ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰ ਖੇੜਾ ਨੂੰ 'ਗ੍ਰੀਨ ਸਕੂਲ ਐਵਾਰਡ' ਮਿਲਿਆ
ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰ ਖੇੜਾ ਨੂੰ 'ਗ੍ਰੀਨ ਸਕੂਲ ਅਵਾਰਡ' ਮਿਲਿਆ
Publish Date: Sat, 31 Jan 2026 04:25 PM (IST)
Updated Date: Sat, 31 Jan 2026 04:28 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰ ਖੇੜਾ ਨੂੰ ਵਾਤਾਵਰਣ ਦੀ ਸੰਭਾਲ ਲਈ ਰਾਸ਼ਟਰੀ ਪੱਧਰ ਦਾ ਗ੍ਰੀਨ ਸਕੂਲ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਸਕੂਲ ਦੇ ਮੁੱਖ ਅਧਿਆਪਕ ਸੁਨੀਲ ਕੁਮਾਰ ਨੇ 30 ਜਨਵਰੀ ਨੂੰ ਇੰਡੀਆ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਇਹ ਸਨਮਾਨ ਹਾਸਲ ਕਰਨ ਵਾਲਾ ਬਹਾਦਰ ਖੇੜਾ ਜ਼ਿਲ੍ਹਾ ਫਾਜ਼ਿਲਕਾ ਦਾ ਪਹਿਲਾ ਸਰਕਾਰੀ ਪ੍ਰਾਇਮਰੀ ਸਕੂਲ ਬਣ ਗਿਆ ਹੈ। ਇਸ ਪ੍ਰਾਪਤੀ ਪਿੱਛੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਸਕੂਲ ਦੇ ਈਕੋ ਕਲੱਬ ਰਾਹੀਂ ਸਾਰੀਆਂ ਗਤੀਵਿਧੀਆਂ ਨੂੰ ਅਮਲੀ ਰੂਪ ਦਿੱਤਾ ਗਿਆ। ਇਸ ਪੂਰੇ ਸਫ਼ਰ ਦੌਰਾਨ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਅਕਾਦਮਿਕ ਮੈਂਟਰ ਦਵਿੰਦਰ ਕੁਮਾਰ ਦਾ ਵਿਸ਼ੇਸ਼ ਸਹਿਯੋਗ ਅਤੇ ਮਾਰਗਦਰਸ਼ਨ ਰਿਹਾ। ਉਹਨਾਂ ਦੇ ਤਕਨੀਕੀ ਸਹਿਯੋਗ ਨਾਲ ਇਸ ਮਾਡਲ ਨੂੰ ਸਫਲਤਾਪੂਰਵਕ ਲਾਗੂ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਜੇ ਛਾਬੜਾ ਨੇ ਬਹਾਦਰ ਖੇੜਾ ਸਕੂਲ ਦੀ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਅਵਾਰਡ ਸਿਰਫ਼ ਸਕੂਲ ਲਈ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਫਾਜ਼ਿਲਕਾ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਸਕੂਲ ਮੁੱਖੀ ਅਤੇ ਸਟਾਫ ਵਧਾਈ ਦੇ ਹੱਕਦਾਰ ਹਨ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਸਟਾਫ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।