇ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖਾਤਮੇ ਲਈ ਇੱਕਜੁਟ ਹੋਣ ਦਾ ਸੱਦਾ ਦੇਣਗੇ।ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।