ਸਰਹੱਦੀ ਪਿੰਡਾਂ ’ਚ ਬਰਸਾਤ ਦਾ ਕਹਿਰ, ਫ਼ਸਲਾਂ ਤਬਾਹ ਸਰਹੱਦੀ ਪਿੰਡਾਂ ਵਿੱਚ ਬਰਸਾਤ ਦਾ ਕਹਿਰ, ਤਿਆਰ ਫ਼ਸਲਾਂ ਤਬਾਹ; ਪੀੜਤ ਕਿਸਾਨਾਂ ਨੇ ਮੰਗਿਆ ਮੁਆਵਜ਼ਾ
Publish Date: Mon, 12 Oct 2026 05:09 PM (IST)
Updated Date: Mon, 12 Oct 2026 05:11 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਖੇਤਾਂ ਵਿੱਚ ਤਿਆਰ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸਾਲ ਭਰ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਪ੍ਰਭਾਵਿਤ ਹੋਣ ਕਾਰਨ ਕਿਸਾਨ ਆਰਥਿਕ ਸੰਕਟ ਦੇ ਖ਼ਦਸ਼ੇ ਵਿੱਚ ਹਨ। ਪੀੜਤ ਕਿਸਾਨਾਂ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿੱਚ ਖੇਤੀ ਕਰਨਾ ਪਹਿਲਾਂ ਹੀ ਕਈ ਚੁਣੌਤੀਆਂ ਨਾਲ ਭਰਿਆ ਹੋਇਆ ਹੈ। ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਤਿਆਰ ਕਰਨ ਲਈ ਪੂਰਾ ਸਾਲ ਮਿਹਨਤ ਕਰਨੀ ਪੈਂਦੀ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਖ਼ਰਚੇ ਵੀ ਚੁੱਕਣੇ ਪੈਂਦੇ ਹਨ। ਅਜਿਹੇ ਵਿੱਚ ਬਰਸਾਤ ਕਾਰਨ ਫ਼ਸਲਾਂ ਨੂੰ ਹੋਇਆ ਨੁਕਸਾਨ ਉਨ੍ਹਾਂ ਲਈ ਵੱਡੀ ਆਰਥਿਕ ਸਮੱਸਿਆ ਬਣ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸਰਕਾਰੀ ਸਹਾਇਤਾ ਨਾ ਮਿਲੀ ਤਾਂ ਉਨ੍ਹਾਂ ਲਈ ਅਗਲੀ ਫ਼ਸਲ ਦੀ ਤਿਆਰੀ ਅਤੇ ਘਰੇਲੂ ਖ਼ਰਚੇ ਪੂਰੇ ਕਰਨੇ ਵੀ ਮੁਸ਼ਕਲ ਹੋ ਸਕਦੇ ਹਨ। ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਬਿਨਾਂ ਦੇਰੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਜਾਵੇ, ਤਾਂ ਜੋ ਹਰੇਕ ਪ੍ਰਭਾਵਿਤ ਕਿਸਾਨ ਦੀ ਫ਼ਸਲ ਦੇ ਨੁਕਸਾਨ ਦਾ ਸਹੀ ਮੁਲਾਂਕਣ ਹੋ ਸਕੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਬਣਦਾ ਸਰਕਾਰੀ ਮੁਆਵਜ਼ਾ ਜਲਦੀ ਤੋਂ ਜਲਦੀ ਦਿੱਤਾ ਜਾਵੇ, ਤਾਂ ਜੋ ਉਹ ਇਸ ਮੁਸ਼ਕਲ ਘੜੀ ਵਿੱਚ ਆਪਣੀਆਂ ਆਰਥਿਕ ਜ਼ਰੂਰਤਾਂ ਪੂਰੀਆਂ ਕਰ ਸਕਣ। ਇਸ ਲਈ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਬਾਂਹ ਫੜਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਇਸ ਮੌਕੇ ਪਿੰਡ ਗੁਲਾਬਾ ਭੈਣੀ ਦੇ ਮੌਜੂਦਾ ਸਰਪੰਚ ਰਮੇਸ਼ ਸਿੰਘ, ਸਾਬਕਾ ਸਰਪੰਚ ਬੱਗੂ ਸਿੰਘ, ਪੰਚਾਇਤ ਮੈਂਬਰ ਗੁਰਮੀਤ, ਸਾਬਕਾ ਸਰਪੰਚ ਤਾਰਾ ਸਿੰਘ, ਸੁੱਖਾ ਚੇਅਰਮੈਨ, ਸੁੱਖਾ ਸਰਪੰਚ, ਡਾਕਟਰ ਜਗਿੰਦਰ ਸਿੰਘ, ਛਿੰਦਾ ਸਿੰਘ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਕੁਲਦੀਪ ਸਿੰਘ ਅਤੇ ਬਲਜਿੰਦਰ ਕੰਬੋਜ ਸਮੇਤ ਹੋਰ ਪਤਵੰਤੇ ਮੌਜੂਦ ਸਨ।