ਸਿੰਚਾਈ ਲਈ ਪੂਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ 70 ਸਾਲਾਂ ਵਿੱਚ ਪਹਿਲੀ ਵਾਰ ਅਬੋਹਰ ਦੇ ਟੇਲ 'ਤੇ ਇੰਨੇ ਮਾੜੇ ਹਾਲਾਤ:ਸੰਦੀਪ ਜਾਖੜ
Publish Date: Fri, 03 Jul 2026 04:00 PM (IST)
Updated Date: Fri, 03 Jul 2026 04:02 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਮਲੂਕਪੁਰ ਰਜਬਾਹ ਦੀ ਟੇਲ ਤੇ ਸਥਿਤ ਪਿੰਡ ਗੁੰਮਜਾਲ ਅਤੇ ਪੰਨੀਵਾਲਾ ਮਾਹਲਾ ਸਮੇਤ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੇ ਸਿੰਚਾਈ ਲਈ ਪੂਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਨਹਿਰੀ ਕਲੋਨੀ ਵਿਖੇ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਦੇ ਸਮਰਥਨ ਵਿੱਚ ਵਿਧਾਇਕ ਸੰਦੀਪ ਜਾਖੜ ਵੀ ਧਰਨਾ ਸਥਾਨ ਤੇ ਪਹੁੰਚੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਮਲੂਕਪੁਰ ਰਾਜਬਾਹ ਦੀ ਟੇਲ ਤੇ ਲੰਬੇ ਸਮੇਂ ਤੋਂ ਪੂਰਾ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ। ਪਾਣੀ ਦੀ ਘਾਟ ਕਾਰਨ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਸੁੱਕਣ ਲੱਗੀਆਂ ਹਨ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਕਈ ਵਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਇਹ ਮਸਲਾ ਲਿਆ ਚੁੱਕੇ ਹਨ, ਪਰ ਅੱਜ ਤੱਕ ਇਸ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ। ਵਿਧਾਇਕ ਸੰਦੀਪ ਜਾਖੜ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਜਾਇਜ਼ ਮੰਗ ਨੂੰ ਹਰ ਪੱਧਰ ਤੇ ਪੂਰੀ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਟੇਲ ਤੱਕ ਪੂਰਾ ਨਹਿਰੀ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਦਾ ਖਮਿਆਜ਼ਾ ਅੰਨਦਾਤਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਸੰਦੀਪ ਜਾਖੜ ਨੇ ਕਿਹਾ ਕਿ ਜੇਕਰ ਸਮੇਂ ਸਿਰ ਟੇਲ ਤੱਕ ਪੂਰਾ ਪਾਣੀ ਨਾ ਪਹੁੰਚਿਆ ਤਾਂ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਸਕਦੀਆਂ ਹਨ। ਉਨ੍ਹਾਂ ਸਰਕਾਰ ਅਤੇ ਸਿੰਚਾਈ ਵਿਭਾਗ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਦੀ ਮਿਹਨਤ ਅਤੇ ਫ਼ਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਜਲਦੀ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਦੇ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਵਿਧਾਇਕ ਸੰਦੀਪ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਧਾ ਨਿਸ਼ਾਨਾ ਵਿਨਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਜਦੋਂ ਵੀ ਤੁਹਾਨੂੰ ਵਿਪਾਸਨਾ ਤੋਂ ਸਮਾਂ ਮਿਲੇ ਤਾਂ ਅਬੋਹਰ ਆ ਕੇ ਇੱਥੋਂ ਦੇ ਹਾਲਾਤ ਦਾ ਜਾਇਜ਼ਾ ਲਓ। ਆਪਣੇ ਨਾਲ ਸਿੰਚਾਈ ਮੰਤਰੀ ਬਰਿੰਦਰ ਗੋਇਲ ਨੂੰ ਵੀ ਲੈ ਕੇ ਆਓ, ਤਾਂ ਜੋ ਤੁਹਾਨੂੰ ਜ਼ਮੀਨੀ ਹਕੀਕਤ ਦਾ ਪਤਾ ਲੱਗ ਸਕੇ ਕਿ ਟੇਲਾਂ ਤੇ ਪਾਣੀ ਨਾ ਪਹੁੰਚਣ ਕਾਰਨ ਸਾਡੇ ਕਿਸਾਨਾਂ ਨੂੰ ਕਿੰਨੀਆਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਸਾਰਿਆਂ ਨੇ ਇੱਕ ਸੁਰ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਮਲੂਕਪੁਰ ਰਾਜਬਾਹ ਦੀ ਟੇਲ ਤੱਕ ਨਿਯਮਿਤ ਅਤੇ ਪੂਰਾ ਨਹਿਰੀ ਪਾਣੀ ਪਹੁੰਚਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੀਆਂ ਫ਼ਸਲਾਂ ਸੁਰੱਖਿਅਤ ਰਹਿ ਸਕਣ।ਇਸ ਮੌਕੇ ਐੱਸ.ਡੀ.ਓ. ਜਸਵਿੰਦਰ ਸਿੰਘ ਵਿਰਕ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੱਲ੍ਹ ਤੱਕ ਟੇਲ ਤੇ ਪੂਰਾ ਪਾਣੀ ਪਹੁੰਚਾ ਦਿੱਤਾ ਜਾਵੇਗਾ।