ਸਫਾਈ ਕਰਮੀਆਂ ਦੀ ਹੜਤਾਲ ਕਾਰਨ ਫਾਜ਼ਿਲਕਾ 'ਚ ਥਾਂ-ਥਾਂ ਗੰਦਗੀ ਦੇ ਢੇਰ ਸਫਾਈ ਕਰਮੀਆਂ ਦੀ ਹੜਤਾਲ ਕਾਰਨ ਫਾਜ਼ਿਲਕਾ 'ਚ ਥਾਂ-ਥਾਂ ਗੰਦਗੀ ਦੇ ਢੇਰ
Publish Date: Wed, 15 Jul 2026 05:22 PM (IST)
Updated Date: Wed, 15 Jul 2026 05:24 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਫਾਜ਼ਿਲਕਾ ਸ਼ਹਿਰ ਵਿੱਚ ਗੰਭੀਰ ਰੂਪ ਧਾਰਨ ਕਰ ਗਿਆ ਹੈ। ਹੜਤਾਲ ਲੰਬੀ ਖਿੱਚਣ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ, ਗਲੀਆਂ, ਸੜਕਾਂ ਦੇ ਕਿਨਾਰਿਆਂ ਅਤੇ ਜਨਤਕ ਥਾਵਾਂ ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਕਈ ਥਾਵਾਂ ਤੇ ਕੂੜਾ ਸੜਕਾਂ ਤੱਕ ਫੈਲ ਗਿਆ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤੀ ਮੌਸਮ ਕਾਰਨ ਕੂੜੇ ਵਿੱਚੋਂ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ-ਮੱਛਰਾਂ ਦੀ ਗਿਣਤੀ ਵੀ ਵੱਧ ਰਹੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਜਲਦ ਸਫਾਈ ਪ੍ਰਬੰਧ ਬਹਾਲ ਨਾ ਹੋਏ ਤਾਂ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ। ਵਪਾਰੀਆਂ ਨੇ ਵੀ ਕਿਹਾ ਕਿ ਬਾਜ਼ਾਰਾਂ ਵਿੱਚ ਗੰਦਗੀ ਕਾਰਨ ਗਾਹਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਕਾਰੋਬਾਰ ਤੇ ਵੀ ਅਸਰ ਪੈ ਰਿਹਾ ਹੈ। ਸਰਕਾਰ ਟਕਰਾਅ ਦੀ ਨੀਤੀ ਛੱਡ ਕੇ ਗੱਲਬਾਤ ਰਾਹੀਂ ਹੱਲ ਕੱਢੇ : ਫੁਟੇਲਾ ਸਮਾਜ ਸੇਵੀ ਤੇ ਭਾਜਪਾ ਆਗੂ ਅੰਕੁਸ਼ ਫੁਟੇਲਾ ਨੇ ਕਿਹਾ ਕਿ ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਹ ਵਾਅਦੇ ਸਿਰਫ਼ ਲਾਰਿਆਂ ਤੱਕ ਹੀ ਸੀਮਤ ਰਹਿ ਗਏ ਹਨ। ਫੁਟੇਲਾ ਨੇ ਕਿਹਾ ਕਿ ਹੜਤਾਲ ਦਾ ਖਮਿਆਜ਼ਾ ਹੁਣ ਆਮ ਲੋਕ ਭੁਗਤ ਰਹੇ ਹਨ। ਇੱਕ ਪਾਸੇ ਸਫਾਈ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ਤੇ ਬੈਠੇ ਹਨ, ਜਦਕਿ ਦੂਜੇ ਪਾਸੇ ਸ਼ਹਿਰ ਵਾਸੀ ਗੰਦਗੀ ਵਿੱਚ ਰਹਿਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਨੀਤੀ ਛੱਡ ਕੇ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਹੜਤਾਲ ਖ਼ਤਮ ਕਰਵਾਉਣੀ ਚਾਹੀਦੀ ਹੈ। ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਡਰ ਫਾਜ਼ਿਲਕਾ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਲਗਾਤਾਰ ਪੈ ਰਹੀ ਗਰਮੀ ਕਾਰਨ ਕੂੜੇ ਵਿੱਚੋਂ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ-ਮੱਛਰਾਂ ਦੀ ਗਿਣਤੀ ਵੀ ਵੱਧ ਰਹੀ ਹੈ। ਸਿਹਤ ਮਾਹਿਰਾਂ ਅਨੁਸਾਰ ਅਜਿਹੇ ਹਾਲਾਤਾਂ ਵਿੱਚ ਡੇਂਗੂ, ਮਲੇਰੀਆ, ਦਸਤ, ਟਾਈਫਾਇਡ ਅਤੇ ਹੋਰ ਸੰਕਰਾਮਕ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਸ਼ਹਿਰ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਸਫਾਈ ਵਿਵਸਥਾ ਬਹਾਲ ਕਰਨ ਅਤੇ ਕੂੜੇ ਦੇ ਢੇਰ ਚੁਕਵਾਉਣ ਦੀ ਮੰਗ ਕੀਤੀ ਹੈ, ਤਾਂ ਜੋ ਕਿਸੇ ਵੀ ਸੰਭਾਵਿਤ ਸਿਹਤ ਸੰਕਟ ਤੋਂ ਬਚਿਆ ਜਾ ਸਕੇ।