- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਫਾਜ਼ਿਲਕਾ ਤੋਂ ਸੈਂਕੜੇ ਪੈਨਸ਼ਨਰ ਲੈਣਗੇ ਹਿੱਸਾ
- ਮਹਾਂ ਰੈਲੀ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਲਈ ਕਰੇਗੀ ਮਜਬੂਰ : ਯੂਨੀਅਨ
ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ
ਫਾਜ਼ਿਲਕਾ : ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ, ਤਹਿਸੀਲ ਫਾਜ਼ਿਲਕਾ ਦੀ ਤਹਿਸੀਲ ਕਮੇਟੀ ਦੀ ਮੀਟਿੰਗ ਸਥਾਨਕ ਲਾਲਾ ਸੁਨਾਮ ਰਾਏ ਮੈਮੋਰੀਅਲ ਹਾਲ ਵਿਖੇ ਤਹਿਸੀਲ ਪ੍ਰਧਾਨ ਮਾਸਟਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਦਾਣਾ ਮੰਡੀ ਵਿੱਚ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਵੱਲੋਂ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਮਤਾ ਪਾਸ ਕਰ ਕੇ ਰੈਲੀ ਲਈ ਵਿਸ਼ੇਸ਼ ਵਾਹਨਾਂ ਦਾ ਪ੍ਰਬੰਧ ਕਰਨ ਅਤੇ ਤਹਿਸੀਲ ਫਾਜ਼ਿਲਕਾ ਤੋਂ ਕਰੀਬ 100 ਪੈਨਸ਼ਨਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸਾਲ 2026-27 ਦੀ ਜਥੇਬੰਦੀ ਮੈਂਬਰਸ਼ਿਪ 30 ਨਵੰਬਰ ਤੱਕ ਮੁਕੰਮਲ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਖੁੰਗਰ ਨੇ ਕਿਹਾ ਕਿ 7 ਅਗਸਤ ਦੀ ਮਹਾਂ ਰੈਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਇਸ ਦਾ ਸਿਆਸੀ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦੇਖਣ ਨੂੰ ਮਿਲੇਗਾ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 18 ਫ਼ੀਸਦੀ ਮਹਿੰਗਾਈ ਭੱਤਾ ਰੋਕਣਾ ਅਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਗੁਣਾਂਕ ਨਾਲ ਪੈਨਸ਼ਨਾਂ ਦੀ ਸੋਧ ਸਬੰਧੀ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਾ ਕਰਨਾ ਪੈਨਸ਼ਨਰਾਂ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਹੁਣ ਤੋਂ ਹੀ ਵਾਹਨਾਂ ਅਤੇ ਹੋਰ ਪ੍ਰਬੰਧ ਮੁਕੰਮਲ ਕੀਤੇ ਜਾਣ। ਮੀਟਿੰਗ ਨੂੰ ਰਾਜ ਕੰਵਰ ਦੀਵਾਨ, ਸ਼ਸ਼ੀਕਾਂਤ, ਹਰੀਸ਼ ਚੰਦਰ ਕਾਂਬੋਜ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਮਹਾਂ ਰੈਲੀ ਇਤਿਹਾਸਕ ਹੋਵੇਗੀ ਅਤੇ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਮਜਬੂਰ ਕਰੇਗੀ। ਮੀਟਿੰਗ ਵਿੱਚ ਸੁਖਦੇਵ ਮਸੀਹ, ਜੀਤ ਸਿੰਘ ਛਾਬੜਾ, ਗੁਰਮੀਤ ਸਿੰਘ, ਮਿਲਖ ਰਾਜ, ਹਰਭਜਨ ਲਾਲ ਕਾਂਬੋਜ, ਗੁਰਨਾਮ ਸਿੰਘ, ਸੁਭਾਸ਼ ਚੰਦਰ ਸ਼ਰਮਾ, ਰਾਧੇ ਸ਼ਾਮ ਸਮੇਤ ਹੋਰ ਮੈਂਬਰ ਹਾਜ਼ਰ ਰਹੇ। ਇਸ ਮੌਕੇ ਰੈਲੀ ਲਈ ਫੰਡ ਇਕੱਠਾ ਕਰਨ, ਵਾਹਨਾਂ ਦੀ ਵਿਵਸਥਾ ਕਰਨ ਅਤੇ ਸ਼ਮੂਲੀਅਤ ਕਰਨ ਵਾਲੇ ਪੈਨਸ਼ਨਰਾਂ ਦੀ ਸੂਚੀ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ। ਮਾਸਟਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ 7 ਅਗਸਤ ਦੀ ਮਹਾਂ ਰੈਲੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।