- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀ ਸਰਕਾਰ ਬਣਨ ਤੇ ਜਲਾਲਾਬਾਦ ’ਚ ਬਣੇਗਾ ਵੱਡਾ ਮੈਡੀਕਲ ਕਾਲਜ ਤੇ ਵੈਟਰਨਰੀ ਕਾਲਜ : ਸੁਖਬੀਰ ਬਾਦਲ
ਕਾਠਪਾਲ/ਬਠੇਜਾ, ਪੰਜਾਬੀ ਜਾਗਰਣ
ਜਲਾਲਾਬਾਦ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਰੈਲੀਆਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਲਾਲਾਬਾਦ ਪਹੁੰਚੇ ਜਿੱਥੇ ਅਕਾਲੀ ਦਲ ਵੱਲੋਂ ਦਾਣਾ ਮੰਡੀ ਵਿੱਚ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਲਾਲਾਬਾਦ ਵਿੱਚ ਵੱਡਾ ਮੈਡੀਕਲ ਕਾਲਜ ਅਤੇ ਵੈਟਰਨਰੀ ਕਾਲਜ ਸਥਾਪਤ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਮੈਡੀਕਲ ਅਤੇ ਪਸ਼ੂ-ਪਾਲਣ ਨਾਲ ਸਬੰਧਤ ਉੱਚ ਸਿੱਖਿਆ ਦੇ ਨਵੇਂ ਮੌਕੇ ਮਿਲਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਦੇ ਨਾਲ-ਨਾਲ ਪਸ਼ੂ ਪਾਲਣ ਅਤੇ ਡੇਅਰੀ ਖੇਤਰ ਨੂੰ ਵੀ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਵਰਗੇ ਸਰਹੱਦੀ ਖੇਤਰ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਅਕਾਲੀ ਦਲ ਦੀ ਤਰਜੀਹ ਹੋਵੇਗੀ। ਮੈਡੀਕਲ ਕਾਲਜ ਦੀ ਸਥਾਪਨਾ ਨਾਲ ਇਲਾਕੇ ਵਿੱਚ ਮਾਹਿਰ ਡਾਕਟਰ ਤਿਆਰ ਕਰਨ ਦੇ ਨਾਲ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਵੇਗਾ, ਜਦਕਿ ਵੈਟਰਨਰੀ ਕਾਲਜ ਨਾਲ ਪਸ਼ੂ ਪਾਲਕਾਂ, ਡੇਅਰੀ ਕਾਰੋਬਾਰ ਅਤੇ ਕਿਸਾਨਾਂ ਨੂੰ ਤਕਨੀਕੀ ਗਿਆਨ ਅਤੇ ਮਾਹਿਰ ਸੇਵਾਵਾਂ ਦਾ ਲਾਭ ਮਿਲ ਸਕੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇਣ, ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦੇਣ ਅਤੇ ਸਮਾਜਿਕ ਭਲਾਈ ਸਕੀਮਾਂ ਨੂੰ ਮੁੜ ਮਜ਼ਬੂਤ ਕਰਨ ਵਰਗੀਆਂ ਅਹਿਮ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੋਚ ਪੰਜਾਬ ਦੇ ਲੰਬੇ ਸਮੇਂ ਦੇ ਵਿਕਾਸ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਵਰਗੇ ਸਰਹੱਦੀ ਇਲਾਕੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ਨਾਲ ਜੁੜੀਆਂ ਸਹੂਲਤਾਂ ਵਧਾਉਣ ਦੀ ਲੋੜ ਹੈ ਅਤੇ ਸਰਕਾਰ ਬਣਨ ’ਤੇ ਇਨ੍ਹਾਂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਉਨ੍ਹਾਂ ਕਿਸਾਨੀ ਮੁੱਦਿਆਂ ’ਤੇ ਬੋਲਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਸੱਤਾ ਵਿੱਚ ਆਉਂਦਾ ਹੈ ਤਾਂ ਜਿਹੜੇ ਕਿਸਾਨ ਟਿਊਬਵੈੱਲ ਕੁਨੈਕਸ਼ਨ ਤੋਂ ਵਾਂਝੇ ਹਨ, ਉਨ੍ਹਾਂ ਨੂੰ ਕੁਨੈਕਸ਼ਨ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਬਿਜਲੀ ਸੰਕਟ ਨੂੰ ਲੈ ਕੇ ਵੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਅਤੇ ਕਿਸਾਨਾਂ, ਘਰੇਲੂ ਖਪਤਕਾਰਾਂ ਅਤੇ ਉਦਯੋਗ ਨੂੰ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕੀਤਾ।
ਰੈਲੀ ਦੌਰਾਨ ਮਹਿਲਾਵਾਂ ਅਤੇ ਬਜ਼ੁਰਗਾਂ ਲਈ ਵੀ ਸੁਖਬੀਰ ਬਾਦਲ ਨੇ ਕਈ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਦੀ ਰਕਮ ਵਧਾ ਕੇ ਇੱਕ ਲੱਖ ਰੁਪਏ ਕੀਤੀ ਜਾਵੇਗੀ, ਜਦਕਿ ਬਜ਼ੁਰਗਾਂ ਦੀ ਮਹੀਨਾਵਾਰ ਪੈਨਸ਼ਨ 3,100 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ। ਨੀਲੇ ਕਾਰਡਾਂ ਸਬੰਧੀ ਉਨ੍ਹਾਂ ਕਿਹਾ ਕਿ ਕੱਟੇ ਗਏ ਕਾਰਡ ਪਹਿਲੀ ਕੈਬਨਿਟ ਮੀਟਿੰਗ ਵਿੱਚ ਬਹਾਲ ਕਰਨ ਅਤੇ ਆਟਾ-ਦਾਲ ਸਕੀਮ ਤਹਿਤ ਲਾਭ ਦੇਣ ਦੀ ਗੱਲ ਵੀ ਰੱਖੀ ਗਈ।ਨੌਜਵਾਨਾਂ ਲਈ ਵੀ ਉਨ੍ਹਾਂ ਰੁਜ਼ਗਾਰ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਨੌਜਵਾਨ ਉਦਮੀਆਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦੇਣ ਦਾ ਐਲਾਨ ਕੀਤਾ। ਰੈਲੀ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ‘ਆਪ’ ਨੂੰ ਮੌਕਾ ਦਿੱਤਾ ਸੀ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਬਿਜਲੀ ਸੰਕਟ, ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ ਅਤੇ ਬੇਰੁਜ਼ਗਾਰੀ ਵਰਗੇ ਮੁੱਦੇ ਗੰਭੀਰ ਬਣੇ ਹੋਏ ਹਨ, ਜਦਕਿ ਸਰਕਾਰ ਇਨ੍ਹਾਂ ਦੇ ਪੱਕੇ ਹੱਲ ਦੀ ਬਜਾਏ ਸਿਆਸੀ ਬਿਆਨਬਾਜ਼ੀ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਸਮੇਤ ਸਰਹੱਦੀ ਇਲਾਕਿਆਂ ਦੇ ਲੋਕ ਵਿਕਾਸ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਉਹ ਤਰਜੀਹ ਨਹੀਂ ਦਿੱਤੀ ਜਾ ਰਹੀ ਜਿਸ ਦੀ ਲੋਕਾਂ ਨੂੰ ਉਮੀਦ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਕਰਨ ਲਈ ਦਿੱਲੀ ਤੋਂ ਚੱਲਣ ਵਾਲੀ ਸਿਆਸਤ ਦੀ ਬਜਾਏ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣ ਵਾਲੀ ਖੇਤਰੀ ਸੋਚ ਦੀ ਲੋੜ ਹੈ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਵਾਈਸ ਪ੍ਰਧਾਨ ਅਸ਼ੋਕ ਅਨੇਜਾ ਅਤੇ ਪ੍ਰੇਮ ਕੁਮਾਰ ਵਲੇਚਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ ਦਰਸ਼ਨ ਸਿੰਘ ਬਰਾੜ ਮੋਠਾਂਵਾਲਾ,ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ, ਜੈਸਰਤ ਸਿੰਘ ਸੰਧੂ, ਡਾ. ਰਾਜ ਸਿੰਘ ਡਿੱਬੀਪੁਰਾ, ਜਗਸੀਰ ਸਿੰਘ ਬੱਬੂ ਜੈਮਲਵਾਲਾ ਅਤੇ ਕਈ ਹੋਰ ਅਕਾਲੀ ਆਗੂ ਮੌਜੂਦ ਸਨ।