ਸਿਹਤ ਵਿਭਾਗ ਨੇ ਵੱਖ-ਵੱਖ ਪਿੰਡਾਂ ’ਚ ਮਲੇਰੀਆ ਬਾਰੇ ਕੀਤਾ ਜਾਗਰੂਕ
ਸਿਹਤ ਵਿਭਾਗ ਵਲੋਂ ਵੱਖ-ਵੱਖ ਪਿੰਡਾਂ ਵਿੱਚ ਮਲੇਰੀਆ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Publish Date: Sat, 25 Apr 2026 04:40 PM (IST)
Updated Date: Sat, 25 Apr 2026 04:43 PM (IST)

ਰਮਨ ਕੁਮਾਰ, ਪੰਜਾਬੀ ਜਾਗਰਣ ਫਾਜ਼ਿਲਕਾ : ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਸੀਐੱਚਸੀ ਡਬਵਾਲਾ ਕਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਮਲੇਰੀਆ ਵਿਰੁੱਧ ਜਾਗਰੂਕਤਾ ਕੈਂਪ ਲਾਏ ਗਏ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਮਲੇਰੀਆ ਬਿਮਾਰੀ ਬਾਰੇ ਸੂਚਿਤ ਕਰਨਾ ਅਤੇ ਇਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਨ੍ਹਾਂ ਜਾਗਰੂਕਤਾ ਕੈਂਪ ਪਿੰਡਾਂ ਦੇ ਸਕੂਲਾਂ ਅਤੇ ਜਨਤਕ ਥਾਵਾਂ ’ਤੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ। ਮਲਟੀ ਪਰਪਜ਼ ਹੈਲਥ ਵਰਕਰ ਸੈਨੇਟਰੀ ਇੰਸਪੈਕਟਰ ਅਤੇ ਬਲਾਕ ਐਜੂਕੇਸ਼ਨ ਐਂਡ ਐਕਸਟੈਂਸ਼ਨ ਅਫਸਰ ਵੱਲੋਂ ਸਾਂਝੇ ਤੌਰ ’ਤੇ ਇਹ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਮਲੇਰੀਆ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੈਂਪਾਂ ਦੌਰਾਨ ਸਿਹਤ ਕਰਮਚਾਰੀਆਂ ਨੇ ਮਲੇਰੀਆ ਦੇ ਮੁੱਖ ਲੱਛਣਾਂ ਜਿਵੇਂ ਕਿ ਤੇਜ਼ ਬੁਖਾਰ, ਸਿਰਦਰਦ, ਕੰਬਣੀ, ਥਕਾਵਟ ਅਤੇ ਪਸੀਨਾ ਆਉਣਾ ਆਦਿ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮਲੇਰੀਆ ਇੱਕ ਮੱਛਰਾਂ ਰਾਹੀਂ ਫੈਲਣ ਵਾਲੀ ਬਿਮਾਰੀ ਹੈ, ਜੋ ਖਾਸ ਕਰਕੇ ਖੜ੍ਹੇ ਪਾਣੀ ਵਾਲੇ ਇਲਾਕਿਆਂ ਵਿੱਚ ਜ਼ਿਆਦਾ ਫੈਲਦੀ ਹੈ। ਇਸ ਲਈ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਲਈ ਕਈ ਅਹਿਮ ਸਲਾਹਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ, ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਗਾਉਣ ਵਾਲੀਆਂ ਦਵਾਈਆਂ ਜਾਂ ਕ੍ਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸਦੇ ਨਾਲ ਹੀ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦੇ ਲਈ ਖਾਸ ਧਿਆਨ ਦੇਣ ਦੀ ਲੋੜ ਹੈ। ਵਿਦਿਆਰਥੀਆਂ ਨੂੰ ਵੀ ਇਸ ਅਭਿਆਨ ਨਾਲ ਜੋੜਦੇ ਹੋਏ ਉਨ੍ਹਾਂ ਨੂੰ ਸਫਾਈ ਅਤੇ ਸਿਹਤ ਸੰਬੰਧੀ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੂੰ ਦੱਸਿਆ ਗਿਆ ਕਿ ਉਹ ਆਪਣੇ ਘਰਾਂ ਵਿੱਚ ਵੀ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਜਾਗਰੂਕ ਹੋ ਸਕਣ। ਮਾਸ ਮੀਡੀਆ ਅਫਸਰ ਦਿਵੇਸ਼ ਕੁਮਾਰ ਅਤੇ ਐੱਸ ਆਈ ਵਿਜੇ ਨਾਗਪਾਲ ਨੇ ਕਿਹਾ ਕਿ ਮਲੇਰੀਆ ਇੱਕ ਗੰਭੀਰ ਬਿਮਾਰੀ ਹੈ ਪਰ ਸਮੇਂ ਸਿਰ ਪਛਾਣ ਅਤੇ ਢੰਗ ਨਾਲ ਇਲਾਜ ਨਾਲ ਇਸ ਨੂੰ ਪੂਰੀ ਤਰ੍ਹਾਂ ਕਾਬੂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਮਲੇਰੀਆ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ’ਤੇ ਜਾਂਚ ਕਰਵਾਈ ਜਾਵੇ ਅਤੇ ਖੁਦ ਦਵਾਈ ਲੈਣ ਤੋਂ ਪਰਹੇਜ਼ ਕੀਤਾ ਜਾਵੇ।