- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਦੀਪ ਕੰਬੋਜ ਅਤੇ ਰਾਧੇ ਸ਼ਾਮ ਦਾ ਮੂੰਹ ਮਿੱਠਾ ਕਰਵਾਉਂਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲਾਲਾਬਾਦ : ਕਾਂਗਰਸ ਪਾਰਟੀ ਵੱਲੋਂ ਓਬੀਸੀ ਵਿਭਾਗ ਵਿੱਚ ਨਵੀਆਂ ਨਿਯੁਕਤੀਆਂ ਕਰਦਿਆਂ ਮਾਹਮੂ ਜੋਈਆ ਵਾਸੀ ਸੰਦੀਪ ਕੰਬੋਜ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਓਬੀਸੀ ਵਿਭਾਗ ਦਾ ਜ਼ਿਲ੍ਹਾ ਕੋਆਰਡੀਨੇਟਰ ਅਤੇ ਪਿੰਡ ਚੱਕ ਬੰਨ ਵਾਲਾ ਵਾਸੀ ਰਾਧੇ ਸ਼ਾਮ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਓਬੀਸੀ ਵਿਭਾਗ ਦਾ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਦੋਵਾਂ ਆਗੂਆਂ ਨੂੰ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸੰਦੀਪ ਕੰਬੋਜ ਅਤੇ ਰਾਧੇ ਸ਼ਾਮ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੋਵਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆਂ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਪਾਰਟੀ ਵੱਲੋਂ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਦੀ ਕਦਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੰਦੀਪ ਕੰਬੋਜ ਅਤੇ ਰਾਧੇ ਸ਼ਾਮ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਓਬੀਸੀ ਵਰਗ ਨਾਲ ਸਬੰਧਤ ਲੋਕਾਂ ਨਾਲ ਮਜ਼ਬੂਤ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ’ਤੇ ਉਠਾਉਣਾ ਨਵੇਂ ਅਹੁਦੇਦਾਰਾਂ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਦੋਵਾਂ ਆਗੂਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨ। ਇਸ ਮੌਕੇ ਸੰਦੀਪ ਕੰਬੋਜ ਅਤੇ ਰਾਧੇ ਸ਼ਾਮ ਨੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਰਕਰਾਂ ਅਤੇ ਓਬੀਸੀ ਵਰਗ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਵੀ ਦੋਵਾਂ ਨਵ-ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ।