ਦੇਸ਼ ਦੇ ਬਹਾਦਰ ਜਵਾਨਾਂ ’ਤੇ ਸਾਨੂੰ ਮਾਣ: ਰਾਜਪਾਲ ਕਟਾਰੀਆ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੌਜ਼ਮ ਵਿਖੇ ਬੀਐਸਐਫ ਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕੀਤੀ
Publish Date: Sun, 23 Aug 2026 09:00 PM (IST)
Updated Date: Sun, 23 Aug 2026 09:03 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਦੇ ਪਿੰਡ ਮੌਜ਼ਮ ਵਿਖੇ ਬੀਐਸਐਫ ਦੇ ਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਜਵਾਨਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਦੇਸ਼ ਨੂੰ ਆਪਣੇ ਬਹਾਦਰ ਸੈਨਿਕਾਂ ’ਤੇ ਮਾਣ ਹੈ, ਜੋ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਹਾਦਰ ਜਵਾਨਾਂ ਦੀ ਕੁਰਬਾਨੀ ਅਤੇ ਸਮਰਪਣ ਸਦਕਾ ਹੀ ਦੇਸ਼ ਵਾਸੀ ਅਮਨ ਅਤੇ ਆਜ਼ਾਦੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਕਟਾਰੀਆ ਨੇ ਬੀਐਸਐਫ ਜਵਾਨਾਂ ਨੂੰ ਰੱਖੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ’ਤੇ ਫਾਜ਼ਿਲਕਾ ਜ਼ਿਲ੍ਹੇ ਦੀਆਂ ਮਹਿਲਾਵਾਂ ਅਤੇ ਧੀਆਂ ਵੱਲੋਂ ਬੀਐਸਐਫ ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ’ਤੇ ਡਿਊਟੀ ਨਿਭਾਉਣ ਵਾਲੇ ਜਵਾਨ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹੋਏ ਦੇਸ਼ ਦੀ ਸੁਰੱਖਿਆ ਨੂੰ ਸਭ ਤੋਂ ਉੱਪਰ ਰੱਖਦੇ ਹਨ। ਇਸ ਲਈ ਸਮਾਜ ਵੱਲੋਂ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਅਤੇ ਐਸਐਸਪੀ ਗਗਨ ਅਜੀਤਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।