ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਫਾਜ਼ਿਲਕਾ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਫਾਜ਼ਿਲਕਾ, ਸ਼ਾਨ ਨਾਲ ਮਨਾਇਆ ਆਜ਼ਾਦੀ ਦਿਹਾੜਾ
Publish Date: Sun, 16 Aug 2026 03:31 PM (IST)
Updated Date: Sun, 16 Aug 2026 03:32 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਪੂਰੀ ਸ਼ਰਧਾ, ਉਤਸ਼ਾਹ ਅਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਆਈ.ਜੀ. ਪੰਜਾਬ ਪੁਲਿਸ ਬਾਬੂ ਲਾਲ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਆਸਫਵਾਲਾ ਵਿਖੇ ਸ਼ਹੀਦਾਂ ਦੀਆਂ ਸਮਾਧਾਂ ’ਤੇ ਪਹੁੰਚ ਕੇ 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਰੋਹ ਦੌਰਾਨ ਮੁੱਖ ਮਹਿਮਾਨ ਨੇ ਖੁੱਲ੍ਹੀ ਜਿਪਸੀ ਵਿੱਚ ਸਵਾਰ ਹੋ ਕੇ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਗਾਈਡ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਉਪਰੰਤ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੇ ਸਲਾਮੀ ਲਈ। ਆਜ਼ਾਦੀ ਦਿਵਸ ਸਮਾਰੋਹ ਵਿੱਚ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪੰਜਾਬ ਦੇ ਲੋਕ ਨਾਚ ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ ਅਤੇ ਸਮਾਗਮ ਦਾ ਖਿੱਚ ਦਾ ਕੇਂਦਰ ਬਣੀਆਂ। ਇਸ ਮੌਕੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ, ਵੀਲ੍ਹਚੇਅਰਾਂ ਅਤੇ ਟ੍ਰਾਈਸਾਈਕਲਾਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀ ਕੁਰਬਾਨੀਆਂ ਅਤੇ ਸੰਘਰਸ਼ ਸਦਕਾ ਹੀ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਪਵਿੱਤਰ ਦਿਹਾੜੇ ’ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ, ਸਮੂਹ ਸ਼ਹੀਦਾਂ, ਸੂਰਬੀਰਾਂ ਅਤੇ ਆਜ਼ਾਦੀ ਦੀਆਂ ਵੱਖ-ਵੱਖ ਲਹਿਰਾਂ ਵਿੱਚ ਯੋਗਦਾਨ ਪਾਉਣ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ। ਸਮਾਰੋਹ ਦੇ ਅੰਤ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਵਿਦਿਆਰਥੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ। ਇਸ ਮੌਕੇ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਨਸ਼ਾ ਮੁਕਤੀ ਮੋਰਚਾ ਮਾਲਵਾ ਜ਼ੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਅਤੁਲ ਕੰਬੋਜ ਏ.ਡੀ.ਜੇ.-2, ਪਲਮਿੰਦਰਜੀਤ ਕੌਰ ਏ.ਡੀ.ਜੇ., ਅਜੀਤ ਪਾਲ ਸਿੰਘ ਏ.ਡੀ.ਜੇ., ਸੀ.ਜੇ.ਐਮ. ਹਿਮਾਂਸੀ ਗਿਲਹੋਤਰਾ, ਸੀ.ਜੇ.ਐਮ. ਡੀ.ਐੱਲ.ਐੱਸ.ਏ. ਮੈਡਮ ਰੁਚੀ ਸਵਪਨ ਸ਼ਰਮਾ, ਮੈਡਮ ਕੁਲਵਿੰਦਰ ਕੌਰ, ਐੱਸ.ਡੀ.ਐੱਮ. ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ ਅਤੇ ਹਲਕਾ ਇੰਚਾਰਜ ਅਬੋਹਰ ਡਾ. ਸਿਵਾਨੀ ਡੋਡਾ ਵੀ ਹਾਜ਼ਰ ਸਨ।