ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ, ਹਰ ਸੰਭਵ ਮਦਦ ਦਾ ਭਰੋਸਾ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ, ਹਰ ਸੰਭਵ ਮਦਦ ਦਾ ਭਰੋਸਾ
Publish Date: Thu, 22 Oct 2026 04:43 PM (IST)
Updated Date: Fri, 23 Oct 2026 04:01 AM (IST)
ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ’ਤੇ ਮਾਣ : ਐੱਸਐੱਸਪੀ ਗਗਨ ਅਜੀਤ ਸਿੰਘ ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਪੁਲਿਸ ਲਾਈਨਜ਼ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਤੇ ਅਮਨ-ਸ਼ਾਂਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਸਮਾਗਮ ਵਿੱਚ ਐੱਸਐੱਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ, ਐੱਸਡੀਐੱਮ ਫਾਜ਼ਿਲਕਾ ਜੁਗਰਾਜ ਸਿੰਘ, ਨਿਆਂਪਾਲਿਕਾ ਦੇ ਅਧਿਕਾਰੀਆਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ। ਡੀਐੱਸਪੀ ਸਬ-ਡਵੀਜ਼ਨ ਅਬੋਹਰ ਸ਼ਹਿਰੀ ਹਰੀਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਦਿੱਤੀ। ਇਸ ਉਪਰੰਤ ਹਾਜ਼ਰ ਅਧਿਕਾਰੀਆਂ ਅਤੇ ਮਹਿਮਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਡੀਐੱਸਪੀ ਲਵਦੀਪ ਸਿੰਘ ਗਿੱਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਪੁਲਿਸ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਡਿਊਟੀ ਨਿਭਾਉਣ ਵਾਲੇ ਇਨ੍ਹਾਂ ਬਹਾਦਰ ਜਵਾਨਾਂ ’ਤੇ ਸਾਨੂੰ ਮਾਣ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੇ ਬਲੀਦਾਨ ਸਦਕਾ ਹੀ ਲੋਕ ਸੁਰੱਖਿਅਤ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਦੇਸ਼ ਦੀ ਸੁਰੱਖਿਆ ਲਈ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਬਹਾਦਰੀ, ਦੇਸ਼ ਪ੍ਰਤੀ ਸਮਰਪਣ ਅਤੇ ਫ਼ਰਜ਼ ਨਿਭਾਉਣ ਦੀ ਭਾਵਨਾ ਤੋਂ ਪ੍ਰੇਰਿਤ ਕਰਨਾ ਹੈ। 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਐੱਸਐੱਸਪੀ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨੀ ਫ਼ੌਜ ਦੇ ਹਮਲੇ ਦੌਰਾਨ ਦੇਸ਼ ਦੀ ਸੁਰੱਖਿਆ ਲਈ ਤਾਇਨਾਤ ਡੀਐੱਸਪੀ ਸਮੇਤ 10 ਪੁਲਿਸ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ 21 ਅਕਤੂਬਰ 1960 ਤੋਂ ਦੇਸ਼ ਭਰ ਵਿੱਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਤੇ ਪੈਰਾ ਮਿਲਟਰੀ ਬਲਾਂ ਦੇ ਜਵਾਨਾਂ ਨੂੰ ਯਾਦ ਕੀਤਾ ਜਾਂਦਾ ਹੈ। ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੁਲਿਸ ਵਚਨਬੱਧ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਅੱਤਵਾਦ ਦੇ ਦੌਰ ਦੌਰਾਨ ਫਾਜ਼ਿਲਕਾ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਕਈ ਜਵਾਨਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹਾਇਤਾ ਲਈ ਜ਼ਿਲ੍ਹਾ ਪੁਲਿਸ ਹਮੇਸ਼ਾ ਵਚਨਬੱਧ ਰਹੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸਮਾਗਮ ਦੇ ਅੰਤ ਵਿੱਚ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ।