ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਵਿਧਾਇਕ ਗੋਲਡੀ ਡੱਬਵਾਲਾ ਕਲਾਂ ਫੁੱਟਬਾਲ ਕੱਪ ਦਾ ਸ਼ਾਨਦਾਰ ਆਗਾਜ਼, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਗੋਲਡੀ ਕੰਬੋਜ
Publish Date: Mon, 02 Nov 2026 04:53 PM (IST)
Updated Date: Mon, 02 Nov 2026 04:56 PM (IST)
ਨਵਜੋਤ ਸਿੰਘ. ਪੰਜ਼ਾਬੀ ਜਾਗਰਣ ਮੰਡੀ ਅਰਨੀਵਾਲਾ : ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਮਕਸਦ ਨਾਲ ਪਿੰਡ ਡੱਬਵਾਲਾ ਕਲਾਂ (ਮੰਡੀ ਅਰਨੀ ਵਾਲਾ) ਦੇ ਖੇਡ ਸਟੇਡੀਅਮ ਵਿਖੇ ਜਲਾਲਾਬਾਦ ਫੁੱਟਬਾਲ ਕੱਪ (ਜੇਐੱਫਸੀ) ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਫੁੱਟਬਾਲ ਕੱਪ ਦਾ ਉਦਘਾਟਨ ਕੀਤਾ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਅਤੇ ਜਿੱਤਣ ਦਾ ਜਜ਼ਬਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ। ਅਜਿਹੇ ਖੇਡ ਮੁਕਾਬਲੇ ਪਿੰਡਾਂ ਵਿੱਚੋਂ ਨਵੀਂ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲਿਆਂ ਰਾਹੀਂ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਦਿੱਤੇ ਜਾ ਰਹੇ ਹਨ। ਵਿਧਾਇਕ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਪਿੰਡ, ਇਲਾਕੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।