ਜ਼ਿਲ੍ਹੇ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ : ਡਾ. ਕਵਿਤਾ ਸਿੰਘ ਸਿਹਤ ਵਿਭਾਗ ਵੱਲੋਂ ਸਰਕਾਰੀ ਹੋਸਟਲਾਂ, ਯੂਨੀਵਰਸਿਟੀ, ਕਾਲਜਾਂ ਅਤੇ ਘਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਮੁਹਿੰਮ
Publish Date: Fri, 06 Nov 2026 06:00 PM (IST)
Updated Date: Fri, 06 Nov 2026 06:02 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਵਿੱਚ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੀ ਨਿਗਰਾਨੀ ਹੇਠ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਕਰਨਬੀਰ ਸਿੰਘ ਦੀ ਦੇਖ-ਰੇਖ ਵਿੱਚ ਸਰਕਾਰੀ ਹੋਸਟਲਾਂ, ਯੂਨੀਵਰਸਿਟੀ, ਕਾਲਜਾਂ, ਸਕੂਲਾਂ ਅਤੇ ਘਰਾਂ ਵਿੱਚ ਡੇਂਗੂ ਲਾਰਵਾ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਸੰਸਥਾਵਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਡੇਂਗੂ ਮੱਛਰ ਦੀ ਪੈਦਾਵਾਰ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਲੋਕਾਂ ਅਤੇ ਸੰਸਥਾਵਾਂ ਦੇ ਸਟਾਫ਼ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਲੋੜੀਂਦੇ ਉਪਾਅ ਅਪਣਾਉਣ ਲਈ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੂਲਰਾਂ, ਪਾਣੀ ਵਾਲੀਆਂ ਟੈਂਕੀਆਂ, ਫਰਿੱਜ ਦੀਆਂ ਟਰੇਆਂ, ਗਮਲਿਆਂ, ਕਬਾੜ ਅਤੇ ਹੋਰ ਪਾਣੀ ਦੇ ਸਰੋਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਿੱਥੇ ਵੀ ਲਾਰਵਾ ਮਿਲਿਆ, ਉੱਥੇ ਤੁਰੰਤ ਉਸ ਨੂੰ ਨਸ਼ਟ ਕਰਨ ਦੀ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਾਗਰੂਕਤਾ ਸਮਾਗਮ ਵੀ ਕਰਵਾਇਆ ਗਿਆ। ਇਸ ਮੌਕੇ ਡਾ. ਕਰਨਬੀਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਇੱਕ ਦਿਨ ਡਰਾਈ ਡੇਅ ਮਨਾਉਂਦੇ ਹੋਏ ਘਰਾਂ ਅਤੇ ਆਲੇ-ਦੁਆਲੇ ਪਾਣੀ ਦੇ ਸਾਰੇ ਸਰੋਤਾਂ ਨੂੰ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾਇਆ ਜਾਵੇ ਤਾਂ ਡੇਂਗੂ ਦੀ ਪੈਦਾਵਾਰ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਆਮ ਤੌਰ ਤੇ ਦਿਨ ਸਮੇਂ ਕੱਟਦਾ ਹੈ। ਇਸ ਲਈ ਕੂਲਰਾਂ ਅਤੇ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਅਤੇ ਸੁਕਾਉਣਾ ਚਾਹੀਦਾ ਹੈ।