
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਾਜ਼ਿਲਕਾ ਵਿੱਚ ਨਾਮਵਰ ਮਠਿਆਈ ਕਾਰੋਬਾਰੀ ਦੇ ਵੱਖ-ਵੱਖ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਗਈ ਜਾਂਚ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਜਾਰੀ ਹੈ। ਕਾਰੋਬਾਰੀ ਦੇ ਕਈ ਟਿਕਾਣਿਆਂ ’ਤੇ ਇੱਕੋ ਸਮੇਂ ਸ਼ੁਰੂ ਹੋਈ ਇਸ ਕਾਰਵਾਈ ਕਾਰਨ ਸ਼ਹਿਰ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ : ਫਾਜ਼ਿਲਕਾ ਵਿੱਚ ਨਾਮਵਰ ਮਠਿਆਈ ਕਾਰੋਬਾਰੀ ਦੇ ਵੱਖ-ਵੱਖ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਗਈ ਜਾਂਚ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਜਾਰੀ ਹੈ। ਕਾਰੋਬਾਰੀ ਦੇ ਕਈ ਟਿਕਾਣਿਆਂ ’ਤੇ ਇੱਕੋ ਸਮੇਂ ਸ਼ੁਰੂ ਹੋਈ ਇਸ ਕਾਰਵਾਈ ਕਾਰਨ ਸ਼ਹਿਰ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਮਠਿਆਈ ਕਾਰੋਬਾਰੀ ਦੇ ਫਾਜ਼ਿਲਕਾ ਸਥਿਤ ਪ੍ਰਮੁੱਖ ਟਿਕਾਣਿਆਂ ਤੋਂ ਇਲਾਵਾ ਹੋਰ ਥਾਵਾਂ ’ਤੇ ਵੀ ਵਿਭਾਗੀ ਟੀਮਾਂ ਵੱਲੋਂ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰ ਨਾਲ ਸਬੰਧਤ ਵੱਖ-ਵੱਖ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਕਾਰਵਾਈ ਦੌਰਾਨ ਦੁਕਾਨਾਂ ਦੇ ਬਾਹਰ ਸੁਰੱਖਿਆ ਮੁਲਾਜ਼ਮ ਵੀ ਤਾਇਨਾਤ ਰਹੇ। ਇਸ ਦੌਰਾਨ ਆਮ ਗਾਹਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਮੀਡੀਆ ਕਰਮਚਾਰੀਆਂ ਨੂੰ ਵੀ ਕਵਰੇਜ ਤੋਂ ਰੋਕਣ ਦੀ ਜਾਣਕਾਰੀ ਮਿਲੀ ਹੈ।
ਇਸੇ ਦੌਰਾਨ ਫਾਜ਼ਿਲਕਾ ਅਤੇ ਜਲਾਲਾਬਾਦ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਕੁਝ ਕਾਰੋਬਾਰੀ ਟਿਕਾਣਿਆਂ ’ਤੇ ਜਾਂਚ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਦੋਵਾਂ ਕਾਰਵਾਈਆਂ ਦੇ ਆਪਸੀ ਸਬੰਧਾਂ ਬਾਰੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
ਫਿਲਹਾਲ ਇਨਕਮ ਟੈਕਸ ਵਿਭਾਗ ਵੱਲੋਂ ਇਸ ਕਾਰਵਾਈ ਦੇ ਕਾਰਨਾਂ ਜਾਂ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਸਬੰਧੀ ਕੋਈ ਵਿਸਥਾਰਤ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਾਰਵਾਈ ਦੀ ਅਸਲ ਵਜ੍ਹਾ ਅਤੇ ਇਸ ਨਾਲ ਸਬੰਧਤ ਤੱਥ ਸਪੱਸ਼ਟ ਹੋ ਸਕਣਗੇ।