ਭਾਜਪਾ ਆਗੂਆਂ ਵਿਚਕਾਰ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਭਾਜਪਾ ਆਗੂਆਂ ਵਿਚਕਾਰ ਪੰਜਾਬ ਦੇ ਸਿਆਸੀ ਹਾਲਾਤ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਈ ਅਹਿਮ ਚਰਚਾ
Publish Date: Thu, 19 Nov 2026 05:39 PM (IST)
Updated Date: Fri, 20 Nov 2026 04:04 AM (IST)
-ਨਵੀਂ ਦਿੱਲੀ ਵਿਖੇ ਪੰਜਾਬ ਦੀ ਰਾਜਨੀਤੀ, ਨਸ਼ਿਆਂ ਤੇ ਕਾਨੂੰਨ ਵਿਵਸਥਾ ਦੇ ਮੁੱਦੇ ਰਹੇ ਵਿਚਾਰ-ਵਟਾਂਦਰੇ ਦਾ ਕੇਂਦਰ ਬੰਪਲ ਬਠੇਜਾ/ਹੈਪੀ ਕਾਠਪਾਲ.ਪੰਜਾਬੀ ਜਾਗਰਣ, ਜਲਾਲਾਬਾਦ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਫ਼ੌਜੀ ਅਧਿਕਾਰੀ ਅਤੇ ਰਾਸ਼ਟਰਪਤੀ ਵੱਲੋਂ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੈਪਟਨ ਗੁਰਚਰਨ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੂਬੇ ਦੇ ਅਹਿਮ ਮੁੱਦਿਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਗੁਰਚਰਨ ਸਿੰਘ ਨੇ ਕਿਹਾ ਕਿ ਰਾਜ ਸਭਾ ਮੈਂਬਰ ਤਰੁਣ ਚੁੱਘ ਪਹਿਲਾਂ ਵੀ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ਨੂੰ ਲੈ ਕੇ ਆਪਣੀ ਚਿੰਤਾ ਪ੍ਰਗਟ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਅਤੇ ਵਿਕਾਸਮੁਖੀ ਸੂਬਾ ਬਣਾਉਣ ਦੀ ਲੋੜ ਤੇ ਜ਼ੋਰ ਦਿੰਦੀ ਆ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਸਿਰਜਣਾ ਬੇਹੱਦ ਜ਼ਰੂਰੀ ਹੈ। ਕੈਪਟਨ ਗੁਰਚਰਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਅਤੇ ਸੂਬੇ ਦੀ ਬਿਹਤਰੀ ਲਈ ਅਮਨ-ਸ਼ਾਂਤੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਵਿਕਾਸਮੁਖੀ ਨੀਤੀਆਂ ਨੂੰ ਪਹਿਲ ਦੇਣੀ ਲਾਜ਼ਮੀ ਹੈ। ਪੰਜਾਬ ਦੇ ਲੋਕ ਬਿਹਤਰ ਭਵਿੱਖ ਦੀ ਉਮੀਦ ਰੱਖਦੇ ਹਨ ਅਤੇ ਉਨ੍ਹਾਂ ਦੀਆਂ ਆਸਾਂ ਤੇ ਖਰਾ ਉਤਰਨਾ ਹਰ ਸਿਆਸੀ ਆਗੂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਪਣੇ ਤਜਰਬੇ ਅਤੇ ਪੰਜਾਬ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਉਹ ਹਮੇਸ਼ਾ ਸੂਬੇ ਦੇ ਲੋਕਾਂ ਦੇ ਹਿੱਤਾਂ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੰਦੇ ਰਹਿਣਗੇ। ਉਨ੍ਹਾਂ ਤਰੁਣ ਚੁੱਘ ਨਾਲ ਹੋਈ ਇਸ ਮੁਲਾਕਾਤ ਨੂੰ ਪੰਜਾਬ ਦੇ ਅਹਿਮ ਮੁੱਦਿਆਂ ਤੇ ਵਿਚਾਰ ਸਾਂਝੇ ਕਰਨ ਦਾ ਇੱਕ ਸਾਰਥਕ ਮੌਕਾ ਦੱਸਿਆ।