- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸਕੂਲ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸਕੂਲ, ਫਾਜ਼ਿਲਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦਾ ਗਾਇਨ ਕੀਤਾ ਅਤੇ ਗਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦੇ ਰਸਤੇ ਨੂੰ ਫੁੱਲਾਂ ਨਾਲ ਸਜਾਇਆ ਗਿਆ। ਇਸ ਦੌਰਾਨ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੇ ਵੀ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਇਸ ਉਪਰੰਤ ਸਕੂਲ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਪੋਸਟਰ ਮੇਕਿੰਗ, ਸਕਿੱਟ, ਕੁਇਜ਼ ਮੁਕਾਬਲਾ, ਦੀਵਾ ਸਜਾਵਟ ਅਤੇ ਸ਼ਬਦ ਕੀਰਤਨ ਸ਼ਾਮਲ ਰਹੇ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਵੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਮੂਲ ਮੰਤਰ ਦਾ ਜਾਪ ਕਰਨ ਦੇ ਨਾਲ-ਨਾਲ ਸ਼ਬਦ ਕੀਰਤਨ ਕੀਤਾ। ਅਧਿਆਪਕਾਂ ਨੇ ਗੁਰੂ ਨਾਨਕ ਦੇਵ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਸਕੂਲ ਦੀ ਪ੍ਰਿੰਸੀਪਲ ਰਿਤੂ ਭੂਸਰੀ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਨੇ ਸਾਨੂੰ ਸੱਚ ਬੋਲਣ, ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਮਿਲ-ਵੰਡ ਕੇ ਛਕਣ ਦਾ ਸੰਦੇਸ਼ ਦਿੱਤਾ ਹੈ। ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈਅੰਤ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰੂ ਕਾ ਪ੍ਰਸ਼ਾਦ ਵਰਤਾਇਆ ਗਿਆ। ਅਰਦਾਸ ਉਪਰੰਤ ਸਮਾਗਮ ਦੀ ਸਮਾਪਤੀ ਹੋਈ।