ਰੁਕੀ ਰਾਸ਼ੀ ਜਾਰੀ ਕਰਵਾਉਣ ਲਈ ਇਫਟੂ ਵੱਲੋਂ ਸੰਘਰਸ਼ ਵਿੱਢਣ ਦਾ ਫੈਸਲਾ ਉਸਾਰੀ ਕਿਰਤੀ ਮਜ਼ਦੂਰਾਂ ਦੇ ਲਾਭਪਾਤਰੀ ਫਾਰਮਾਂ ’ਤੇ ਬੇਲੋੜੀਆਂ ਇਤਰਾਜ਼ਾਂ ਅਤੇ ਰੁਕੀ ਰਾਸ਼ੀ ਜਾਰੀ ਕਰਵਾਉਣ ਲਈ ਇਫਟੂ ਵੱਲੋਂ ਸੰਘਰਸ਼ ਵਿੱਢਣ ਦਾ ਫੈਸਲਾ
Publish Date: Thu, 19 Nov 2026 06:47 PM (IST)
Updated Date: Fri, 20 Nov 2026 04:07 AM (IST)
ਜ਼ਿਲ੍ਹੇ ਸਿੰਘ. ਪੰਜਾਬੀ ਜਾਗਰਣ, ਮੰਡੀ ਲਾਧੂਕਾ : ਇਫਟੂ ਫਾਜ਼ਿਲਕਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਦਵਿੰਦਰ ਚੱਕ ਪੁੰਨਾ ਵਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਉਸਾਰੀ ਕਿਰਤੀ ਮਜ਼ਦੂਰਾਂ ਦੇ ਲਾਭਪਾਤਰੀ ਫਾਰਮਾਂ ਨਾਲ ਸਬੰਧਿਤ ਲੰਮੇ ਸਮੇਂ ਤੋਂ ਲਟਕ ਰਹੇ ਕੰਮਾਂ ਅਤੇ ਕਿਰਤੀ ਕਾਮਿਆਂ ਦੀ ਰੁਕੀ ਹੋਈ ਰਾਸ਼ੀ ਦਾ ਮਾਮਲਾ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ। ਇਸ ਮੌਕੇ ਪਿੰਡ ਪੱਧਰ ’ਤੇ ਲਾਮਬੰਦੀ ਕਰਕੇ ਇਸ ਸਮੱਸਿਆ ਦੇ ਹੱਲ ਲਈ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ। ਸੰਘਰਸ਼ ਦੇ ਮੁੱਢਲੇ ਪੜਾਅ ਵਜੋਂ ਕਿਰਤ ਵਿਭਾਗ ਦੇ ਏਐਲਸੀ ਨੂੰ ਮੰਗ ਪੱਤਰ ਦੇਣ ਦਾ ਵੀ ਫੈਸਲਾ ਲਿਆ ਗਿਆ। ਇਸ ਮੌਕੇ ਆਗੂਆਂ ਦਵਿੰਦਰ ਚੱਕ ਪੁੰਨਾ ਵਾਲੀ, ਅਸ਼ੋਕ ਸਿੰਘ ਅਤੇ ਪ੍ਰੇਮ ਸਿੰਘ ਨੇ ਕਿਹਾ ਕਿ ਉਸਾਰੀ ਕਿਰਤੀ ਕਾਮਿਆਂ ਦੀਆਂ ਲਾਭਪਾਤਰੀ ਕਾਪੀਆਂ ਬਣਾਉਣ ਅਤੇ ਉਨ੍ਹਾਂ ਨਾਲ ਸਬੰਧਿਤ ਕੰਮ ਲੰਮੇ ਸਮੇਂ ਤੋਂ ਲਟਕ ਰਹੇ ਹਨ। ਇਸ ਤੋਂ ਇਲਾਵਾ ਲਾਭਪਾਤਰੀ ਕਾਮਿਆਂ ਦੀ ਵਿੱਤੀ ਸਹਾਇਤਾ ਦੀ ਰਾਸ਼ੀ ਵੀ ਕਾਫੀ ਸਮੇਂ ਤੋਂ ਰੁਕੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਲਾਭਪਾਤਰੀ ਫਾਰਮਾਂ ’ਤੇ ਵਾਰ-ਵਾਰ ਵੱਖ-ਵੱਖ ਇਤਰਾਜ਼ ਲਗਾ ਕੇ ਕਿਰਤੀ ਕਾਮਿਆਂ ਦੇ ਕੰਮ ਪ੍ਰਭਾਵਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਕੰਮ ਕਰਵਾਉਣ ਅਤੇ ਰੁਕੀ ਹੋਈ ਰਾਸ਼ੀ ਜਾਰੀ ਕਰਵਾਉਣ ਲਈ ਮਜ਼ਦੂਰਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਦਫ਼ਤਰਾਂ ਦੇ ਬਾਹਰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੋ ਰਿਹਾ। ਆਗੂਆਂ ਨੇ ਕਿਹਾ ਕਿ ਅਧਿਕਾਰੀ ਕਿਰਤੀ ਕਾਮਿਆਂ ਦੀਆਂ ਮੁਸ਼ਕਲਾਂ ਸੁਣਨ ਅਤੇ ਲਾਭਪਾਤਰੀ ਕਾਪੀਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਮਜ਼ਦੂਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਸਮੱਸਿਆ ਸਿਰਫ਼ ਫਾਜ਼ਿਲਕਾ ਜਾਂ ਜਲਾਲਾਬਾਦ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਭਰ ਦੇ ਉਸਾਰੀ ਕਿਰਤੀ ਮਜ਼ਦੂਰ ਇਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀ ਕਾਮਿਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਲੈਣ ਲਈ ਵੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਅੰਤ ਵਿੱਚ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲਾਭਪਾਤਰੀ ਕਾਪੀਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ, ਫਾਰਮਾਂ ’ਤੇ ਬੇਲੋੜੇ ਇਤਰਾਜ਼ ਲਗਾਉਣੇ ਬੰਦ ਕੀਤੇ ਜਾਣ ਅਤੇ ਲਾਭਪਾਤਰੀ ਕਿਰਤੀ ਕਾਮਿਆਂ ਦੀ ਰੁਕੀ ਹੋਈ ਰਾਸ਼ੀ ਜਲਦ ਜਾਰੀ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੀਟਿੰਗ ਵਿੱਚ ਦਵਿੰਦਰ ਕੁਮਾਰ ਜ਼ਿਲ੍ਹਾ ਸਕੱਤਰ, ਧੀਰਜ ਕੁਮਾਰ, ਸਾਜਨ ਸਿੰਘ, ਮੁਹਾਰ ਸੋਨਾ, ਪ੍ਰੇਮ ਸਿੰਘ ਜ਼ਿਲ੍ਹਾ ਪ੍ਰਧਾਨ ਭੱਠਾ ਯੂਨੀਅਨ, ਅਸ਼ੋਕ ਸਿੰਘ, ਗੁਰਜੰਟ ਸਿੰਘ ਬਲਾਕ ਪ੍ਰਧਾਨ, ਹਰਮੀਤ ਸਿੰਘ ਬਲਾਕ ਸਕੱਤਰ, ਰਣਜੀਤ ਸਿੰਘ ਬਾਰੇ ਵਾਲਾ, ਜਗਦੀਪ ਸਿੰਘ, ਗੁਰਦੀਪ ਸਿੰਘ ਫਤਿਹਗੜ੍ਹ, ਪਰਮਜੀਤ ਸਿੰਘ ਘੁਬਾਇਆ, ਗੁਰਮੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।