ਗੁਲਾਬ ਚੰਦ ਕਟਾਰੀਆ ਲਹਿਰਾਉਣਗੇ ਕੌਮੀ ਝੰਡਾ : ਡੀਸੀ ਸੰਧੂ
ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
Publish Date: Sat, 24 Jan 2026 06:09 PM (IST)
Updated Date: Sat, 24 Jan 2026 06:10 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ। ਇਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਨ. ਡਾ. ਮਨਦੀਪ ਕੌਰ ਮੌਜੂਦ ਸਨ। ਫੁੱਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਜਾਇਜ਼ਾ ਲਿਆ ਗਿਆ। ਇਸ ਮਗਰੋਂ ਪਰੇਡ ਕਮਾਂਡਰ ਏ.ਐੱਸ.ਪੀ. ਗਜਲਪ੍ਰੀਤ ਕੌਰ ਦੀ ਕਮਾਂਡ ਹੇਠ ਪੁਲੀਸ ਤੇ ਹੋਮਗਾਰਡ ਦੇ ਜਵਾਨਾਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵਿਭਾਗਾਂ ਦੀ ਸਕੀਮਾਂ ਬਾਰੇ ਜਾਗਰੂਕ ਕਰਦੀਆਂ ਝਾਕੀਆਂ ਵੀ ਕੱਢੀਆਂ ਗਈਆਂ ਤੇ ਵੱਖ ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਦੇਸ਼ਭਗਤੀ ਨਾਲ ਸਬੰਧਿਤ ਕੋਰਿਓਗ੍ਰਾਫੀਆਂ ਵੀ ਪੇਸ਼ ਕੀਤੀਆਂ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਅੱਜ ਸਵੇਰੇ ਆਸਫਵਾਲਾ ਵਾਰ ਮੈਮੋਰੀਅਲ ਜਾ ਕੇ ਸ਼ਹੀਦਾਂ ਦੀ ਸਮਾਧ ਤੇ ਵੀ ਸਿਜਦਾ ਕੀਤਾ। ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਉਹ ਸਮਾਗਮ ਦੀ ਸਫ਼ਲਤਾ ਲਈ ਤਨੋ-ਮਨੋਂ ਸਹਿਯੋਗ ਪਾਉਣ। ਇਸ ਮੌਕੇ ਐੱਸ.ਡੀ.ਐਮ ਜਲਾਲਾਬਾਦ ਕੰਵਰਜੀਤ ਸਿੰਘ, ਐੱਸ.ਡੀ.ਐੱਮ ਫਾਜ਼ਿਲਕਾ ਵੀਰਪਾਲ ਕੌਰ, ਐੱਸ.ਡੀ.ਐੱਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।