ਨੂਰਸ਼ਾਹ ਵਿਖੇ ਕਿਸਾਨਾਂ ਦੇ ਧਰਨੇ ਵਿੱਚ ਪਹੁੰਚੇ ਸਾਬਕਾ ਵਿਧਾਇਕ ਆਵਲਾ ਨੂਰਸ਼ਾਹ ਵਿਖੇ ਕਿਸਾਨਾਂ ਦੇ ਧਰਨੇ ਵਿੱਚ ਪਹੁੰਚੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ
Publish Date: Thu, 23 Jul 2026 04:09 PM (IST)
Updated Date: Thu, 23 Jul 2026 04:10 PM (IST)
- ਮੰਗਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਦੇ ਸਰਹੱਦੀ ਪਿੰਡ ਨੂਰਸ਼ਾਹ ਵਿੱਚ ਆਰਮੀ ਦੀ ਪ੍ਰਸਤਾਵਿਤ ਡਿਫੈਂਸ ਲਾਈਨ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਏ ਜਾ ਰਹੇ ਧਰਨੇ ਵਿੱਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਧਰਨੇ ’ਤੇ ਬੈਠੇ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਸਾਬਕਾ ਵਿਧਾਇਕ ਨੂੰ ਦੱਸਿਆ ਕਿ ਪਿੰਡ ਨੂਰਸ਼ਾਹ ਵਿਖੇ ਭਾਰਤੀ ਫੌਜ ਵੱਲੋਂ ਡਿਫੈਂਸ ਲਾਈਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਕੁਝ ਦੂਰੀ ’ਤੇ ਸਥਿਤ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਪ੍ਰੋਜੈਕਟ ਤਹਿਤ ਕੁਝ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਤਾਂ ਐਕਵਾਇਰ ਕੀਤਾ ਜਾ ਰਿਹਾ ਹੈ, ਪਰ ਕਈ ਹੋਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਪ੍ਰਭਾਵਿਤ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜ਼ਮੀਨਾਂ ਡਿਫੈਂਸ ਲਾਈਨ ਤੋਂ ਅੱਗੇ ਰਹਿ ਜਾਂਦੀਆਂ ਹਨ ਤਾਂ ਭਵਿੱਖ ਵਿੱਚ ਹੜ੍ਹ, ਜੰਗ ਜਾਂ ਹੋਰ ਕਿਸੇ ਐਮਰਜੈਂਸੀ ਸਥਿਤੀ ਦੌਰਾਨ ਉਨ੍ਹਾਂ ਨੂੰ ਆਪਣੀਆਂ ਜ਼ਮੀਨਾਂ ਤੱਕ ਪਹੁੰਚਣ ਅਤੇ ਖੇਤੀਬਾੜੀ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਨਾਲ ਉਨ੍ਹਾਂ ਦੀ ਫ਼ਸਲ, ਆਮਦਨ ਅਤੇ ਰੋਜ਼ੀ-ਰੋਟੀ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਡਿਫੈਂਸ ਲਾਈਨ ਦੇ ਨਿਰਮਾਣ ਤੋਂ ਪਹਿਲਾਂ ਉਨ੍ਹਾਂ ਦੀਆਂ ਜ਼ਮੀਨਾਂ ਵੀ ਸਰਕਾਰ ਵੱਲੋਂ ਐਕਵਾਇਰ ਕੀਤੀਆਂ ਜਾਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੈਦਾ ਨਾ ਹੋਵੇ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਸੰਬੰਧਿਤ ਵਿਭਾਗਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਉਹ ਹਰ ਪੱਧਰ ਤੇ ਆਵਾਜ਼ ਉਠਾਉਣਗੇ ਅਤੇ ਕਿਸੇ ਵੀ ਕਿਸਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਆਵਲਾ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਕਿਸਾਨ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿੱਚ ਸਰਕਾਰ ਨੂੰ ਚਾਹੀਦਾ ਹੈ ਕਿ ਡਿਫੈਂਸ ਨਾਲ ਜੁੜੇ ਪ੍ਰੋਜੈਕਟਾਂ ਨੂੰ ਲਾਗੂ ਕਰਦੇ ਸਮੇਂ ਕਿਸਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਆਰਥਿਕ ਜਾਂ ਸਮਾਜਿਕ ਨੁਕਸਾਨ ਨਾ ਝੱਲਣਾ ਪਵੇ। ਧਰਨੇ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਸਵੀਕਾਰ ਕਰਕੇ ਇਸ ਮਸਲੇ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ, ਪਿੰਡ ਵਾਸੀ ਅਤੇ ਹੋਰ ਆਗੂ ਵੀ ਮੌਜੂਦ ਸਨ, ਜਿਨ੍ਹਾਂ ਨੇ ਇਕਜੁੱਟ ਹੋ ਕੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ।